ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਚੜ੍ਹਦੀ ਕਲਾ ਮੀਡੀਆ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਦਰਦੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਦਰਦੀ ਨੇ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਵੱਡਾ ਮੁਕਾਮ ਹਾਸਲ ਕੀਤਾ ਹੈ ਅਤੇ ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਪਦਮਸ੍ਰੀ ਦੇ ਸਨਮਾਨ ਨਾਲ ਵੀ ਨਿਵਾਜਿਆ ਜਾ ਚੁੱਕਾ ਹੈ।ਦਰਦੀ ਅੱਜ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ, ਜਿਥੇ ਉਨ੍ਹਾਂ ਦਾ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਵਧੀਕ ਮੈਨੇਜਰ ਸਤਨਾਮ ਸਿੰਘ ਰਿਆੜ, ਸੂਚਨਾ ਅਧਿਕਾਰੀਆਂ ਜਸਵਿੰਦਰ ਸਿੰਘ ਜੱਸੀ ਵੱਲੋਂ ਸਨਮਾਨਿਤ ਕੀਤਾ ਗਿਆ।ਇਸੇ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ, ਜਿਥੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਅਤੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਉਨ੍ਹਾਂ ਨੂੰ ਜੀ-ਆਇਆਂ ਕਿਹਾ ਅਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ।ਦਰਦੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਨੁਮਾਇੰਦੀ ਜਥੇਬੰਦੀ ਹੈ।ਉਨ੍ਹਾਂ ਕਿਹਾ ਕਿ ਗੁਰੂ ਘਰ ਵਿਖੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਮਿਲਿਆ ਸਨਮਾਨ ਲਈ ਬਹੁਤ ਵੱਡੀ ਗੱਲ ਹੈ।ਇਸ ਲਈ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਅਧਿਕਾਰੀਆਂ ਦੇ ਧੰਨਵਾਦੀ ਹਨ।
ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਡਾ. ਇੰਦਰਪ੍ਰੀਤ ਕੌਰ ਦਰਦੀ, ਬੀਬੀ ਜਸਵਿੰਦਰ ਕੌਰ ਦਰਦੀ, ਹਰਪ੍ਰੀਤ ਸਿੰਘ ਦਰਦੀ ਵੀ ਮਜ਼ੂਦ ਸਨ।