Friday, May 9, 2025
Breaking News

ਅਮਰੀਕਾ ਦੇ ਚਾਰ ਸੈਨੇਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ) – ਅਮਰੀਕਾ ਦੇ ਚਾਰ ਸੈਨੇਟਰ ਅਤੇ ਇਕ ਪ੍ਰਤੀਨਿਧੀ ਕਾਂਗਰਸ ਮੈਨ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਨ੍ਹਾਂ ਵਿਚ ਨਿਊਯਾਰਕ ਦੀ ਸੈਨੇਟਰ ਕਰਸਟਨ ਗਿੱਲੀਬਰਾਂਡ, ਨਿਊਜਰਸੀ ਦੇ ਸੈਨੇਟਰ ਕੋਰੀ ਬੂਕਰ, ਰੋਡ ਆਈਲੈਂਡ ਦੇ ਸੈਨੇਟਰ ਸ਼ੈਲਡਨ ਵਾਈਟਹਾਊਸ, ਐਰੀਜ਼ੋਨਾ ਦੇ ਸੈਨੇਟਰ ਮਾਰਕ ਕੈਲੀ ਅਤੇ ਪ੍ਰਤੀਨਿਧੀ ਕਾਂਗਰਸ ਮੈਨ ਮੋਨਡੇਅਰ ਜੋਨਸ ਸ਼ਾਮਲ ਸਨ। ਇਸ ਤੋਂ ਇਲਾਵਾ ਇਨ੍ਹਾਂ ਸੈਨੇਟਰਾਂ ਦੇ ਕੁਝ ਪਰਿਵਾਰਕ ਮੈਂਬਰ ਅਤੇ ਦਿੱਲੀ ਸਥਿਤ ਅਮਰੀਕੀ ਦੂਤਾਵਾਸ ਦੇ ਅਧਿਕਾਰੀ ਪੈਟਰੀਸ਼ੀਆ ਲਾਸੀਨਾ ਤੇ ਡੇਨ ਰੋਬਿਨਸ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ।ਅਮਰੀਕੀ ਸੈਨੇਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ ਜਿਥੇ ਉਨ੍ਹਾਂ ਨੂੰ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਲੰਗਰ ਦੀ ਮਰਯਾਦਾ ਬਾਰੇ ਜਾਣਕਾਰੀ ਦਿੱਤੀ।ਇਸੇ ਦੌਰਾਨ ਅਮਰੀਕੀ ਆਗੂਆਂ ਨੂੰ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਵਧੀਕ ਮੈਨੇਜਰ ਸਤਨਾਮ ਸਿੰਘ ਰਿਆੜ ਅਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸਿੱਖ ਧਰਮ ਨਾਲ ਸਬੰਧਤ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
                 ਇਸ ਮੌਕੇ ਨਿਊਯਾਰਕ ਦੀ ਸੈਨੇਟਰ ਕਰਸਟਨ ਗਿੱਲੀਬਰਾਂਡ ਨੇ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਆ ਕੇ ਉਹ ਸਿਰਫ ਪ੍ਰਭਾਵਿਤ ਹੀ ਨਹੀਂ ਹੋਏ ਸਗੋਂ ਵਿਸਮਾਦੀ ਵੀ ਹੋਏ ਹਨ।ਉਨ੍ਹਾਂ ਸਿੱਖ ਭਾਈਚਾਰੇ ਵੱਲੋਂ ਬਿਨ੍ਹਾਂ ਭੇਦਭਾਵ ਦੇ ਲੰਗਰ ਦੀ ਪ੍ਰੰਪਰਾ ਨੂੰ ਵਡਿਆਇਆ ਅਤੇ ਅਮਰੀਕਾ ਵਿਚ ਵੱਸਦੇ ਸਿੱਖਾਂ ਦੇ ਸਮਰਥਨ ਦੀ ਗੱਲ ਵੀ ਆਖੀ।ਉਨ੍ਹਾਂ ਕਿਹਾ ਕਿ ਸਾਨੂੰ ਇਹ ਜਾਣ ਕੇ ਬੇਹੱਦ ਚੰਗਾ ਲੱਗਾ ਹੈ ਕਿ ਇਥੇ ਦੁਨੀਆਂ ਦੇ ਹਰ ਧਰਮ ਦੇ ਲੋਕ ਆ ਕੇ ਆਪਣੀ ਸ਼ਰਧਾ ਪ੍ਰਗਟਾ ਸਕਦੇ ਹਨ।
ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਵਿਧਾਇਕ ਬੀਬੀ ਬਲਜਿੰਦਰ ਕੌਰ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।

Check Also

ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ

ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …