ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਕਰੀਬ ਤਿੰਨ ਦਹਾਕਿਆਂ ਤੋਂ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ.
ਦਵਿੰਦਰਪਾਲ ਸਿੰਘ ਭੁੱਲਰ ਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਸਮੂਹ ਸਿੰਘਾਂ ਦੀ ਰਿਹਾਈ ਲਈ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਸਿੱਖ ਕੌਮ ਦੀ ਖਾਤਰ ਜੇਲ੍ਹਾਂ ਕੱਟਣ ਵਾਲੇ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਤੇ ਪੰਥਕ ਜਥੇਬੰਦੀਆਂ ਵੱਲੋਂ ਚਿਰਾਂ ਤੋਂ ਅਵਾਜ਼ ਉਠਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਨਰਲ ਇਜਲਾਸਾਂ ਦੌਰਾਨ ਵੀ ਇਸ ਸਬੰਧੀ ਮਤੇ ਪਾਸ ਕਰਕੇ ਭਾਰਤ ਸਰਕਾਰ ਨੂੰ ਭੇਜੇ ਜਾਂਦੇ ਰਹੇ ਹਨ, ਪਰੰਤੂ ਕਰੀਬ ਤਿੰਨ ਦਹਾਕੇ ਲੰਘਣ ਬਾਅਦ ਅਤੇ ਭਾਰਤ ਸਰਕਾਰ ਦੇ ਐਲਾਨ ਬਾਅਦ ਵੀ ਅਨੇਕਾਂ ਸਿੰਘ ਦੇਸ਼ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ਚਲੇ ਆ ਰਹੇ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸੇ ਦੌਰਾਨ ਦੱਸਿਆ ਹੈ ਕਿ ਸ਼੍ਰੋਮਣੀ ਕਮੇਟੀ ਹਮੇਸ਼ਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ ਰਹੀ ਹੈ ਅਤੇ ਇਸੇ ਤਹਿਤ ਹੀ ਗੁਰੂ ਸਾਹਿਬ ਦਾ ਓਟ ਆਸਰਾ ਲੈਂਦਿਆਂ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ, ਜਿਸ ਦਾ ਭੋਗ 30 ਅਪ੍ਰੈਲ ਨੂੰ ਪਵੇਗਾ। ਉਨ੍ਹਾਂ ਕਿਹਾ ਕਿ ਭੋਗ ਮਗਰੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਜਾਵੇਗੀ।
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਗੁਰਮੀਤ ਸਿੰਘ ਬੁੱਟਰ, ਮੈਨੇਜਰ ਬਘੇਲ ਸਿੰਘ, ਸੁਖਰਾਜ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media