Friday, August 8, 2025
Breaking News

5ਵੀਂ ਜਮਾਤ ‘ਚ ਪੰਜਾਬ ਵਿਚੋਂ ਦੂਜੇ ਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਦੀ ਘਰ ਜਾ ਕੇ ਕੀਤੀ ਹੌਸਲਾ ਅਫਜ਼ਾਈ

ਸਿੱਖਿਆ ਖੇਤਰ ਵਿਚ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਇਆ ਜਾਵੇਗਾ- ਸਿੱਖਿਆ ਮੰਤਰੀ

ਸੁਲਤਾਨਪੁਰ ਲੋਧੀ, 7 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਸਿੱਖਿਆ ਢਾਂਚੇ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਪਹਿਲੇ ਸਥਾਨ ’ਤੇ ਲੈ ਕੇ ਆਵੇਗੀ।
                  ਉਨ੍ਹਾਂ ਕਿਹਾ ਕਿ ਇਸ ਸਬੰਧੀ ਨਵੀਂ ਸਿੱਖਿਆ ਨੀਤੀ ਲਈ ਕਿਸੇ ਮੁੱਖ ਮੰਤਰੀ ਵਲੋਂ ਪਹਿਲੀ ਵਾਰ ਸਿੱਧੇ ਤੌਰ ’ਤੇ ਅਧਿਆਪਕਾਂ, ਪ੍ਰਿੰਸੀਪਲਾਂ ਤੇ ਵਿਦਿਆਰਥੀਆਂ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੇ ਯੋਗ ਸੁਝਾਆਂ ਨੂੰ ਨੀਤੀ ਨਿਰਮਾਣ ਦਾ ਹਿੱਸਾ ਬਣਾਇਆ ਜਾ ਸਕੇ।
                ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਗੁਣਾਤਮਕ ਤੇ ਰੁਜ਼ਗਾਰਮੁਖੀ ਸਿੱਖਿਆ ਵੱਲ ਸੇਧਿਤ ਹੋਵੇਗੀ।ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਸਰੀਰਕ ਵਿਕਾਸ ਤੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
               ਕੈਬਨਿਟ ਮੰਤਰੀ ਅੱਜ ਇੱਥੇ ਸੁਲਤਾਨਪੁਰ ਲੋਧੀ ਨੇੜੇ ਪਿੰਡ ਡੱਲਾ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ 100 ਫੀਸਦੀ ਅੰਕ ਹਾਸਿਲ ਕਰਕੇ ਦੂਜੇ ਤੇ ਤੀਜੇ ਸਥਾਨ ’ਤੇ ਆਏ ਸਰਕਾਰੀ ਐਲੀਮੈਂਟਰੀ ਸਕੂਲ ਡੱਲਾ ਦੇ ਵਿਦਿਆਰਥੀਆਂ ਸਹਿਜਪ੍ਰੀਤ ਸਿੰਘ ਤੇ ਰਾਜਵੀਰ ਮੋਮੀ ਨੂੰ ਹੱਲਾਸ਼ੇਰੀ ਦੇਣ ਉਨ੍ਹਾਂ ਦੇ ਘਰ ਪਹੁੰਚੇ ਸਨ।
                 ਸਕੂਲਾਂ ਵਿਚ ਅਧਿਆਪਕਾਂ ਦੀ ਭਰਤੀ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਭਗ 4000 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਨੂੰ ਜਲਦ ਮੁਕੰਮਲ ਕਰਕੇ ਸਟਾਫ ਦੀ ਕਮੀ ਨੂੰ ਪੂਰਾ ਕੀਤਾ ਜਾਵੇਗਾ।ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਅਧਿਆਪਕਾਂ ਦੀਆਂ ਪੂਰੀ ਤਰ੍ਹਾਂ ਆਨਲਾਇਨ ਵਿਧੀ ਰਾਹੀਂ ਬਿਨਾਂ ਕਿਸੇ ਸਿਫਾਰਸ਼ ਤੋਂ ਯੋਗਤਾ ਦੇ ਆਧਾਰ ’ਤੇ ਕੀਤੀਆਂ ਜਾਣਗੀਆਂ।
               ਉਨ੍ਹਾਂ ਬੱਚਿਆਂ ਰਾਜਵੀਰ ਮੋਮੀ ਤੇ ਸਹਿਜਪ੍ਰੀਤ ਸਿੰਘ ਦੇ ਘਰ ਜਾ ਕੇ ਪਰਿਵਾਰਕ ਮੈਂਬਰਾਂ ਨੂੰ ਵੀ ਮੁਬਾਰਕਬਾਦ ਦਿੱਤੀ ਤੇ ਬੱਚਿਆਂ ਦੇ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਕੈਬਨਿਟ ਮੰਤਰੀ ਵਲੋਂ ਬੱਚਿਆਂ ਨੂੰ ਫਲਾਂ ਦੀਆਂ ਟੋਕਰੀਆਂ ਵੀ ਦਿੱਤੀਆਂ ਗਈਆਂ।
               ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਪਹਿਲੇ ਤਿੰਨ ਸਥਾਨਾਂ ’ਤੇ ਆਉਣ ਵਾਲੇ ਬੱਚਿਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਜਾਵੇਗਾ।ਜਿਸ ਲਈ ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਸੱਦਾ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤਾ।
              ਉਨ੍ਹਾਂ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਯਕੀਨ ਦਿਵਾਇਆ ਕਿ ਬੱਚਿਆਂ ਦੇ ਭਵਿੱਖੀ ਸੁਪਨਿਆਂ ਦੀ ਪੂਰਤੀ ਲਈ ਪੰਜਾਬ ਸਰਕਾਰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।
              ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸ.ਐਸ.ਪੀ ਰਾਜਬਚਨ ਸਿੰਘ ਸੰਧੂ, ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ਼ ਸੱਜਣ ਸਿੰਘ ਚੀਮਾ, ਸ਼ਾਹਕੋਟ ਤੋਂ ਪਾਰਟੀ ਆਗੂ ਰਤਨ ਸਿੰਘ, ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਦਾਨ ਗੁਰਪਾਲ ਸਿੰਘ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ।
                ਪੰਜਾਬ ਪੁਲਿਸ ਦੀ ਇਕ ਟੁੱਕੜੀ ਵਲੋਂ ਕੈਬਨਿਟ ਮੰਤਰੀ ਨੂੰ ਪਹਿਲੀ ਵਾਰ ਕਪੂਰਥਲਾ ਜਿਲ੍ਹੇ ਵਿੱਚ ਆਉਣ ’ਤੇ ਗਾਰਡ ਆਫ ਆਨਰ ਵੀ ਪੇਸ਼ ਕੀਤਾ ਗਿਆ।
ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਰਾਮਪਾਲ ਸਿੰਘ, ਉਪ ਜਿਲ੍ਹਾ ਸਿਖਿਆ ਅਫਸਰ ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …