Sunday, April 26, 2026

ਕੈਬਨਿਟ ਮੰਤਰੀ ਧਾਲੀਵਾਲ ਨੇ ਸ੍ਰੀ ਵਾਲਮੀਕਿ ਤੀਰਥ ਵਿਖੇ ਵਾਟਰ ਫਿਲਟਰੇਸ਼ਨ ਪਲਾਂਟ ਦਾ ਕੀਤਾ ਉਦਘਾਟਨ

4.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਵਾਟਰ ਫਿਲਟਰੇਸ਼ਨ ਪਲਾਂਟ

ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਸ੍ਰੀ ਵਾਲਮੀਕਿ ਤੀਰਥ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਅਤੇ ਪੰਚਾਇਤਾਂ, ਪਸ਼ੂ ਪਾਲਣ ਅਤੇ ਮੱਛੀ ਪਾਲਣ ਮੰਤਰੀ ਪੰਜਾਬ ਨੇ ਸ੍ਰੀ ਵਾਲਮੀਕਿ ਤੀਰਥ ਵਿਖੇ 4.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਪਾਵਨ ਪਵਿੱਤਰ ਸਰੋਵਰ ਵਾਟਰ ਫਿਲਟਰੇਸ਼ਨ ਪਲਾਂਟ ਦਾ ਉਦਘਾਟਨ ਕਰਨ ਸਮੇਂ ਕੀਤਾ।
              ਧਾਲੀਵਾਲ ਨੇ ਕਿਹਾ ਕਿ ਸਮੁੱਚੇ ਵਾਲਮੀਕਿ ਸਮਾਜ ਦੀਆਂ ਆਸਥਾਵਾਂ ਇਸ ਤੀਰਥ ਨਾਲ ਜੁੜੀਆਂ ਹੋਈਆਂ ਹਨ ਅਤੇ ਇਸ ਦੇ ਵਿਕਾਸ ਕਾਰਜ਼ਾਂ ਵਿੱਚ ਕੋਈ ਵੀ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਇਸ ਵਾਟਰ ਫਿਲਟਰੇਸ਼ਨ ਪਲਾਂਟ ਦੇ ਚਾਲੂ ਹੋਣ ਨਾਲ ਆਈਆਂ ਹੋਈਆਂ ਸੰਗਤਾਂ ਨੂੰ ਸਾਫ਼ ਸੁਥਰਾ ਪਾਣੀ ਮੁਹੱਈਆ ਹੋਵੇਗਾ।
             ਇਸ ਤੋਂ ਪਹਿਲਾਂ ਧਾਲੀਵਾਲ ਸ੍ਰੀ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਏ, ਜਿਥੇ ਉਨਾਂ ਨੂੰ ਸ੍ਰੀ ਵਾਲਮੀਕਿ ਤੀਰਥ ਸਰਾਇਨ ਬੋਰਡ ਦੇ ਮੈਂਬਰਾਂ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਧਾਲੀਵਾਲ ਨੇ ਕਿਹਾ ਕਿ ਉਹ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਸ੍ਰੀ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਣ ਆਏ ਹਨ ਅਤੇ ਉਨਾਂ ਨੂੰ ਇਸ ਮੌਕੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਨਾਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਨਾਲ ਇਸ ਤੀਰਥ ਦਾ ਹੋਰ ਸੁੰਦਰੀਕਰਨ ਕਰਨ ਲਈ ਗੱਲਬਾਤ ਕਰਨਗੇ।
             ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਆਪ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ।ਉਨਾਂ ਪ੍ਰੈਸ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਨਸ਼ਿਆਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਈ ਜਾਵੇਗੀ ਅਤੇ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।
                  ਇਸ ਮੌਕੇ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਐਸ.ਐਸ.ਪੀ ਦਿਹਾਤੀ ਸਵਰਨਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ, ਜਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਇਕਬਾਲਜੀਤ ਸਿੰਘ, ਆਮ ਆਦਮੀ ਪਾਰਟੀ ਦੇ ਜਿਲ੍ਹਾ ਕੋਆਰਡੀਨੇਟਰ ਰਵਿੰਦਰ ਕੁਮਾਰ ਹੰਸ, ਕੁਮਾਰ ਦਰਸ਼ਨ, ਓਮ ਪ੍ਰਕਾਸ਼ ਗੱਬਰ, ਜਨਰਲ ਮੈਨੇਜਰ ਪਵਿੰਦਰ ਕੁਮਾਰ, ਓਮ ਪ੍ਰਕਾਸ਼ ਅਨਾਰਿਆ ਤੋਂ ਇਲਾਵਾ ਵੱਡੀ ਗਿਣਤੀ ਵੀ ਸੰਗਤਾਂ ਹਾਜ਼ਰ ਸਨ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …