Monday, December 23, 2024

ਸ਼੍ਰੋਮਣੀ ਕਮੇਟੀ ਵੱਲੋਂ ਸੱਦੀ ਪੰਥਕ ਇਕੱਤਰਤਾ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਂਝਾ ਸੰਘਰਸ਼ ਵਿੱਢਣ ਦਾ ਫੈਸਲਾ

ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਹੋਰਨਾਂ ਨੂੰ ਮਿਲੇਗਾ ਸਾਂਝਾ ਵਫ਼ਦ – ਧਾਮੀ

ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸੱਦੇ ਗਏ ਪੰਥਕ ਇਕੱਠ ਦੌਰਾਨ ਸਮੁੱਚੀਆਂ ਜਥੇਬੰਦੀਆਂ ਅਤੇ ਪੰਥ ਦਰਦੀਆਂ ਵੱਲੋਂ ਇਕਜੁਟਤਾ ਨਾਲ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਗਿਆ।ਇਹ ਇਕੱਤਰਤਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਤਹਿਤ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ।ਇਸ ਪੰਥਕ ਇਕੱਠ ਵਿਚ ਸਿੱਖ ਕੌਮ ਦੀਆਂ ਵੱਖ-ਵੱਖ ਧਾਰਮਿਕ, ਰਾਜਸੀ ਤੇ ਸਮਾਜਿਕ ਜਥੇਬੰਦੀਆਂ ਨੇ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾਣ ਵਾਲੇ ਭਵਿੱਖੀ ਯਤਨਾਂ ਅਤੇ ਆਰੰਭੇ ਜਾਣ ਵਾਲੇ ਹਰ ਸੰਘਰਸ਼ ਦਾ ਮੋਹਰੀ ਤੌਰ ’ਤੇ ਸਾਥ ਦੇਣ ਦੀ ਵਚਨਬੱਧਤਾ ਪ੍ਰਗਟਾਈ।
               ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਤਿੰਨ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਅਨੁਸਾਰ ਇਕ ਸਾਂਝੀ ਕਮੇਟੀ ਸਥਾਪਤ ਕਰਨ, ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਸਮੇਤ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਰਾਜਪਾਲਾਂ ਨੂੰ ਮਿਲਣ ਅਤੇ ਲੋੜ ਪੈਣ ’ਤੇ ਕਰੜਾ ਸੰਘਰਸ਼ ਵਿੱਢਣ ’ਤੇ ਸਹਿਮਤੀ ਪ੍ਰਗਟ ਕੀਤੀ ਗਈ।ਇਸ ਦੇ ਨਾਲ ਹੀ ਦੇਸ਼ ਦੀ ਪਾਰਲੀਮੈਂਟ ਦੇ ਸਿੱਖ ਮੈਂਬਰਾਂ ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਣ ਨੂੰ ਪਾਰਲੀਮੈਂਟ ਦੇ ਦੋਹਾਂ ਸਦਨਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਅਵਾਜ਼ ਬੁਲੰਦ ਕਰਨ ਅਤੇ ਮਨੁੱਖੀ ਅਧਿਕਾਰਾਂ ਦੀ ਗੱਲ ਕਰਨ ਵਾਲੇ ਪਾਰਲੀਮੈਂਟ ਦੇ ਹੋਰ ਮੈਂਬਰਾਂ ਨੂੰ ਵੀ ਇਸ ਮਾਮਲੇ ਵਿਚ ਆਪਣੇ ਨਾਲ ਲੈਣ ਦੀ ਅਪੀਲ ਕੀਤੀ ਗਈ।
              ਇਕੱਤਰਤਾ ਦੌਰਾਨ ਅਗਲੀ ਰੂਪ ਰੇਖਾ ਲਈ ਕਮੇਟੀ ਸਥਾਪਤ ਕਰਨ ਦੇ ਅਧਿਕਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇ ਗਏ।ਜਿਸ ’ਤੇ ਆਪਣੇ ਸੰਬੋਧਨ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਜਲਦ ਹੀ ਇਹ ਕਮੇਟੀ ਗਠਤ ਕਰ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਬਣਾਈ ਜਾਣ ਵਾਲੀ ਕਮੇਟੀ ਵਿਚ ਸਾਰੀਆਂ ਧਿਰਾਂ ਦੇ ਮੈਂਬਰ ਸ਼ਾਮਲ ਹੋਣਗੇ।ਐਡਵੋਕੇਟ ਧਾਮੀ ਨੇ ਆਖਿਆ ਕਿ ਭਾਵੇਂ ਚਿਰਾਂ ਤੋਂ ਸਿੱਖ ਪੰਥ ਦੀਆਂ ਪ੍ਰਤੀਨਿਧ ਵੱਖ-ਵੱਖ ਜਥੇਬੰਦੀਆਂ ਅਤੇ ਪੰਥ ਦਰਦੀ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕਰ ਰਹੇ ਹਨ, ਪਰੰਤੂ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਾਂਝੇ ਰੂਪ ਵਿਚ ਯਤਨ ਅੱਗੇ ਵਧਾਏ ਜਾਣਗੇ।ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਸਿੱਖਾਂ ਨਾਲ ਹਮੇਸ਼ਾ ਹੀ ਧੱਕਾ ਕੀਤਾ ਜਾਂਦਾ ਰਿਹਾ ਹੈ ਅਤੇ ਆਪਣੀਆਂ ਸਜ਼ਾਵਾਂ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਬਿਤਾਅ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਕੇ ਧੱਕੇ ਦੀ ਸਿਖਰ ਕੀਤੀ ਜਾ ਰਹੀ ਹੈ।ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਜੇਲ੍ਹਾਂ ਵਿਚ ਬੰਦ ਸਿੱਖ ਕੈਦੀ ਆਪਣੀ ਜਾਤੀ ਲੜਾਈ ਲਈ ਨਹੀਂ, ਸਗੋਂ ਕੌਮੀ ਯੁੱਧ ਕਾਰਨ ਜੇਲ੍ਹਾਂ ਵਿਚ ਬੰਦ ਹਨ।ਸਰਕਾਰਾਂ ਨੂੰ ਸਮਝਣਾ ਚਾਹੀਦਾ ਹੈ ਕਿ ਇਨ੍ਹਾਂ ਸਿੰਘਾਂ ਵੱਲੋਂ ਲਿਆ ਗਿਆ ਫੈਸਲਾ ਸਿੱਖਾਂ ਦੇ ਗੁਰਧਾਮਾਂ ਅਤੇ ਕੌਮ ਦੀ ਅਣਖ ’ਤੇ ਕੀਤੇ ਗਏ ਹਮਲਿਆਂ ਵਿੱਚੋਂ ਨਿਕਲਿਆ ਸੀ, ਇਸ ਲਈ ਬਿਨਾਂ ਸ਼ਰਤ ਬੰਦੀ ਸਿੰਘ ਤੁਰੰਤ ਰਿਹਾਅ ਕੀਤੇ ਜਾਣ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …