Tuesday, April 14, 2026

ਗੁਰੂ ਨਾਨਕ ਦੇਵ ਹਸਪਤਾਲ ‘ਚ ਅੱਗ ਲੱਗਣ ਦੇ ਕਾਰਨਾਂ ਦੀ ਹੋਵੇਗੀ ਜਾਂਚ – ਈ.ਟੀ.ਓ

ਹਸਪਤਾਲ ਵਿੱਚ ‘ਕੰਪੈਕਟ ਸਬ ਸਟੇਸ਼ਨ’ ਲਗਾਉਣ ਦੀ ਕੀਤੀ ਹਦਾਇਤ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਖੇ ਬਿਜਲੀ ਦੇ ਪੁਰਾਣੇ ਟਰਾਂਸਫਾਰਮਰ ਤੋਂ ਲੀਕ ਹੋਏ ਤੇਲ ਕਾਰਨ ਲੱਗੀ ਭਿਆਨਕ ਅੱਗ ਦੀ ਖਬਰ ਸੁਣਦੇ ਹੀ ਬਿਜਲੀ ਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਮੌਕੇ ‘ਤੇ ਪੁੱਜੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ।ਉਨਾਂ ਜਿੱਥੇ ਅੱਗ ਨਾਲ ਪ੍ਰਭਾਵਿਤ ਹੋਏ ਲੋਕਾਂ ਦਾ ਹਾਲ-ਚਾਲ ਪੁੱਛਿਆ ਤੇ ਅੱਗ ਬੁਝਾਉਣ ਵਿੱਚ ਲੱਗੇ ਅੱਗ ਬੁਝਾਊ ਦਸਤੇ ਦੀ ਹੌਸਲਾ ਅਫਜ਼ਾਈ ਕੀਤੀ, ਉਥੇ ਅੱਗ ਲੱਗਣ ਦੇ ਕਾਰਨਾਂ ਦੀ ਤਹਿ ਤੱਕ ਜਾਣ ਦੀ ਹਦਾਇਤ ਵੀ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕੀਤੀ।ਦੱਸਣਯੋਗ ਹੈ ਕਿ ਅੱਗ ਨੇ ਭਾਵੇਂ ਗਰਮੀ ਕਾਰਨ ਬਹੁਤ ਛੇਤੀ ਇਮਾਰਤ ਨੂੰ ਆਪਣੇ ਕਲਾਵੇ ਵਿਚ ਲੈ ਲਿਆ ਸੀ, ਪਰ ਪ੍ਰਬੰਧਕੀ ਅਮਲੇ ਵਲੋਂ ਵਿਖਾਈ ਗਈ ਫੁਰਤੀ ਕਾਰਨ ਸਾਰੇ ਲੋਕਾਂ ਨੂੰ ਇਮਾਰਤ ਵਿਚੋਂ ਸੁਰੱਖਿਅਤ ਕੱਢ ਲਿਆ ਗਿਆ, ਜਿਸ ਕਾਰਨ ਵੱਡਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।
                  ਘਟਨਾ ਸਥਾਨ ‘ਤੇ ਪੁੱਜੇ ਕੈਬਨਿਟ ਮੰਤਰੀ ਈ.ਟੀ.ਓ ਨੇ ਕਿਹਾ ਕਿ ਇਸ ਘਟਨਾ ਲਈ ਜਿੰਮੇਵਾਰ ਅਧਿਕਾਰੀ ਜਾਂ ਕਰਮਚਾਰੀ ਬਖਸ਼ੇ ਨਹੀਂ ਜਾਣਗੇ।ਉਨਾਂ ਕਿਹਾ ਕਿ ਭਾਵੇਂ ਮੋਟੇ ਤੌਰ ‘ਤੇ ਇਹ ਅੱਗ ਬਿਜਲੀ ਦੇ ਪੁਰਾਣੇ ਟਰਾਂਸਫਾਰਮ ਤੋਂ ਲੀਕ ਹੋਏ ਤੇਲ ਨਾਲ ਲੱਗੀ ਪ੍ਰਤੀਤ ਹੁੰਦੀ ਹੈ, ਪਰ ਇਸ ਘਟਨਾ ਦੀ ਜਾਂਚ ਕੀਤੀ ਜਾਵੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਜਿਥੇ ਹਜ਼ਾਰਾਂ ਲੋਕਾਂ ਦਾ ਰੋਜ਼ਾਨਾ ਇਲਾਜ ਕਰਦਾ ਹੈ, ਉਥੇ ਇਸ ਮੈਡੀਕਲ ਕਾਲਜ ਵਿਚ ਸਾਡੇ ਭਵਿੱਖ ਦੇ ਡਾਕਟਰ ਪੜਾਈ ਕਰ ਰਹੇ ਹਨ।ਸੋ ਕਿਸੇ ਵੀ ਹਾਲਤ ਵਿਚ ਹਸਪਤਾਲ ਦੀ ਸੁਰੱਖਿਆ ਨੂੰ ਖ਼ਤਰੇ ਵਿਚ ਨਹੀਂ ਪਾਇਆ ਜਾ ਸਕਦਾ।ਉਨਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਅੱਗ ਬੁਝਣ ਤੋਂ ਬਾਅਦ ਹਸਪਤਾਲ ਦੀ ਬਿਜਲੀ ਸਪਲਾਈ ਆਮ ਵਾਂਗ ਚਾਲੂ ਕਰਨ ਦੀ ਹਦਾਇਤ ਵੀ ਕੀਤੀ।ਅਧਿਕਾਰੀਆਂ ਨਾਲ ਵਿਚਾਰ-ਚਰਚਾ ਤੋਂ ਬਾਅਦ ਕੈਬਨਿਟ ਮੰਤਰੀ ਨੇ ਕਿਹਾ ਕਿ ਹਸਪਤਾਲ ਦੀ ਬਿਜਲੀ ਲੋੜ ਪੂਰੀ ਕਰਨ ਲਈ ਛੇਤੀ ਹੀ ਇਥੇ ‘ਕੰਪੈਕਸ ਸਬ ਸਟੇਸ਼ਨ’ ਲਗਾਇਆ ਜਾਵੇ।

Check Also

ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …