24 ਯ 7 ਸੇਵਾ ਵਾਲੇ ਹੈਲਪਲਾਈਨ ਨੰਬਰ 96464-22212 ’ਤੇ ਕਾਲ, ਮੈਸੇਜ ਜਾਂ ਵਟਸਐਪ ਰਾਹੀਂ ਭੇਜੀ ਜਾ ਸਕੇਗੀ ਸੂਚਨਾ- ਜਤਿੰਦਰ ਜੋਰਵਾਲ
ਸੰਗਰੂਰ, 19 ਮਈ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੂਬੇ ’ਚ ਪੰਚਾਇਤੀ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ
ਲਈ ਵਿੱਢੀ ਮੁਹਿੰਮ ਨੂੰ ਉਨਾਂ ਦੇ ਜੱਦੀ ਜ਼ਿਲੇ ਸੰਗਰੂਰ ’ਚ ਹੁਲਾਰਾ ਦਿੰਦਿਆਂ ਜ਼ਿਲਾ ਪ੍ਰਸ਼ਾਸਨ ਵਲੋਂ ਆਮ ਲੋਕਾਂ ਨੂੰ ਨਜਾਇਜ਼ ਕਬਜ਼ਿਆਂ ਵਿਰੁੱਧ ਡਟਣ ਦੀ ਅਪੀਲ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਆਮ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਨਾਲ ਜੋੜਨ ਲਈ ਜ਼ਿਲਾ ਪ੍ਰਸ਼ਾਸਨ ਵਲੋਂ 24 ਯ 7 ਸਮੇਂ ਕਾਰਜਸ਼ੀਲ ਰਹਿਣ ਵਾਲਾ ਇੱਕ ਹੈਲਪਲਾਈਨ ਨੰਬਰ, 96464-22212, ਜਾਰੀ ਕੀਤਾ ਗਿਆ ਹੈ।ਜਿਸ ’ਤੇ ਸੰਪਰਕ ਕਰਕੇ ਕੋਈ ਵੀ ਵਿਅਕਤੀ ਸੰਗਰੂਰ ਜ਼ਿਲੇ ਦੀ ਹਦੂਦ ਅੰਦਰ ਕਿਸੇ ਵੀ ਪੰਚਾਇਤੀ ਜ਼ਮੀਨ ’ਤੇ ਕਿਸੇ ਵੀ ਸ਼ਰਾਰਤੀ ਅਨਸਰ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਬਾਰੇ ਸੂਚਨਾ ਦੇ ਸਕਦਾ ਹੈ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਸ ਹੈਲਪਲਾਈਨ ਨੰਬਰ ’ਤੇ ਜਾਣਕਾਰੀ ਕਿਸੇ ਵੀ ਰੂਪ ਵਿੱਚ ਜਿਵੇਂ ਕਾਲ, ਮੈਸੇਜ ਜਾਂ ਵਟਸਐਪ ਜ਼ਰੀਏ ਸਾਂਝੀ ਕੀਤੀ ਜਾ ਸਕੇਗੀ।ਜਿਸ ’ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਤਰਜ਼ੀਹੀ ਆਧਾਰ ’ਤੇ ਬਣਦੀ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇਗੀ।ਡਿਪਟੀ ਕਮਿਸ਼ਨਰ ਨੇ ਇਹ ਵੀ ਭਰੋਸਾ ਦਿੱਤਾ ਕਿ ਇਸ ਤਰਾਂ ਦੀ ਕੋਈ ਵੀ ਜਾਣਕਾਰੀ ਸਾਂਝੀ ਕਰਨ ਵਾਲੇ ਹਰ ਵਿਅਕਤੀ ਦੀ ਪਛਾਣ ਹਰ ਪਖੋਂ ਗੁਪਤ ਰੱਖੀ ਜਾਵੇਗੀ।ਉਨਾਂ ਕਿਹਾ ਕਿ ਇੱਕ ਵਾਰ ਜਾਣਕਾਰੀ ਮਿਲਣ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਵਲੋਂ ਸਭ ਤੋਂ ਪਹਿਲਾਂ ਜ਼ਮੀਨ ਦੇ ਰਿਕਾਰਡ ਅਤੇ ਮੌਜ਼ੂਦਾ ਸਥਿਤੀ ਦੀ ਜਾਂਚ ਕਰਵਾਈ ਜਾਵੇਗੀ ਅਤੇ ਨਾਜਾਇਜ਼ ਕਬਜ਼ੇ ਦੀ ਪੁਸ਼ਟੀ ਹੋਣ ਤੋਂ ਬਾਅਦ ਲੋੜੀਂਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਡੀ.ਸੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਵਲੋਂ 31 ਮਈ ਤੱਕ ਪੰਚਾਇਤੀ ਜ਼ਮੀਨਾਂ ’ਤੇ ਨਜਾਇਜ਼ ਕਾਬਜ਼ਕਾਰਾਂ ਨੂੰ ਨਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਸਪੁੱਰਦ ਕਰਨ ਦੀ ਅਪੀਲ ਕੀਤੀ ਗਈ ਹੈ ਅਤੇ ਇਸ ਮੁਹਿੰਮ ਤਹਿਤ ਸੰਗਰੂਰ ਜ਼ਿਲੇ ’ਚ ਵੀ ਵੱਡੀ ਗਿਣਤੀ ’ਚ ਲੋਕਾਂ ਨੇ ਪੰਚਾਇਤੀ ਜ਼ਮੀਨਾਂ ਸਰਕਾਰੀ ਮਹਿਕਮਿਆਂ ਦੇ ਸਪੁੱਰਦ ਕਰ ਦਿੱਤੀਆਂ ਹਨ।ਉਨਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸੰਗਰੂਰ ਜ਼ਿਲੇ ਵਿੱਚ ਕਿਸੇ ਵੀ ਨਾਜਾਇਜ਼ ਕਾਬਜ਼ਕਾਰ ਵਲੋਂ 31 ਮਈ ਤੱਕ ਪੰਚਾਇਤੀ ਜ਼ਮੀਨ ਦੀ ਸਪੁੱਰਦਗੀ ਜ਼ਿਲਾ ਪ੍ਰਸ਼ਾਸਨ ਨੂੰ ਨਾ ਦਿੱਤੀ ਤਾਂ ਨਿਰਧਾਰਿਤ ਸਮੇਂ ਤੋਂ ਬਾਅਦ ਸਬੰਧਤ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਵੀ ਹਾਜ਼ਰ ਸਨ।
Punjab Post Daily Online Newspaper & Print Media