ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਮੁੱਖ ਮੰਤਰੀਆਂ ਤੋਂ ਮੁਲਾਕਾਤ ਲਈ ਮੰਗਿਆ ਸਮਾਂ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ 11 ਮੈਂਬਰੀ ਸਾਂਝੀ ਪੰਥਕ ਕਮੇਟੀ ਦੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ।ਦੇਸ਼ ਦੇ ਪ੍ਰਧਾਨ ਮੰਤਰੀ ’ਤੇ ਗ੍ਰਹਿ ਮੰਤਰੀ ਸਮੇਤ ਹੋਰਾਂ ਨੂੰ ਮਿਲਣ ਦਾ ਫੈਸਲਾ 11 ਮੈਂਬਰੀ ਕਮੇਟੀ ਦੀ ਬੀਤੇ ਦਿਨੀ ਹੋਈ ਪਲੇਠੀ ਇਕੱਤਰਤਾ ਵਿਚ ਲਿਆ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸਾਂਝੀ ਕਮੇਟੀ ਦੇ ਫੈਸਲੇ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਰਨਾਟਕਾ ਦੇ ਮੁੱਖ ਮੰਤਰੀ ਬਸਾਵਾਰਾਜ ਬੋਮਈ ਨੂੰ ਪੱਤਰ ਲਿੱਖ ਕੇ ਜਲਦ ਸਮਾਂ ਦੇਣ ਲਈ ਆਖਿਆ ਹੈ।
ਇਸੇ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਵਿਚਾਰਨ ਲਈ ਸਮਾਂ ਮਿਲਣ ’ਤੇ 11 ਮੈਂਬਰੀ ਕਮੇਟੀ ਦੇ ਸਾਰੇ ਮੈਂਬਰ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਸਮੇਤ ਦਿੱਲੀ ਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਮਿਲਣਗੇ।ਉਨ੍ਹਾਂ ਕਿਹਾ ਕਿ ਸਮਾਂ ਲੈਣ ਲਈ ਭੇਜੇ ਪੱਤਰ ਨਾਲ 11 ਮੈਂਬਰਾਂ ਦੀ ਸੂਚੀ ਵੀ ਭੇਜੀ ਗਈ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ 15 ਦਿਨਾ ਦੇ ਅੰਦਰ ਸਮੇਂ ਦੀ ਮੰਗ ਕੀਤੀ ਹੈ ਜਦਕਿ ਦਿੱਲੀ ਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਜਲਦ ਤੋਂ ਜਲਦ ਮੁਲਾਕਾਤ ਦੀ ਹਾਮੀ ਭਰਨ ਲਈ ਲਿਖਿਆ ਗਿਆ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media