ਅੰਮ੍ਰਿਤਸਰ, 25 ਮਈ (ਜਗਦੀਪ ਸਿੰਘ ਸੱਗੂ) – ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸਬੰਧੀ ਯਤਨ ਆਰੰਭੇ ਗਏ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਰਾਹੀਂ ਚਲਾਏ ਜਾਂਦੇ ਗੁਰਮਤਿ ਸੰਗੀਤ ਵਿਦਿਆਲਿਆਂ ਅਤੇ ਮਿਸ਼ਨਰੀ ਕਾਲਜ਼ਾਂ ਵਿੱਚ ਕੀਰਤਨ ਸਿਖਲਾਈ ਲੈਣ ਵਾਲੇ ਵਿਦਿਆਰਥੀਆਂ ਨੂੰ ਤੰਤੀ ਸਾਜ਼ਾਂ ਦਾ ਅਭਿਆਸ ਲਾਜ਼ਮੀ ਕਰਨ ਲਈ ਆਖਿਆ ਹੈ।
ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ 3 ਮਈ 2022 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਇੱਕ ਗੁਰਮਤਾ ਕਰਕੇ ਸ਼੍ਰੋਮਣੀ ਕਮੇਟੀ ਨੂੰ ਭੇਜਿਆ ਗਿਆ ਹੈ, ਜਿਸ ਵਿਚ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 3 ਸਾਲ ਦੇ ਸਮੇਂ ਅੰਦਰ ਕੀਰਤਨ ਦੌਰਾਨ ਤੰਤੀ ਸਾਜ਼ ਲਾਗੂ ਕਰਨ ਦਾ ਆਦੇਸ਼ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਰਾਗੀ ਜਥਿਆਂ ਨੂੰ ਵੀ ਤੰਤੀ ਸਾਜ਼ਾਂ ਦਾ ਅਭਿਆਸ ਕਰਨ ਦੀ ਅਪੀਲ ਕੀਤੀ ਗਈ ਹੈ ਅਤੇ ਇਸ ਤੋਂ ਇਲਾਵਾ ਨਵੇਂ ਰਾਗੀ ਜਥੇ ਤਿਆਰ ਕਰਨ ਸਮੇਂ ਗੁਰਮਤਿ ਮਿਸ਼ਨਰੀ ਕਾਲਜਾਂ ਅਤੇ ਗੁਰਮਤਿ ਸੰਗੀਤ ਵਿਦਿਆਲਿਆਂ ਵਿਚ ਤੰਤੀ ਸਾਜ਼ਾਂ ਦੇ ਅਧਿਆਪਕਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ।ਰਮਦਾਸ ਨੇ ਦੱਸਿਆ ਕਿ ਮੌਜ਼ੂਦਾ ਸਮੇਂ ਸ਼੍ਰੋਮਣੀ ਕਮੇਟੀ ਕੋਲ ਤੰਤੀ ਸਾਜ਼ਾਂ ਨਾਲ ਕੀਰਤਨ ਕਰਨ ਵਾਲੇ ਕੁੱਝ ਜਥੇ ਪਹਿਲਾਂ ਹੀ ਮੌਜ਼ੂਦ ਹਨ ਅਤੇ ਭਵਿੱਖ ਵਿੱਚ ਇਸ ਦਾ ਵਿਸਥਾਰ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਤੰਤੀ ਸਾਜ਼ ਵਾਦਕ ਰਾਗੀ ਜਥਿਆਂ ਨਾਲ ਸੇਵਾ ਨਿਭਾਉਂਦੇ ਆ ਰਹੇ ਹਨ, ਪ੍ਰੰਤੂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਨੂੰ ਸੰਜ਼ੀਦਗੀ ਨਾਲ ਲੈਂਦਿਆਂ ਭਵਿੱਖ ਵਿੱਚ ਤੰਤੀ ਸਾਜ਼ਾਂ ਨੂੰ ਕੀਰਤਨ ਸਮੇਂ ਤਰਜ਼ੀਹੀ ਤੌਰ ’ਤੇ ਲਾਗੂ ਕਰਨ ਲਈ ਕਿਹਾ ਹੈ।
Check Also
ਇੰਸਟੀਚਿਊਟ ਫਾਰ ਦ ਬਲਾਈਂਡ ਨੇ 102 ਸਾਲਾ ਸਥਾਪਨਾ ਦਿਵਸ ਮਨਾਇਆ
ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਨੇਤਰਹੀਣਾਂ ਦੀ ਸੇਵਾ ਲਈ ਸੰਸਥਾ ਦੀ ਕੀਤੀ ਸ਼ਲਾਘਾ …