Tuesday, June 17, 2025
Breaking News

ਦਮਦਮੀ ਟਕਸਾਲ ਵਲੋਂ ਘੱਲੂਘਾਰੇ ਦੇ 38ਵੀਂ ਸ਼ਹੀਦੀ ਸਮਾਗਮ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ

ਦਮਦਮੀ ਟਕਸਾਲ ਦੇ ਹੈਡ ਕੁਆਟਰ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਨੇ ਭਰੀ ਹਾਜ਼ਰੀ

ਮਹਿਤਾ ਚੌਕ, 6 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ `84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 38ਵਾਂ ਮਹਾਨ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈਡ ਕੁਆਰਟਰ ਗੁਰਦੁਆਰਾ ਗੁਰ ਦਰਸ਼ਨ ਪ੍ਰਕਾਸ਼ ਵਿਖੇ ਆਯੋਜਿਤ ਕੀਤਾ ਗਿਆ।ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਯੋਗ ਅਗਵਾਈ ਵਿੱਚ ਹੋਏ ਸਮਾਗਮ ਵਿੱਚ ਧਾਰਮਿਕ ਅਤੇ ਸਿਆਸੀ ਸ਼ਖ਼ਸ਼ੀਅਤਾਂ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
                     ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਸਿੱਖ ਕੌਮ ਦੀ ਆਨ ਸ਼ਾਨ ਅਤੇ ਗੁਰਧਾਮਾਂ ਦੀ ਰਾਖੀ ਲਈ ਆਪਾ ਵਾਰ ਗਏ।ਸ਼ਹੀਦ ਭਾਈ ਅਮਰੀਕ ਸਿੰਘ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਜਥੇਦਾਰ ਬਾਬਾ ਠਾਹਰਾ ਸਿੰਘ, ਜਨਰਲ ਸਰਦਾਰ ਸ਼ਬੇਗ ਸਿੰਘ ਆਦਿ ਨੇ ਸਿੱਖ ਕੌਮ ਨੂੰ ਆਪਣੇ ਹੱਕਾਂ ਲਈ ਜਾਗਰੂਕ ਕੀਤਾ।ਉਨ੍ਹਾਂ ਕਿਹਾ ਕਿ ਜੂਨ ‘84 ਦਾ ਘੱਲੂਘਾਰਾ ਭੁਲਾਇਆ ਨਹੀਂ ਜਾ ਸਕਦਾ।
                 ਇਸ ਇਕੱਠ ‘ਚ 13 ਬੰਦੀ ਸਿੰਘਾਂ ਨੂੰ ਬੰਦੀ ਸਿੰਘ ਕੌਮੀ ਯੋਧਾ ਅਵਾਰਡ ਗੋਲਡ ਮੈਡਲ ਅਤੇ ਸਿਰੋਪਾਉ ਨਾਲ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਤੇ ਸ਼਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸਨਮਾਨਿਤ ਕੀਤਾ ਗਿਆ।ਭਾਈ ਅਰਜਿੰਦਰ ਸਿੰਘ ਯੂ.ਕੇ, ਭਾਈ ਮਨਜੀਤ ਸਿੰਘ ਯੂ.ਕੇ, ਭਾਈ ਲਾਲ ਸਿੰਘ, ਭਾਈ ਦਇਆ ਸਿੰਘ ਲਾਹੌਰੀਆ, ਭਾਈ ਹਰਨੇਕ ਸਿੰਘ ਭੱਪ ਨੇ ਖ਼ੁਦ ਅਤੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪ੍ਰਮਜੀਤ ਸਿੰਘ ਭਿਓਰਾ, ਭਾਈ ਗੁਰਮੀਤ ਸਿੰਘ, ਭਾਈ ਗੁਰਦੀਪ ਸਿੰਘ ਖੈੜਾ, ਭਾਈ ਲਖਵਿੰਦਰ ਸਿੰਘ, ਭਾਈ ਸ਼ਮਸ਼ੇਰ ਸਿੰਘ ਦੇ ਪਰਿਵਾਰਕ ਮੈਂਬਰਾਂ ਵਲੋਂ ਅਵਾਰਡ ਹਾਸਲ ਕੀਤੇ ਗਏ।ਦਮਦਮੀ ਟਕਸਾਲ ਵਲੋਂ ਇਸ ਸਾਲ ਕੌਮੀ ਸੇਵਾ ਐਵਾਰਡ  ਭਾਈ ਗੁਰਇਕਬਾਲ ਸਿੰਘ ਮੁੱਖੀ ਬੀਬੀ ਕੌਲਾਂ ਭਲਾਈ ਕੇਂਦਰ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਦਿੱਤਾ ਗਿਆ।
              ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿਖ ਪੰਥ ਦੀਆਂ ਧਾਰਮਿਕ ਤੇ ਰਾਜਨੀਤਕ ਹਸਤੀਆਂ ਨੂੰ ਕੌਮ ਦੀ ਸੇਵਾ ’ਚ ਕਿਰਦਾਰਕੁਸ਼ੀ ਦੀ ਪ੍ਰਵਾਹ ਨਾ ਕਰਨ ਲਈ ਕਿਹਾ।ਉਹਨਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਨਿਜ਼ਾਤ ਦਿਵਾਉਣ ਲਈ ਅਕੈਡਮੀਆਂ ਤੇ ਸੰਸਥਾਵਾਂ ਵਿਚ ਸ਼ਸਤਰ ਵਿੱਦਿਆ ਦੇਣ ਅਤੇ ਦੇਸ਼ ਵਿਦੇਸ਼ ਦੀਆਂ ਖੇਡਾਂ ਵਿੱਚ ਜਿੱਤਾਂ ਦਰਜ਼਼ ਕਰਨ ਲਈ ਸ਼ੂਟਿੰਗ ਰੇਜ਼ ਸਥਾਪਿਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
              ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਦਮਦਮੀ ਟਕਸਾਲ ਦੀ ਪੰਥ ਨੂੰ ਬਹੁਤ ਵੱਡੀ ਦੇਣ ਹੈ।ਸ਼਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਮਦਮੀ ਟਕਸਾਲ ਗੁਰੂ ਸਾਹਿਬਾਨ ਦੇ ਆਸ਼ੇ ਦੀ ਪੂਰਤੀ ਲਈ ਨਿਰੰਤਰ ਕਾਰਜਸ਼ੀਲ ਹੈ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੰਤ ਭਿੰਡਰਾਂਵਾਲੇ ਕੌਮੀ ਨਾਇਕ, ਕਹਿਣੀ ਅਤੇ ਕਥਨੀ ਦੇ ਪੂਰੇ ਸਨ।
                 ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਦੇ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕਿਹਾ ਕਿ ਦਮਦਮੀ ਟਕਸਾਲ ਨੇ ਪਾਠ ਬੋਧ ਸਮਾਗਮਾਂ ਦੀ ਲੜੀ ਰਾਹੀਂ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਹੈ।ਸਿੱਖ ਵਿਦਵਾਨ ਡਾ: ਹਰਭਜਨ ਸਿੰਘ ਡੇਹਰਾਦੂਨ ਨੇ ਕਿਹਾ ਮੀਰੀ ਪੀਰੀ ਤੋਂ ਬਿਨਾਂ ਸਿੱਖੀ ਮੁਕੰਮਲ ਨਹੀਂ।
               ਸ਼਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿਟੇਵਡ ਅਤੇ ਭਾਈ ਰਜਿੰਦਰ ਸਿੰਘ ਮਹਿਤਾ ਸਿੱਖ ਪ੍ਰਚਾਰਕ ਬਾਬਾ ਬੰਤਾ ਸਿੰਘ ਮੁੰਡਾ ਪਿੰਡ ਨੇ ਕਿਹਾ ਕਿ `84 ਦਾ ਹਮਲਾ ਹਕੂਮਤ ਵੱਲੋਂ ਸਿੱਖਾਂ ਦਾ ਖੁਰਾ-ਖੋਜ਼ ਮਿਟਾਉਣ ਦੀ ਕਾਰਵਾਈ ਸੀ।
            ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ, ਬਾਬਾ ਬੁੱਧ ਸਿੰਘ ਘੁੰਮਣਾ ਵਾਲੇ, ਗਿਆਨੀ ਅਮਰਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਾਮ ਸਿੰਘ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਸੇਵਾ ਗਿਆਨੀ ਜੀਵਾ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ ਬੁੱਟਰ ਅਤੇ ਗਿਆਨੀ ਸਾਹਿਬ ਸਿੰਘ ਨੇ ਨਿਭਾਈ।ਆਏ ਮਹਿਮਾਨਾਂ, ਸੰਤਾਂ ਮਹਾਂਪੁਰਸ਼ਾਂ ਅਤੇ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ।
            ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਭਾਈ ਸੁਲਤਾਨ ਸਿੰਘ, ਗਿਅਨੀ ਬਲਜੀਤ ਸਿੰਘ, ਗਿਆਨੀ ਅਮਰਜੀਤ ਸਿੰਘ, ਗਿਆਨੀ ਹਰਿਮੰਦਰ ਸਿੰਘ, ਗਿਆਨੀ ਹਰਮਿੱਤਰ ਸਿੰਘ ਅਤੇ ਅਰਦਾਸੀਏ ਭਾਈ ਪ੍ਰੇਮ ਸਿੰਘ ਤੋਂ ਇਲਾਵਾ ਭਾਈ ਈਸ਼ਰ ਸਿੰਘ ਸਪੁੱਤਰ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂਵਾਲੇ, ਭਾਈ ਅਜੈਬ ਸਿੰਘ ਅਭਿਆਸੀ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …