Saturday, May 11, 2024

ਗੁਰਮਤਿ ਸਿਖਲਾਈ ਕੈਂਪ ਦੀ ਸਮਾਪਤੀ ਸਮੇਂ ਗੁ. ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਗੁਰਮਤਿ ਸਮਾਗਮ

ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪਿੰਡਾਂ ’ਚ ਲਾਏ 18 ਰੋਜਾ ਗੁਰਮਤਿ ਸਿਖਲਾਈ ਕੈਂਪ
ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਗੁਰਮਤਿ ਸਿਖਲਾਈ ਕੈਂਪ ਲਗਾ ਕੇ ਬੱਚਿਆਂ, ਨੌਜਵਾਨਾਂ ਅਤੇ ਸੰਗਤਾਂ ਨੂੰ ਗੁਰਬਾਣੀ, ਸਿੱਖ ਇਤਿਹਾਸ ਤੇ ਰਹਿਤ ਮਰਿਯਾਦਾ ਦੀ ਜਾਣਕਾਰੀ ਦਿੱਤੀ ਜਾਂਦੀ ਹੈ।ਇਸੇ ਤਹਿਤ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਚੱਲਦੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਦੇ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਦੇ ਸਹਿਯੋਗ ਨਾਲ ਹਲਕਾ ਅਟਾਰੀ ਦੇ 17 ਪਿੰਡਾਂ ਵਿਚ ਗੁਰਮਤਿ ਸਿਖਲਾਈ ਕੈਂਪ ਲਗਾਏ ਗਏ। ਇਨ੍ਹਾਂ 18 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਵਿਚ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੱਚਿਆਂ ਅਤੇ ਸੰਗਤਾਂ ਨੂੰ ਗੁਰਬਾਣੀ ਸੰਥਿਆ, ਸਿੱਖ ਇਤਿਹਾਸ, ਰਹਿਤ ਮਰਿਯਾਦਾ, ਕੀਰਤਨ, ਤਬਲਾ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਦਸਤਾਰ ਅਤੇ ਗਤਕੇ ਦੀ ਸਿਖਲਾਈ ਵੀ ਦਿੱਤੀ।ਇਸ ਦੌਰਾਨ ਜਿਥੇ ਗੁਰਦੁਆਰਾ ਸਾਹਿਬ ਵਿਚ ਗੁਰਮਤਿ ਦੀਆਂ ਕਲਾਸਾਂ ਲਗਾਈਆਂ ਗਈਆਂ, ਉਥੇ ਸਕੂਲਾਂ ਵਿਚ ਬੱਚਿਆਂ ਨੂੰ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਦੀ ਜਾਣਕਾਰੀ ਦਿੱਤੀ।ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੇ ਪਿੰਡਾਂ ਅੰਦਰ ਘਰ-ਘਰ ਜਾ ਕੇ ਵੀ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਕੀਤੀ ਅਤੇ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਧਾਰਮਿਕ ਪੁਸਤਕਾਂ ਵੀ ਵੰਡੀਆਂ।ਇਨ੍ਹਾਂ ਕੈਂਪਾਂ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਪਿੰਡ ਪੱਧਰ ’ਤੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਤੇ ਲਿਖਤੀ ਪ੍ਰੀਖਿਆ ਵੀ ਲਈ ਗਈ।ਇਸ ਦੌਰਾਨ 100 ਦੇ ਕਰੀਬ ਬੱਚਿਆਂ ਅਤੇ ਨੌਜਵਾਨਾਂ ਨੇ ਸਾਬਤ ਸੂਰਤ ਹੋਣ ਦਾ ਪ੍ਰਣ ਕੀਤਾ।
                              ਗੁਰਮਤਿ ਕੈਂਪ ਦੀ ਸਮਾਪਤੀ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਕੱਲ੍ਹ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਪ੍ਰਿੰਸੀਪਲ ਬੀਬੀ ਮਨਜੀਤ ਕੌਰ ਸਮੇਤ ਪ੍ਰਮੁੱਖ ਸਖਸ਼ੀਅਤਾਂ ਨੇ ਹਾਜ਼ਰੀ ਭਰੀ ਅਤੇ ਗੁਰਮਤਿ ਸਿਖਲਾਈ ਕੈਂਪ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ।100 ਦੇ ਕਰੀਬ ਪ੍ਰਾਣੀਆਂ ਨੇ ਇਸ ਸਮੇਂ ਕਰਵਾਏ ਗਏ ਅੰਮ੍ਰਿਤ ਸੰਚਾਰ ਸਮੇਂ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।
               ਇਸ ਮੌਕੇ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ, ਪ੍ਰੋ. ਅਮਰਜੀਤ ਕੌਰ, ਪ੍ਰੋ. ਰਵੇਲ ਸਿੰਘ, ਪ੍ਰੋ. ਕੁਲਰਾਜ ਸਿੰਘ, ਭਾਈ ਦਿਲਪ੍ਰੀਤ ਸਿੰਘ, ਪ੍ਰਚਾਰਕ ਭਾਈ ਅਮਰ ਸਿੰਘ, ਭਾਈ ਇੰਦਰਜੀਤ ਸਿੰਘ, ਢਾਡੀ ਭਾਈ ਗੁਰਪ੍ਰੀਤ ਸਿੰਘ, ਭਾਈ ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।

Check Also

ਸਕੂਲ ਆਫ਼ ਐਮੀਨੈਂਸ ਦੀਆਂ ਬੋਰਡ ਕਲਾਸਾਂ ਦਾ ਨਤੀਜਾ ਰਿਹਾ ਸ਼ਾਨਦਾਰ

ਸੰਗਰੂਰ, 10 ਮਈ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱੱਖਿਆ) ਸ਼੍ਰੀਮਤੀ ਇੰਦੂ ਸਿਮਕ ਅਤੇ …