Tuesday, December 24, 2024

ਛੇਵੇਂ ਪਾਤਸ਼ਾਹ ਵੱਲੋਂ ਲੜੀ ਗਈ ਪਹਿਲੀ ਜੰਗ ਫ਼ਤਹਿ ਦੀ ਯਾਦ ’ਚ ਸਜਾਇਆ ਨਗਰ ਕੀਰਤਨ

12 ਜੂਨ ਨੂੰ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਹੋਣਗੇ ਗੁਰਮਤਿ ਸਮਾਗਮ

ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ ਸੱਗੂ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ 12 ਜੂਨ ਨੂੰ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਸਬੰਧ ਵਿਚ ਅੱਜ ਗੁਰਦੁਆਰਾ ਸ਼ਹੀਦ ਗੰਜ਼ ਬਾਬਾ ਦੀਪ ਸਿੰਘ ਜੀ ਤੋਂ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ।
               ਨਗਰ ਕੀਰਤਨ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸੁਖਰਾਜ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ।ਨਗਰ ਕੀਰਤਨ ਵਿਚ ਨਿਹੰਗ ਸਿੰਘ ਹਾਥੀ ਤੇ ਘੋੜਿਆਂ ਸਮੇਤ ਸ਼ਾਮਲ ਹੋਏ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਸਨ।ਨਗਰ ਕੀਰਤਨ ਦਾ ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
                   ਸ੍ਰੀ ਦਰਬਾਰ ਸਾਹਿਬ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਦੱਸਿਆ ਕਿ ਛੇਵੇਂ ਪਾਤਸ਼ਾਹ ਵੱਲੋਂ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਲੜੀ ਪਹਿਲੀ ਜੰਗ ਨੂੰ ਫ਼ਤਹਿ ਕਰਨ ਦੀ ਯਾਦ ਵਿਚ 12 ਜੂਨ ਨੂੰ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ-ਇਤਿਹਾਸ ਸਰਵਣ ਕਰਵਾਉਣਗੇ।
                ਇਸ ਮੌਕੇ ਗਿਆਨੀ ਸੁਰਜੀਤ ਸਿੰਘ ਸਭਰਾਅ, ਮੈਨੇਜਰ ਨਰਿੰਦਰ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਕੁਲਦੀਪ ਸਿੰਘ ਪੰਡੋਰੀ, ਜਗਜੀਤ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …