Wednesday, April 9, 2025
Breaking News

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ ਸੱਗੂ) – ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
              ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨਾਲ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ।ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਗਵਾਲੀਅਰ ਦੇ ਕਿਲ੍ਹੇ ’ਚੋਂ ਰਿਹਾਈ ਸਮੇਂ 52 ਰਾਜਿਆਂ ਨੂੰ ਵੀ ਆਪਣੇ ਨਾਲ ਰਿਹਾਅ ਕਰਵਾਇਆ ਸੀ, ਇਸੇ ਕਰਕੇ ਗੁਰੂ ਸਾਹਿਬ ਨੂੰ ਬੰਦੀ ਛੋੜ ਦਾਤਾ ਕਿਹਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਬਹੁਤ ਸਾਰੇ ਸਿੱਖ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਹਨ, ਜੋ ਅਦਾਲਤਾਂ ਵੱਲੋਂ ਮਿਲੀਆਂ ਸਜ਼ਾਵਾਂ ਤੋਂ ਵੀ ਬਹੁਤ ਜਿਆਦਾ ਸਮਾਂ ਜੇਲ੍ਹ ਵਿਚ ਗੁਜਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਬਹੁ-ਗਿਣਤੀ ਦੀ ਵੋਟ ਰਾਜਨੀਤੀ ਕਾਰਨ ਇਨ੍ਹਾਂ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰ ਰਹੀਆਂ।ਇਨ੍ਹਾਂ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਸਿੱਖ ਸ਼ਕਤੀ ਨੂੰ ਇਕੱਠਿਆਂ ਕਰਨ ਦੀ ਲੋੜ ਹੈ।ਉਨ੍ਹਾਂ ਕੌਮ ਨੂੰ ਇਕੱਠੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਅਸੀਂ ਇਕੱਲੇ ਇਕੱਲੇ ਰਹਾਂਗੇ, ਤਾਂ ਸਿੱਖ ਮਸਲਿਆਂ ਦਾ ਹੱਲ ਕਰਨਾ ਔਖਾ ਹੋਵੇਗਾ।ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ, ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ।ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ।
                  ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਸਕੱਤਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਗੁਰਮੀਤ ਸਿੰਘ ਆਨਰੇਰੀ ਸਕੱਤਰ ਸ੍ਰੀ ਅਕਾਲ ਤਖ਼ਤ ਸਾਹਿਬ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸੁਖਬੀਰ ਸਿੰਘ, ਮੈਨੇਜਰ ਬਘੇਲ ਸਿੰਘ, ਸੁਖਰਾਜ ਸਿੰਘ, ਸਤਨਾਮ ਸਿੰਘ ਮਾਂਗਾਸਰਾਏ, ਨਰਿੰਦਰ ਸਿੰਘ, ਜਸਪਾਲ ਸਿੰਘ ਢੱਡੇ, ਰਣਜੀਤ ਸਿੰਘ ਅਤੇ ਸੰਗਤਾਂ ਹਾਜ਼ਰ ਸਨ।

Check Also

ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਬਦਲੇਗੀ ਤਕਦੀਰ -ਧਾਲੀਵਾਲ

ਅਜਨਾਲਾ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪਿੱਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ …