ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ ਸੱਗੂ) – ਕੌਮੀ ਘੱਟ ਗਿਣਤੀ ਕਮਿਸ਼ਨ ਦੇ ਦਫ਼ਤਰ ਪੁੱਜੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਉਚੇਚੇ ਤੌਰ ’ਤੇ ਪੰਜਾਬ ਅਤੇ ਪੰਜਾਬ ਤੋਂ ਬਾਹਰ ਸਿੱਖਾਂ ਨੂੰ ਇਸਾਈ ਮਿਸ਼ਨਰੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲਾਲਚ ਅਤੇ ਧੋਖੇ ਨਾਲ ਇਸਾਈ ਬਣਾਉਣ ਦਾ ਮਾਮਲਾ ਵੀ ਉਠਾਇਆ ਗਿਆ।ਇਸ ਸਬੰਧੀ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਇਹ ਮਾਮਲਾ ਅਤਿ ਗੰਭੀਰ ਹੈ, ਜਿਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਵੀ ਚਿੰਤਾ ਪ੍ਰਗਟਾਈ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪਾਸ ਇਹ ਮਾਮਲਾ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਵੱਲੋਂ ਉਠਾਇਆ ਗਿਆ ਸੀ, ਜਿਸ ਦੇ ਮੱਦੇਨਜ਼ਰ ਅੱਜ ਉਨ੍ਹਾਂ ਵੱਲੋਂ ਇਸਾਈ ਭਾਈਚਾਰੇ ਦੇ ਪ੍ਰਤੀਨਿਧ ਵੀ ਬੁਲਾਏ ਗਏ ਸਨ।ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਬੇਹੱਦ ਸਦਭਾਵਨਾ ਵਾਲੇ ਮਾਹੋਲ ਵਿਚ ਹੋਈ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਉਠਾਏ ਇਸ ਮਾਮਲੇ ’ਤੇ ਇਸਾਈ ਆਗੂਆਂ ਨੇ ਸੰਜ਼ੀਦਾ ਹੁੰਗਾਰਾ ਦਿੱਤਾ ਹੈ।
ਇਸ ਇਕੱਤਰਤਾ ਦੌਰਾਨ ਇਸਾਈ ਪ੍ਰਤੀਨਿਧਾਂ ਨੇ ਕਿਹਾ ਹੈ ਕਿ ਜ਼ਬਰੀ, ਵਹਿਮ ਭਰਮ ਤੇ ਧੋਖੇ ਨਾਲ ਕੀਤੀ ਜਾ ਰਹੀ ਧਰਮ ਤਬਦੀਲੀ ਨੂੰ ਉਹ ਕਿਸੇ ਵੀ ਤਰ੍ਹਾਂ ਮਾਨਤਾ ਨਹੀਂ ਦਿੰਦੇ ਅਤੇ ਉਹ ਅਜਿਹੇ ਵਰਤਾਰੇ ਦੇ ਖਿਲਾਫ ਹਨ। ਜਥੇਦਾਰ ਪੰਜੋਲੀ ਅਨੁਸਾਰ ਇਕੱਤਰਤਾ ਦੌਰਾਨ ਮਾਮਲੇ ਸਬੰਧੀ ਸਾਰਥਕ ਗੱਲਬਾਤ ਹੋਈ ਹੈ ਅਤੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਸਿੱਖ ਅਤੇ ਇਸਾਈ ਭਾਈਚਾਰਾ ਦੋਨੋਂ ਹੀ ਘੱਟ ਗਿਣਤੀਆਂ ਵਿੱਚ ਹਨ ਅਤੇ ਇਨ੍ਹਾਂ ਵਿਚ ਟਕਰਾਅ ਠੀਕ ਨਹੀਂ ਹੈ।ਉਨ੍ਹਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਭਾਵਨਾ ਵੀ ਇਹੋ ਹੈ ਕਿ ਇਸ ਮਸਲੇ ਦਾ ਮਿਲ ਬੈਠ ਕੇ ਹੱਲ ਕੱਢਿਆ ਜਾਵੇ।ਇਸੇ ਤਹਿਤ ਹੀ ਕੌਮੀ ਘੱਟਗਿਣਤੀ ਕਮਿਸ਼ਨ ਪਾਸ ਪਹੁੰਚ ਕੀਤੀ ਗਈ ਸੀ, ਜਿਸ ਨੇ ਸਾਰਥਕ ਭੂਮਿਕਾ ਨਿਭਾਉਂਦਿਆਂ ਭਵਿੱਖ ਵਿਚ ਵੀ ਦੋਹਾਂ ਧਿਰਾਂ ਦੀਆਂ ਮੀਟਿੰਗਾਂ ਜਾਰੀ ਰੱਖਣ ਦਾ ਭਰੋਸਾ ਦਿੱਤਾ ਹੈ।