ਕਿਹਾ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਭਾਰਤ ਸਰਕਾਰ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ ਸੱਗੂ) – ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਸਵੇਰ ਸਮੇਂ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਈਮੇਲ ਕਰਕੇ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿੱਚ ਰਹਿੰਦੇ ਘੱਟਗਿਣਤੀ ਸਿੱਖਾਂ ਦੀ ਸਰੁੱਖਿਆ ਲਈ ਤੁਰੰਤ ਠੋਸ ਕਦਮ ਚੁਕਣ ਅਤੇ ਉਨ੍ਹਾਂ ਨੂੰ ਭਾਰਤ ਲਿਆ ਕੇ ਵਸਾਉਣ ਲਈ ਯਤਨ ਤੇਜ ਕਰਨ।ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਇਸ ਤੋਂ ਪਹਿਲਾਂ ਵੀ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ, ਜਿਸ ਕਰਕੇ ਸਿੱਖਾਂ ਅੰਦਰ ਚਿੰਤਾ ਅਤੇ ਡਰ ਦਾ ਮਾਹੌਲ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਵੀ ਦੇਸ਼ ਵਿਚ ਵਾਸਾ ਕੀਤਾ ਹੈ, ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿਰਤੋੜ ਯਤਨ ਕੀਤੇ ਹਨ।ਸਿੱਖਾਂ ਨੇ ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਹਰ ਇਕ ਨਾਲ ਮਿਲਵਰਤਨ ਦੀ ਰਵਾਇਤ ਕਾਇਮ ਰੱਖੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਮੌਜ਼ੂਦ ਹਨ ਅਤੇ ਸਦੀਆਂ ਤੋਂ ਸਿੱਖ ਉਥੇ ਵੱਸ ਰਹੇ ਹਨ ਪਰੰਤੂ ਕੁਝ ਕੱਟੜ ਸੋਚ ਵਾਲੇ ਲੋਕ ਧਰਮ ਦੇ ਇਤਿਹਾਸ, ਰਵਾਇਤਾਂ, ਪ੍ਰੰਪਰਾਵਾਂ ਅਤੇ ਪ੍ਰੇਰਨਾਵਾਂ ਨੂੰ ਭੁੱਲ ਕੇ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜੋ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦੋ ਦਿਨ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਵਫਦ ਨੇ ਭਾਰਤ ਦੇ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਕਰਕੇ ਅਫ਼ਗਾਨਿਸਤਾਨ ਵਿਚ ਫਸੇ ਸਿੱਖਾਂ ਨੂੰ ਭਾਰਤ ਲਿਆਉਣ ਅਤੇ ਪਹਿਲਾਂ ਆਏ ਸਿੱਖਾਂ ਨੂੰ ਇਥੇ ਪੱਕੇ ਤੌਰ ’ਤੇ ਵਸਾਉਣ ਲਈ ਕਿਹਾ ਹੈ।ਉਨਾਂ ਕਿਹਾ ਕਿ ਸਰਕਾਰਾਂ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ।
ਐਡਵੋਕੇਟ ਧਾਮੀ ਨੇ ਸੰਯੁਕਤ ਰਾਸ਼ਟਰ ਨੂੰ ਵੀ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਨਾਉਣ ਲਈ ਪਹਿਲ ਕਦਮੀ ਕਰੇ।