Thursday, July 3, 2025
Breaking News

‘ਮਿਸ਼ਨ ਖਾਕੀ, ਹਰ ਮੈਦਾਨ ਫਤਹਿ’ ਨੂੰ ਮਿਲਿਆ ਵੱਡਾ ਹੁੰਗਾਰਾ

700 ਤੋਂ ਜਿਆਦਾ ਨੌਜਵਾਨਾਂ ਲੜਕੇ ਤੇ ਲੜਕੀਆਂ ਨੇ ਕਰਵਾਈ ਰਜਿਟ੍ਰੇਸ਼ਨ

ਕਪੂਰਥਲਾ, 20 ਜੂਨ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਖਾਕੀ-ਹਰ ਮੈਦਾਨ ਫਤਹਿ” ਤਹਿਤ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿੱਚ ਕੱਢੀਆਂ ਗਈਆਂ 10334 ਅਸਾਮੀਆਂ ’ਤੇ ਭਰਤੀ ਲਈ ਕਪੂਰਥਲਾ ਜਿਲ੍ਹੇ ਦੇ ਨੌਜਵਾਨਾਂ ਨੂੰ ਤਿਆਰ ਕਰਨ ਲਈ ਵੱਡਾ ਹੁੰਗਾਰਾ ਮਿਲਿਆ ਹੈ।ਜ਼ਿਲ੍ਹੇ ਭਰ ਵਿਚੋਂ ਕੁੱਲ 736 ਨੌਜਵਾਨ ਲੜਕੇ-ਲੜਕੀਆਂ ਵਲੋਂ ਰਜਿਸਟ੍ਰੇਸ਼ਨ ਕਰਵਾਈ ਗਈ ਹੈ, ਜਿਸ ਵਿਚੋਂ 234 ਬਿਨੈਕਾਰਾਂ ਨੂੰ ਵੱਖ-ਵੱਖ ਸਬ-ਤਹਿਸੀਲਾਂ ਵਿੱਚ ਮਾਹਿਰਾਂ ਵਲੋਂ ਸਰੀਰਕ ਸਿਖਲਾਈ ਦੇ ਨਾਲ-ਨਾਲ ਲਿਖਤੀ ਪ੍ਰੀਖਿਆ ਲਈ ਵੀ ਤਿਆਰੀ ਕਰਵਾਈ ਜਾ ਰਹੀ ਹੈ।
                  ਡਿਪਟੀ ਕਮਿਸ਼ਨਰ ਵਿਸ਼ੇਸ ਸਾਰੰਗਲ ਜੋ ਕਿ ਇਸ ਮਿਸ਼ਨ ਦੀ ਖੁਦ ਨਿਗਰਾਨੀ ਕਰ ਰਹੇ ਹਨ, ਨੇ ਦੱਸਿਆ ਕਿ ਨੌਜਵਾਨਾਂ ਦੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਨਵੀਂ ਰਜਿਸਟਰੇਸ਼ਨ ਲਈ ਸਮਾਂ ਹੱਦ 30 ਜੂਨ ਤੱਕ ਵਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ 82971-23193 ਵੀ ਜਾਰੀ ਕੀਤਾ ਗਿਆ ਹੈ, ਜਿਸ ਰਾਹੀਂ ਨੌਜਵਾਨ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
            ਉਨ੍ਹਾਂ ਦੱਸਿਆ ਕਿ 25 ਜੂਨ ਤੱਕ ਗ੍ਰੈਜੂਏਸ਼ਨ ਪ੍ਰੀਖਿਆਵਾਂ ਖਤਮ ਹੋਣ ਉਪਰੰਤ ਰਜਿਸਟਰਡ ਹੋਏ ਸਾਰੇ ਨੌਜਵਾਨਾਂ ਨੂੰ ਮਿਸ਼ਨ ਖਾਕੀ ਤਹਿਤ ਸਿਖਲਾਈ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਵਰਤਮਾਨ ਸਮੇਂ ਸਿਖਲਾਈ ਪ੍ਰਾਪਤ ਕਰ ਰਹੇ 234 ਨੌਜਵਾਨਾਂ ਵਿਚੋਂ 86 ਲੜਕੀਆਂ ਅਤੇ 148 ਲੜਕੇ ਹਨ।
               ਸਰੀਰਕ ਸਿਖਲਾਈ ਪੁਲਿਸ ਲਾਈਨ ਕਪੂਰਥਲਾ, ਸੀ-ਪਾਇਟ ਥੇਹ-ਕਾਂਜਲਾ, ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਜੀ.ਐਨ.ਏ ਫਗਵਾੜਾ ਵਿਖੇ ਚੱਲ ਰਹੀ ਹੈ।ਇਸ ਤੋਂ ਇਲਾਵਾ ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਪੜ੍ਹਨਯੋਗ ਸਮੱਗਰੀ ਦੀ ਇਲੈਕਟ੍ਰਾਨਿਕ ਡਿਲਵਰੀ ਵੀ ਸ਼ੁਰੂ ਕਰਨ ਦੇ ਨਾਲ-ਨਾਲ ਈ-ਲਾਇਬ੍ਰੇਰੀ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈ।
             ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੋਜ਼ਗਾਰ ਬਿਊਰੋ, ਮਾਲ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਸ਼ੇਸ਼ ਕਰਕੇ ਪੇਂਡੂ ਖੇਤਰਾਂ ਅੰਦਰ ਨੌਜਵਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਰਾਹੀਂ ਪੰਜਾਬ ਪੁਲਿਸ ਵਿਚ ਨੌਕਰੀ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਨ।ਇਸ ਲਈ ਪਿੰਡ ਪੱਧਰ ’ਤੇ ਕੈਂਪ ਲਗਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।ਇਸ ਤੋਂ ਇਲਾਵਾ ਮੈਗਾ ਕਾਊਂਸਲਿੰਗ ਕੈਂਪ ਅਤੇ ਉਚ ਸਿੱਖਿਆ ਸੰਸਥਾਵਾਂ ਵਿਚ ਨੌਜਵਾਨਾਂ ਨਾਲ ਸਿੱਧਾ ਰਾਬਤਾ ਕਰਨ ਲਈ ਵੀ ਕਿਹਾ ਗਿਆ ਹੈ।
                 ਦੱਸਣਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਐਸ.ਐਸ.ਪੀ ਕਪੂਰਥਲਾ ਰਾਜ ਬਚਨ ਸਿੰਘ ਸੰਧੂ ਦੀ ਅਗਵਾਈ ਹੇਠ ‘ਮਿਸ਼ਨ ਖਾਕੀ’ 24 ਮਈ ਨੂੰ ਸ਼ੁਰੂ ਕੀਤਾ ਗਿਆ ਸੀ ਅਤੇ ਤਿੰਨ ਵਾਰ ਓਲੰਪਿਕ ਵਿਚ ਭਾਗ ਲੈਣ ਵਾਲੀ ਅਤੇ ਏਸ਼ੀਅਨ ਗੋਲਡ ਮੈਡਲਿਸਟ ਅਥਲੀਟ ਮਨਜੀਤ ਕੌਰ ‘ਮਿਸ਼ਨ ਖਾਕੀ’ ਤਹਿਤ ਨੌਜਵਾਨਾਂ ਨੂੰ ਸਿਖਲਾਈ ਦੀ ਨਿਗਰਾਨੀ ਕਰ ਰਹੇ ਹਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …