ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ ਸੱਗੂ) – ਪੰਜਾਬੀ ਸੂਬਾ ਮੋਰਚਾ ਦੌਰਾਨ 4 ਜੁਲਾਈ 1955 ਨੂੰ ਤਤਕਾਲੀ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕਰਵਾਏ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਆਯੋਜਿਤ ਕੀਤਾ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਹ ਹਮਲਾ 3 ਅਤੇ 4 ਜੁਲਾਈ 1955 ਦੀ ਦਰਮਿਆਨੀ ਰਾਤ ਨੂੰ ਕੀਤਾ ਗਿਆ ਸੀ, ਜਿਸ ਦੌਰਾਨ ਡੀ.ਆਈ.ਜੀ ਮਹਾਸ਼ਾ ਅਸ਼ਵਨੀ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਵੱਡੀ ਗਿਣਤੀ ਵਿਚ ਪੁਲਿਸ ਭੇਜੀ ਗਈ ਸੀ।ਉਸ ਸਮੇਂ ਕਾਂਗਰਸ ਸਰਕਾਰ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਪੰਜਾਬ ਦੇ ਮੁੱਖ ਮੰਤਰੀ ਭੀਮ ਸੈਨ ਸੱਚਰ ਸਨ।ਪੰਜਾਬੀ ਸੂਬਾ ਮੋਰਚਾ ਨੂੰ ਦੁਬਾਉਣ ਲਈ ਕੀਤੇ ਗਏ ਇਸ ਹਮਲੇ ਸਮੇਂ ਪੁਲਿਸ ਫੋਰਸ ਬੂਟਾਂ ਸਮੇਤ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਵਿਚ ਦਾਖਲ ਹੋਈ ਸੀ।ਇਸ ਦੌਰਾਨ ਲੰਗਰ ਸ੍ਰੀ ਗੁਰੂ ਰਾਮਦਾਸ ਜੀ ’ਤੇ ਹਮਲਾ ਕੀਤਾ ਗਿਆ ਅਤੇ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਦੇ ਬਰਾਂਡਿਆਂ ਉਪਰ ਚੜ੍ਹ ਕੇ ਗੋਲੀ ਚਲਾਈ ਗਈ, ਜਿਸ ਨੂੰ ਸਿੱਖ ਕੌਮ ਕਦੇ ਵੀ ਨਹੀਂ ਭੁੱਲ ਸਕਦੀ।
ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਵਰੇ੍ਹ ਇਸ ਹਮਲੇ ਦੀ ਯਾਦ ਪਹਿਲੀ ਵਾਰ ਮਨਾਈ ਗਈ ਸੀ, ਜਿਸ ਦੀ ਲਗਾਤਾਰਤਾ ਵਿਚ ਇਸ ਵਾਰ ਵੀ ਸਮਾਗਮ ਕੀਤਾ ਜਾਵੇਗਾ।
ਐਡਵੋਕੇਟ ਨੇ ਕਿਹਾ ਕਿ 2 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ, ਜਿਸ ਦਾ ਭੋਗ 4 ਜੁਲਾਈ ਨੂੰ ਪਵੇਗਾ।ਸਮਾਗਮ ਵਿਚ ਪੰਥਕ ਸ਼ਖਸੀਅਤਾਂ ਸ਼ਮੂਲੀਅਤ ਕਰਨਗੀਆਂ ਅਤੇ ਰਾਗੀ, ਢਾਡੀ ਜਥੇ ਹਾਜ਼ਰੀ ਭਰਨਗੇ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …