ਕਿਹਾ, ਜਾਂਚ ਕਰਵਾ ਕੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰੇ ਸਰਕਾਰ -ਐਡਵੋਕੇਟ ਧਾਮੀ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਸਿੱਖ ਨੌਜਵਾਨ ਰਾਜਦੀਪ ਸਿੰਘ ਦੇ ਕੇਸ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਸ ਸਿੱਖ ਰਹਿਣੀ ਦਾ ਅਹਿਮ ਅੰਗ ਹਨ ਅਤੇ ਸਿੱਖ ਕੇਸਾਂ ਨੂੰ ਜਾਨ ਤੋਂ ਵੱਧ ਪਿਆਰ ਕਰਦਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੀਆਂ ਖਬਰਾਂ ਅਨੁਸਾਰ ਜੇਲ੍ਹ ਵਿਚ ਬੰਦ ਸਿੱਖ ਨੌਜਵਾਨ ਦੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੁੱਟਮਾਰ ਕੀਤੀ ਗਈ ਅਤੇ ਉਸ ਦੇ ਕੇਸ ਕਤਲ ਕਰ ਦਿੱਤੇ ਗਏ।ਪੰਜਾਬ ਵਿਚ ਵਾਪਰੀ ਅਜਿਹੀ ਘਟਨਾ ਬੇਹੱਦ ਗੰਭੀਰ ਤੇ ਚਿੰਤਾਜਨਕ ਹੈ।ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਡੁੰਘਾਈ ਨਾਲ ਜਾਂਚ ਕਰਵਾ ਕੇ ਦੋਸ਼ੀ ਵਿਅਕਤੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਅਜਿਹੀ ਅਨੈਤਕ ਹਰਕਤ ਦੀ ਹਿੰਮਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੀ ਆਪਣੇ ਪੱਧਰ ਤੇ ਪ੍ਰਚਾਰਕਾਂ ਰਾਹੀਂ ਇਸ ਦੀ ਪੜਤਾਲ ਕਰਵੇਗੀ, ਜਿਸ ਲਈ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਨੂੰ ਆਦੇਸ਼ ਕਰ ਦਿੱਤੇ ਹਨ।