Saturday, July 27, 2024

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸਮਾਗਮ ਆਯੋਜਤ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਲਵਾਈ ਹਾਜ਼ਰੀ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸਿਮਰਪ੍ਰੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਗਿਆਨੀ ਮਲਕੀਤ ਸਿੰਘ ਨੇ ਸਰਵਣ ਕਰਵਾਇਆ।
                         ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਸਥਾਪਤ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਲਈ ਕੇਵਲ ਇਮਾਰਤ ਨਹੀਂ ਸਗੋਂ ਇਹ ਸੱਚਾ ਸੁੱਚਾ ਸੰਕਲਪ ਹੈ, ਜਿਸ ਨੇ ਕੌਮ ਦੀ ਅਜ਼ਾਦ ਹੋਂਦ ਹਸਤੀ ਨੂੰ ਰੂਪਮਾਨ ਕੀਤਾ।ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਰਾਜਸੀ ਮਤਭੇਦ ਭੁਲਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਸ਼ਾਨ ਹੇਠ ਇਕੱਠੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਅਸੀਂ ਚਾਹੁੰਦੇ ਹਾਂ ਕਿ ਸਾਡੀਆਂ ਗੁਲਾਮੀ ਦੀਆਂ ਜੰਜੀਰਾਂ ਟੁੱਟਣ, ਤਾਂ ਸਾਨੂੰ ਇਕ ਨਿਸ਼ਾਨ ਇਕ ਵਿਧਾਨ ਹੇਠ ਇਕੱਠੇ ਹੋ ਕੇ ਕੌਮ ਦੀ ਚੜ੍ਹਦੀ ਕਲਾ ਲਈ ਸਾਂਝੇ ਯਤਨ ਕਰਨੇ ਹੋਣਗੇ।ਉਨ੍ਹਾਂ ਸਿੱਖ ਜਗਤ ਨੂੰ ਗੁਰੂ ਬਖ਼ਸ਼ੀ ਰਹਿਣੀ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ ਅਤੇ ਗੁਰਬਾਣੀ ਅਨੁਸਾਰ ਜੀਵਨ ਸੇਧਾਂ ਨਿਰਧਾਰਤ ਕਰਨ ਲਈ ਕਿਹਾ।
                  ਇਸੇ ਦੌਰਾਨ ਸ਼ੁੱਕਰਵਾਰ ਦੀ ਸ਼ਾਮ ਨੂੰ ਸਥਾਪਨਾ ਦਿਵਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਰਵਾਇਤੀ ਸਿੱਖ ਸਾਜ਼ਾਂ ਨਾਲ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ।
                   ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਮਲਕੀਤ ਸਿੰਘ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ, ਨਿਰਵੈਲ ਸਿੰਘ, ਗੁਰਚਰਨ ਸਿੰਘ ਕੁਹਾਲਾ, ਲਖਬੀਰ ਸਿੰਘ, ਪਰਮਜੀਤ ਸਿੰਘ ਦੁਨੀਆ ਮਾਜ਼ਰਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਫੈਡਰੇਸ਼ਨ ਆਗੂ ਅਮਰਬੀਰ ਸਿੰਘ ਢੋਟ, ਆਨਰੇਰੀ ਸਕੱਤਰ ਗੁਰਮੀਤ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਸੁਖਰਾਜ ਸਿੰਘ, ਨਰਿੰਦਰ ਸਿੰਘ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਜਸਪਾਲ ਸਿੰਘ ਢੱਡੇ ਅਤੇ ਸੰਗਤਾਂ ਮੌਜੂਦ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …