Tuesday, March 10, 2026

2015 ਦੇ ਬੇਅਦਬੀ ਮਾਮਲੇ ’ਚ ਸਿਆਸਤ ਕਰਨ ਵਾਲੇ ਮੁਆਫ਼ੀ ਮੰਗਣ- ਐਡਵੋਕੇਟ ਧਾਮੀ

ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਨ 2015 ’ਚ ਵਾਪਰੇ ਬੇਅਦਬੀ ਮਾਮਲੇ ’ਤੇ ਜਾਂਚ ਟੀਮ ਵੱਲੋਂ ਹਾਲ ਹੀ ਵਿਚ ਪੇਸ਼ ਕੀਤੀ ਰਿਪੋਰਟ ਬਾਰੇ ਗੱਲ ਕਰਦਿਆਂ ਆਖਿਆ ਕਿ ਬੇਅਦਬੀ ਮਾਮਲਿਆਂ ’ਤੇ ਬੀਤੇ ’ਚ ਸਿਆਸਤ ਕਰਨ ਵਾਲੇ ਆਗੂਆਂ ਨੂੰ ਸਿੱਖ ਪੰਥ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਰਿਪੋਰਟ ਵਿਚ ਸਾਫ ਤੌਰ ’ਤੇ ਸਾਹਮਣੇ ਆਇਆ ਹੈ ਕਿ ਇਹ ਬੇਅਦਬੀ ਡੇਰਾ ਸਿਰਸਾ ਮੁਖੀ ਅਤੇ ਉਸ ਦੇ ਲੋਕਾਂ ਵੱਲੋਂ ਕੀਤੀ ਗਈ ਸੀ, ਜਿਸ ਵਿਚ ਤਤਕਾਲੀ ਅਕਾਲੀ ਸਰਕਾਰ ਦਾ ਕੋਈ ਹੱਥ ਨਹੀਂ ਸੀ।ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਬੀਤੇ ਸਮੇਂ ’ਚ ਸਰਕਾਰਾਂ ਵੱਲੋਂ ਜਾਣਬੁਝ ਕੇ ਸੋਝੀ ਸਮਝੀ ਮਨਸ਼ਾ ਤਹਿਤ ਸਿਆਸੀ ਲਾਹੇ ਲਈ ਪੰਥਕ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਭੰਡਿਆ ਗਿਆ, ਜਿਸ ਲਈ ਇਹ ਲੋਕ ਮੁਆਫ਼ੀ ਮੰਗਣ।ਉਨ੍ਹਾਂ ਕਿਹਾ ਕਿ ਬੇਅਦਬੀ ਦੀ ਘਟਨਾ ਵਾਪਰਦਿਆਂ ਹੀ ਸਮੇਂ ਦੀ ਅਕਾਲੀ ਸਰਕਾਰ ਨੇ ਐਫ.ਆਈ.ਆਰ ਦਰਜ਼ ਕਰਕੇ ਜਾਂਚ ਆਰੰਭੀ ਸੀ, ਪਰ ਸਿੱਖ ਜਥੇਬੰਦੀਆਂ ਦੀ ਮੰਗ ’ਤੇ ਸਰਕਾਰ ਵੱਲੋਂ ਮਾਮਲਾ ਸੀ.ਬੀ.ਆਈ ਨੂੰ ਸੌਂਪ ਦਿੱਤਾ ਗਿਆ।
                ਧਾਮੀ ਨੇ ਕਿਹਾ ਕਿ ਇਸ ਮਗਰੋਂ ਕਾਂਗਰਸ ਦੀ ਸਰਕਾਰ 5 ਸਾਲ ਇਸ ’ਤੇ ਸਿਆਸਤ ਕਰਦੀ ਰਹੀ।ਕਾਂਗਰਸ ਸਰਕਾਰ ਵੱਲੋਂ ਬਣਾਈ ਗਈ ਜਾਂਚ ਟੀਮ ਦੇ ਪੱਖਪਾਤੀ ਰਵੱਈਏ ਕਰਕੇ ਮਾਣਯੋਗ ਹਾਈਕੋਰਟ ਨੇ ਉਸ ਦੀ ਰਿਪੋਰਟ ਰੱਦ ਕਰ ਦਿੱਤੀ ਅਤੇ ਨਵੀਂ ਜਾਂਚ ਟੀਮ ਬਣਾਉਣ ਦਾ ਆਦੇਸ਼ ਦਿੱਤਾ ਸੀ।ਇਸ ਨਵੀਂ ਜਾਂਚ ਟੀਮ ਦੀ ਸਾਹਮਣੇ ਆਈ ਰਿਪੋਰਟ ਤੋਂ ਜ਼ਾਹਿਰ ਹੋ ਚੁੱਕਾ ਹੈ ਕਿ ਬੇਅਦਬੀ ਮਾਮਲਿਆਂ ਵਿਚ ਤਤਕਾਲੀ ਸਰਕਾਰ ਦਾ ਕੋਈ ਰੋਲ ਨਹੀਂ ਸੀ।ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …