ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ ਸੱਗੂ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਲਿਆ।
ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਵੱਲੋਂ ਸਿੱਖ ਕੌਮ ਨੂੰ ਮੀਰੀ ਪੀਰੀ ਦੇ ਸਿਧਾਂਤ ਨਾਲ ਜੋੜ ਕੇ ਜੋ ਮਾਰਗ ਦਿਖਾਇਆ ਗਿਆ, ਉਹ ਅਧਿਆਤਮ ਨਾਲ ਜੁੜਨ ਦੇ ਨਾਲ-ਨਾਲ ਮਜਲੂਮਾਂ ਦੀ ਰੱਖਿਆ ਕਰਨ ਵਾਲਾ ਹੈ।ਉਨ੍ਹਾਂ ਕਿਹਾ ਕਿ ਦੁਨੀਆਂ ਦੇ ਇਤਿਹਾਸ ਅੰਦਰ ਲੋਕ ਰੂਹਾਨੀਅਤ ਅਤੇ ਰਾਜਸੀ ਸ਼ਕਤੀ ਅੱਗੇ ਝੁਕਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਰੂਹਾਨੀਅਤ ਤਾਕਤ ਨਾਲ ਲੋਕਾਈ ਨੂੰ ਆਪਣੇ ਨਾਲ ਜੋੜਿਆ।ਛੇਵੇਂ ਪਾਤਸ਼ਾਹ ਨੇ ਰੂਹਾਨੀਅਤ ਦੇ ਨਾਲ-ਨਾਲ ਸਿੱਖਾਂ ਨੂੰ ਰਾਜਸੀ ਸ਼ਕਤੀ ਲਈ ਵੀ ਪ੍ਰੇਰਿਆ।ਰਾਜਸੀ ਸ਼ਕਤੀ ਤੇਗ ਦੀ ਧਾਰ ਵਿੱਚੋਂ ਹੀ ਪੈਦਾ ਹੁੰਦੀ ਹੈ ਅਤੇ ਇਹ ਉਦੋਂ ਸੰਭਵ ਹੁੰਦਾ ਹੈ, ਜਦੋਂ ਤੇਗ ਫੜਨ ਵਾਲੀ ਕੌਮ ਵਿਚ ਏਕਤਾ ਤੇ ਇਤਫਾਕ ਹੋਵੇ।ਉਨ੍ਹਾਂ ਸਿੱਖ ਕੌਮ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਸਿਧਾਂਤਾਂ ਨੂੰ ਸੰਭਾਲਣ ਦੀ ਅਪੀਲ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ ਅਤੇ ਆਪਣੀਆਂ ਰਵਾਇਤਾਂ ਤੇ ਪ੍ਰੰਪਰਾਵਾਂ ’ਤੇ ਪਹਿਰਾ ਦੇਣ ਲਈ ਆਖਿਆ।ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਛੇਵੇਂ ਪਾਤਸ਼ਾਹ ਜੀ ਦੇ ਮੀਰੀ ਪੀਰੀ ਦਿਵਸ ਦੀ ਸਿੱਖ ਸੰਗਤ ਨੂੰ ਵਧਾਈ ਦਿੱਤੀ।
ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਇਤਿਹਾਸਕ ਮੀਰੀ ਤੇ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ ਗਏ। ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਤੇ ਸੁਖਵਰਸ਼ ਸਿੰਘ ਪੰਨੂੰ, ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਵਰਪਾਲ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਇੰਚਾਰਜ਼ ਸ਼ਾਹਬਾਜ਼ ਸਿੰਘ, ਮਲਕੀਤ ਸਿੰਘ ਬਹਿੜਵਾਲ, ਬਾਬਾ ਮੇਜਰ ਸਿੰਘ, ਡਾ. ਅਮਰਜੀਤ ਸਿੰਘ, ਮੈਨੇਜਰ ਸੁਖਰਾਜ ਸਿੰਘ, ਨਰਿੰਦਰ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ, ਜਸਪਾਲ ਸਿੰਘ ਢੱਡੇ ਆਦਿ ਮੌਜ਼ੂਦ ਸਨ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media