ਸ਼੍ਰੋਮਣੀ ਕਮੇਟੀ ਦਫ਼ਤਰ ‘ਚ ਸ਼ੋਕ ਸਭਾ, ਬਾਅਦ ਦੁਪਹਿਰ ਰਹੇ ਬੰਦ ਦਫ਼ਤਰ
ਅੰਮ੍ਰਿਤਸਰ, 11 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਰਤਨ ਸਿੰਘ ਜੱਫਰਵਾਲ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਜਥੇਦਾਰ ਰਤਨ ਸਿੰਘ ਜੱਫਰਵਾਲ 1996 ਤੋਂ 2004 ਤੱਕ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰ ਵਜੋਂ ਵੀ ਸੇਵਾ ਨਿਭਾਅ ਚੁੱਕੇ ਹਨ। ਮੌਜੂਦਾ ਸਮੇਂ ਉਨ੍ਹਾਂ ਦੀ ਪਤਨੀ ਬੀਬੀ ਜਸਬੀਰ ਕੌਰ ਜੱਫਰਵਾਲ ਸ਼੍ਰੋਮਣੀ ਕਮੇਟੀ ਦੇ ਧਾਰੀਵਾਲ ਹਲਕੇ ਤੋਂ ਮੈਂਬਰ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਥੇਦਾਰ ਜੱਫਰਵਾਲ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇਕ ਟਕਸਾਲੀ ਅਕਾਲੀ ਆਗੂ ਸਨ, ਜਿਨ੍ਹਾਂ ਨੇ ਸਾਰਾ ਜੀਵਨ ਪੰਥ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਅਕਾਲੀ ਮੋਰਚਿਆਂ, ਐਮਰਜੈਂਸੀ, ਧਰਮ ਯੁੱਧ ਮੋਰਚੇ ਦੌਰਾਨ ਹਿੱਸਾ ਲਿਆ ਅਤੇ ਕਈ ਵਾਰ ਜੇਲ੍ਹ ਯਾਤਰਾ ਕੀਤੀ।ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਜੱਫਰਵਾਲ ਦੇ ਚਲਾਣੇ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ, ਜੋ ਪੂਰਾ ਨਹੀਂ ਹੋ ਸਕਦਾ।ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ਕਰਕੇ ਜਥੇਦਾਰ ਰਤਨ ਸਿੰਘ ਜੱਫਰਵਾਲ ਨੂੰ ਸ਼ਰਧਾਜਲੀ ਭੇਟ ਕੀਤੀ ਗਈ।ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਕੀਤੇ ਗਏ ਅਤੇ ਵਿਛੜੀ ਰੂਹ ਨਮਿਤ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ।
ਸ਼ੋਕ ਸਮੇਂ ਸਮੇਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਗੁਰਚਰਨ ਸਿੰਘ ਕੁਹਾਲਾ, ਪਰਮਜੀਤ ਸਿੰਘ ਦੁਨੀਆ ਮਾਜਰਾ, ਸੁਪਰਂਡੈਂਟ ਮਲਕੀਤ ਸਿੰਘ ਬਹਿੜਵਾਲ ਸਮੇਤ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਮੁਲਾਜ਼ਮ ਹਾਜ਼ਰ ਸਨ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅੱਧਾ ਦਿਨ ਬੰਦ ਰੱਖੇ ਗਏ।