5 ਜੁਲਾਈ ਨੂੰ ਦੁਬਈ ਵਿੱਚ ਹੋਈ ਸੀ ਮੌਤ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ ਸੱਗੂ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਫਿਰੋਜ਼ਪੁਰ ਕੈਂਟ ਨਾਲ ਸਬੰਧਤ 35 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਬੂਟਾ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਡਾ. ਐਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਸਵਾ ਸਾਲ ਪਹਿਲਾਂ ਹੀ ਦੁਬਈ ਆਇਆ ਸੀ।ਬਦਕਿਸਮਤੀ ਨਾਲ ਬੀਤੀ 5 ਜੁਲਾਈ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸ ਦੀ ਮੌਤ ਹੋ ਗਈ ਸੀ।ਡਾ. ਓਬਰਾਏ ਨੇ ਕਿਹਾ ਕਿ ਇਸ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਬਜ਼਼ੁਰਗ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਮਦਦ ਮੰਗੀ ਸੀ, ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ `ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਮ੍ਰਿਤਕ ਦੇਹ ਭਾਰਤ ਭੇਜੀ ਹੈ।ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਉਸ ਦੀ ਦੁਬਈ ਰਹਿੰਦੀ ਭੈਣ, ਦੋਸਤਾਂ ਤੇ ਹੋਰ ਹਮਦਰਦਾਂ ਨੇ ਸਾਂਝੇ ਰੂਪ `ਚ ਕੀਤਾ ਹੈ।
ਪੀੜ੍ਹਤ ਪਰਿਵਾਰ ਨਾਲ ਹਵਾਈ ਅੱਡੇ `ਤੇ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵਲੋਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਤੇ ਖਜ਼ਾਨਚੀ ਨਵਜੀਤ ਘਈ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 305 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
ਇਸ ਦੌਰਾਨ ਹਵਾਈ ਅੱਡੇ ‘ਤੇ ਪਹੁੰਚੀ ਗੁਰਪ੍ਰੀਤ ਦੀ ਭੈਣ ਮਨਜੀਤ ਕੌਰ, ਜੀਜਾ ਵਿਕਰਮਜੀਤ ਸਿੰਘ, ਚਾਚਾ ਓਮ ਪ੍ਰਕਾਸ਼ ਅਤੇ ਪ੍ਰਦੀਪ ਰਾਣਾ ਤੇ ਬਲਵਿੰਦਰ ਸਿੰਘ ਨੇ ਡਾ.ਐਸ.ਪੀ ਸਿੰਘ ਓਬਰਾਏ ਦਾ ਸ਼ੁਕਰਾਨਾ ਕੀਤਾ।