Sunday, November 15, 2026

ਅੰਬਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਬਾਲਾ ਦੇ ਬਬਿਆਲ ਪਿੰਡ ਦੇ ਪੰਜਾਬੀ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਸਰਬਉਚ ਹਨ, ਜਿਨ੍ਹਾਂ ਪ੍ਰਤੀ ਹਰ ਸਿੱਖ ਦੇ ਮਨ ਵਿਚ ਸ਼ਰਧਾ ਤੇ ਸਤਿਕਾਰ ਹੈ।ਉਨ੍ਹਾਂ ਕਿਹਾ ਕਿ ਸਿੱਖ ਗੁਰਬਾਣੀ ਦੀ ਬੇਅਦਬੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ।ਕੁੱਝ ਨੀਵੀਂ ਮਾਨਸਿਕਤਾ ਵਾਲੀਆਂ ਤਾਕਤਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਅੰਬਾਲਾ ਵਿਖੇ ਬਬਿਆਲ ਦੇ ਮੇਨ ਬਜ਼ਾਰ ਅੰਦਰ ਸਥਿਤ ਪੰਜਾਬੀ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਹੈ, ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਅੰਗ ਪਾੜ ਕੇ ਪੀੜ੍ਹਾ ਸਾਹਿਬ ਤੋਂ ਥੱਲੇ ਸੁੱਟੇ ਗਏ ਹਨ।ਉਨ੍ਹਾਂ ਕਿਹਾ ਕਿ ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਹੋਰ ਸਿੰਘਾਂ ਸਮੇਤ ਘਟਨਾ ਸਥਾਨ ’ਤੇ ਪਹੁੰਚੇ, ਜਿਨ੍ਹਾਂ ਨੇ ਸਥਾਨਕ ਸੰਗਤ ਜ਼ਰੀਏ ਅੰਬਾਲਾ ਦੇ ਮਹੇਸ਼ ਨਗਰ ਪੁਲਿਸ ਥਾਣਾ ਵਿਖੇ ਪਰਚਾ ਦਰਜ਼ ਕਰਵਾ ਦਿੱਤਾ ਹੈ। ਐਡਵੋਕੇਟ ਧਾਮੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਿਨੌਣੀ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਇਸ ਪਿਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਬੇਪਰਦਾ ਕੀਤਾ ਜਾਵੇ ਅਤੇ ਇਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤਾਂ ਜੋ ਕੋਈ ਵੀ ਅਜਿਹਾ ਕੰਮ ਕਰਨ ਦੀ ਹਿੰਮਤ ਨਾ ਕਰੇ।

Check Also

‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ …