Tuesday, May 6, 2025
Breaking News

ਜੇ.ਈ ਦੀ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕੜੇ ਲਾਹੁਣ ਲਈ ਮਜ਼ਬੂਰ ਕਰਨ ਦਾ ਧਾਮੀ ਨੇ ਲਿਆ ਨੋਟਿਸ

ਕਿਹਾ, ਸਰਕਾਰ ਦੋਸ਼ੀ ਅਧਿਕਾਰੀਆਂ ਖਿਲਾਫ ਕਰੇ ਸਖ਼ਤ ਕਾਰਵਾਈ

ਅੰਮ੍ਰਿਤਸਰ, 26 ਜੁਲਾਈ (ਜਗਦੀਪ ਸਿੰਘ) – ਪੰਜਾਬ ਦੀ ਧਰਤੀ ’ਤੇ ਹੁੰਦੀਆਂ ਸਰਕਾਰੀ ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਕੇਂਦਰ ਵਿਚ ਦਾਖ਼ਲ ਹੋਣ ਲਈ ਸਿੱਖ ਵਿਦਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ ਮਾਮਲੇ ਸਰਕਾਰ ਦੀ ਸਿੱਖਾਂ ਪ੍ਰਤੀ ਬਦਨੀਤੀ ਨੂੰ ਦਰਸਾਉਣ ਵਾਲੇ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
                 ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਠਿੰਡਾ ਦੇ ਮਲੋਟ ਰੋਡ ਸਥਿਤ ਰੀਜਨਲ ਪੋਲੀਟੈਕਨਿਕ ਕਾਲਜ ’ਚ ਪ੍ਰਸ਼ਾਸਨ ਵੱਲੋਂ ਜੇ.ਈ ਦੀ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕੜੇ ਉਤਾਰਨ ਲਈ ਮਜਬੂਰ ਕਰਨ ’ਤੇ ਪ੍ਰਤੀਕਰਮ ਦਿੰਦਿਆਂ ਕੀਤਾ।ਐਡਵੋਕੇਟ ਧਾਮੀ ਨੇ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਅੰਗ ਹਨ, ਜਿਨ੍ਹਾਂ ਨੂੰ ਸਿੱਖ ਆਪਣੇ ਸਰੀਰ ਤੋਂ ਕਦੇ ਵੀ ਅਲੱਗ ਨਹੀਂ ਕਰਦਾ।ਉਨ੍ਹਾਂ ਕਿਹਾ ਕਿ ਪਹਿਲਾਂ ਦੇਸ਼ ਦੇ ਦੂਜੇ ਸੂਬਿਆਂ ਤੋਂ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਸਨ, ਜਿਸ ਵਿਚ ਸਿੱਖ ਪ੍ਰੀਖਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜਬੂਰ ਕੀਤਾ ਜਾਂਦਾ ਸੀ।ਪਰ ਹੁਣ ਪੰਜਾਬ ਵਿਚ ਅਜਿਹਾ ਵਾਪਰਨਾ ਦੁੱਖਦਾਈ ਤਾਂ ਹੈ ਹੀ ਨਾਲ ਹੀ ਪੰਜਾਬ ਸਰਕਾਰ ਦੀ ਕਾਰਜਸ਼ੈਲੀ ’ਤੇ ਵੀ ਵੱਡਾ ਸਵਾਲ ਹੈ।ਇਨ੍ਹਾਂ ਘਟਨਾਵਾਂ ਤੋਂ ਇੰਝ ਲੱਗਦਾ ਹੈ ਕਿ ਜਿਵੇਂ ਸਿੱਖਾਂ ਨੂੰ ਚਿੜਾਉਣ ਦੇ ਯਤਨ ਹੋ ਰਹੇ ਹੋਣ। ਉਨ੍ਹਾਂ ਪੰਜਾਬ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਇਸ ਘਟਨਾ ਦੇ ਦੋਸ਼ੀ ਅਧਿਕਾਰੀਆਂ ਖਿਲਾਫ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦਾ ਮੁਕੱਦਮਾ ਦਰਜ਼ ਕਰਕੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਅੱਗੇ ਤੋਂ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਵਿਚ ਅਜਿਹੀ ਘਟਨਾ ਨਾ ਵਾਪਰੇ।

Check Also

ਪੂਰੇ ਸਮੈਸਟਰ ਦੌਰਾਨ ਵੱਧ ਹਾਜ਼ਰੀਆਂ ਲਗਾਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਅਕਸਰ ਹੀ ਦੇਖਿਆ ਗਿਆ ਹੈ ਕਿ ਸਕੂਲ, ਕਾਲਜ ਪ੍ਰਬੰਧਕਾਂ …