ਹਜ਼ਾਰਾਂ ਕਿਸਾਨ ਮਜ਼ਦੂਰ ਧਰਨਿਆਂ ਵਿੱਚ ਹੋਣਗੇ ਸ਼ਾਮਲ – ਪੰਧੇਰ, ਚੱਬਾ
ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ ਸੱਗੂ) – ਕਿਸਾਨ ਮਜ਼ਦੂਰ ਸੰਘਰਸ਼਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਜਾਰੀ ਬਿਆਨ ਵਿੱਚ ਦੱਸਿਆ ਹੈ ਕਿ 31 ਜੁਲਾਈ ਦੇ ਦੇਸ਼ ਪੱਧਰੀ ਚੱਕਾ ਜ਼ਾਮ ਦੀਆਂ ਜਥੇਬੰਦੀ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਉਨਾਂ ਕਿਹਾ ਕਿ ਅੰਮ੍ਰਿਤਸਰ ਜਿਲ੍ਹੇ ਦੇ 19 ਜ਼ੋਨਾਂ ਦੀਆਂ ਮੀਟਿੰਗਾਂ ਕਰ ਕੇ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਨੂੰ ਲਾਮਬੰਦ ਕੀਤਾ ਗਿਆ ਅਤੇ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਇਸ ਮੋਰਚੇ ਵਿੱਚ ਹਜ਼ਾਰਾਂ ਕਿਸਾਨ, ਮਜ਼ਦੂਰ ਤੇ ਬੀਬੀਆਂ ਆਦਿ ਮੰਗ ਕਰਨਗੇ ਕਿ ਸਾਰੀਆਂ ਫ਼ਸਲਾਂ ਦੀ ਸਰਕਾਰੀ ਖਰੀਦ ਲਈ ਐਮ.ਐਸ.ਪੀ ਦਾ ਗਰੰਟੀ ਕਾਨੂੰਨ ਲਾਗੂ ਕੀਤਾ ਜਾਵੇ, ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਦਿੱਲੀ ਕਿਸਾਨ ਅੰਦੋਲਨ ਦੌਰਾਨ ਪਾਏ ਸਾਰੇ ਕੇਸ ਰੱਦ ਕੀਤੇ ਜਾਣ ਅਤੇ ਸ਼ਹੀਦ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ ਦਿੱਤੀ ਜਾਵੇ, ਪੰਜਾਬ ਦੇ ਪਾਣੀਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਲਈ ਲਗਾਏ ਜਾ ਰਹੇ ਸਾਰੇ ਪ੍ਰੋਜੈਕਟ ਰੱਦ ਕੀਤੇ ਜਾਣ ਅਤੇ ਧਰਤੀ ਹੇਠਲਾ ਪਾਣੀ ਗੰਦਾ ਕਰ ਰਹੀਆਂ ਫੈਕਟਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।