Monday, May 12, 2025
Breaking News

ਭੋਪਾਲ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜਾ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ

ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਕਈ ਤਰ੍ਹਾਂ ਦੇ ਉਪਰਾਲੇ ਆਰੰਭੇ ਹੋਏ ਹਨ, ਜਿਸ ਤਹਿਤ ਜਿਥੇ ਇਨ੍ਹਾਂ ਦੇ ਬੱਚਿਆਂ ਦੀ ਫੀਸਾਂ ਦਾ ਪ੍ਰਬੰਧ ਕੀਤਾ ਗਿਆ ਹੈ, ਉਥੇ ਹੀ ਸਿਕਲੀਗਰ ਤੇ ਵਣਜਾਰੇ ਸਿੱਖਾਂ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਮੇਂ-ਸਮੇਂ ਜਥਿਆਂ ਦੇ ਰੂਪ ਵਿਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ।ਇਸੇ ਤਹਿਤ ਅੱਜ ਭੋਪਾਲ ਤੋਂ ਇਕ ਜਥਾ ਦਲੀਪ ਸਿੰਘ ਦੀ ਅਗਵਾਈ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਾ ਹੈ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੀ-ਆਇਆਂ ਕਿਹਾ।ਇਹ ਜਥਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਾ ਹੈ।
                ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿਕਲੀਗਰ ਅਤੇ ਵਣਜਾਰੇ ਸਿੱਖ ਕੌਮ ਦਾ ਅਹਿਮ ਅੰਗ ਹਨ, ਜਿਨ੍ਹਾਂ ਦੀ ਭਲਾਈ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨਸ਼ੀਲ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਉਨ੍ਹਾਂ ਦੀਆਂ ਸਕੂਲ ਫੀਸਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ ਅਤੇ ਪਿਛਲੇ ਸਮੇਂ ਦੌਰਾਨ ਇਨ੍ਹਾਂ ਸਿੱਖ ਪਰਿਵਾਰਾਂ ਨੂੰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਦਾ ਵੀ ਫੈਸਲਾ ਕੀਤਾ ਗਿਆ ਸੀ।ਉਨ੍ਹਾਂ ਕਿਹਾ ਕਿ ਇਸੇ ਤਹਿਤ 315 ਸ਼ਰਧਾਲੂਆਂ ਦਾ ਜਥਾ ਪੰਜਾਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਪੁੱਜਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਹਰ ਸੰਭਵ ਸਹਾਇਤਾ ਦੇਣ ਲਈ ਵਚਨਬਧ ਹੈ ਅਤੇ ਇਸ ਦਿਸ਼ਾ ਵਿਚ ਨਿਰੰਤਰ ਕਾਰਜ਼ ਕੀਤੇ ਜਾਣਗੇ।
ਜਥੇ ਦੇ ਆਗੂ ਦਲੀਪ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਮਾਣ-ਸਨਮਾਣ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਯਾਤਰਾ ਲਈ ਕੀਤੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦਾ ਧੰਨਵਾਦ ਕੀਤਾ।
                    ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰ ਸਿੰਘ ਪੰਨੂ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਗੁਰਮੀਤ ਸਿੰਘ ਬੁੱਟਰ, ਪਰਮਜੀਤ ਸਿੰਘ ਦੁਨੀਆ ਮਾਜਰਾ, ਕੁਲਦੀਪ ਸਿੰਘ ਰੋਡੇ, ਸੁਪਰਡੰਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਮੇਜਰ ਸਿੰਘ ਸਮੇਤ ਹੋਰ ਮੌਜੂਦ ਸਨ।

Check Also

ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ

ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …