Friday, March 13, 2026

ਸੁਨਾਮ ‘ਚ ਬਣਾਈ ਜਾਵੇਗੀ ਸਨਅਤੀ ਅਸਟੇਟ – ਅਮਨ ਅਰੋੜਾ

ਉਦਯੋਗਾਂ ਨਾਲ ਜੁੜੀਆਂ ਸਮੱਸਿਆਵਾਂ ਸਮਝਣ ਲਈ ਕਾਰੋਬਾਰੀਆਂ ਤੇ ਸਨਅਤਕਾਰਾਂ ਨਾਲ ਕੀਤੀਆਂ ਵਿਚਾਰਾਂ

ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ ) – ਸੂਬੇ ਵਿੱਚ ਸਨਅਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਸੁਨਾਮ ਊਧਮ ਸਿੰਘ ਵਾਲਾ ਵਿਖੇ ਉਦਯੋਗਿਕ ਅਸਟੇਟ ਦੀ ਸਥਾਪਨਾ ਕੀਤੀ ਜਾਵੇਗੀ, ਇਹ ਗੱਲ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਸ਼ਨਿਚਰਵਾਰ ਨੂੰ ਸਥਾਨਕ ਐਸ.ਯੂ.ਐਸ ਕਾਲਜ ਵਿਖੇ ਸਨਅਤਕਾਰਾਂ ਅਤੇ ਵਪਾਰੀਆਂ ਨਾਲ ਗੱਲਬਾਤ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ।
              ਜ਼ਮੀਨੀ ਪੱਧਰ ਦੇ ਅਜਿਹੇ ਸਮਾਗਮਾਂ ਦੀ ਮਹੱਤਤਾ ‘ਤੇੇ ਜ਼ੋਰ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਸਮਾਗਮਾਂ ਨਾਲ ਉਦਯੋਗਾਂ ਨੂੰ ਦਰਪੇਸ਼ ਅਸਲ ਸਮੱਸਿਆਵਾਂ ਨੂੰ ਸਮਝਣ ਵਿੱਚ ਮਦਦ ਮਿਲਦੀ ਹੈ ਅਤੇ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਕਾਰੋਬਾਰ-ਪੱਖੀ ਨੀਤੀਆਂ ਤਿਆਰ ਕਰਨ ਵਿੱਚ ਵੀ ਸਹਾਈ ਹੁੰਦੇ ਹਨ।ਪ੍ਰੋਗਰਾਮ ਦਾ ਉਦੇਸ਼ ਸੁਨਾਮ ਊਧਮ ਸਿੰਘ ਵਾਲਾ ਵਿਖੇ ਪ੍ਰਸਤਾਵਿਤ ਨਵੀਂ ਸਨਅਤੀ ਅਸਟੇਟ ਦੀਆਂ ਲੋੜਾਂ ਨੂੰ ਸਮਝਣਾ ਸੀ।
                   ਸੀ.ਐਲ.ਯੂ ਅਤੇ ਐਨ.ਓ.ਸੀ ਪ੍ਰਾਪਤ ਕਰਨ ਵਿੱਚ ਦੇਰੀ ਸਬੰਧੀ ਸਨਅਤਕਾਰਾਂ ਦੀਆਂ ਸ਼ਿਕਾਇਤਾਂ ‘ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸੀ.ਐਲ.ਯੂ ਸਰਟੀਫਿਕੇਟ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ ਅਤੇ ਨਵਾਂ ਸਿਸਟਮ ਜਲਦੀ ਲਾਗੂ ਕਰ ਦਿੱਤਾ ਜਾਵੇਗਾ।
ਸਨਅਤਕਾਰਾਂ ਅਤੇ ਕਾਰੋਬਾਰੀਆਂ ਨੇ ਮੰਗ ਕੀਤੀ ਕਿ ਵੈਟ ਦੇ ਬਕਾਏ ਦੇ ਨਿਪਟਾਰੇ ਲਈ ਓ.ਟੀ.ਐਸ ਦੀ ਆਖਰੀ ਮਿਤੀ ਘੱਟੋ-ਘੱਟ 31 ਦਸੰਬਰ ਤੱਕ ਵਧਾਈ ਜਾਵੇ।ਐਸ.ਡੀ.ਆਈ.ਸੀ ਦੇ ਜਨਰਲ ਸਕੱਤਰ ਐਮ.ਪੀ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ `ਤੇ ਲਾਗੂ ਕੀਤੇ ਜਾ ਰਹੇ ਵਿਕਾਸ ਟੈਕਸ ਦੀ ਸੀਮਾ 2.5 ਲੱਖ ਤੋਂ ਵਧਾ ਕੇ 5 ਲੱਖ ਕੀਤੀ ਜਾਵੇ।
                ਸਥਾਨਕ ਉਦਯੋਗਪਤੀ ਬਲਵਿੰਦਰ ਜਿੰਦਲ ਵਲੋਂ ਸਨਅਤੀ ਫੋਕਲ ਪੁਆਇੰਟ ਦੇ ਨਵੀਆਂ ਉਦਯੋਗਿਕ ਇਕਾਈਆਂ ਸਥਾਪਤ ਕਰਨ ਵਿੱਚ ਸਹਾਈ ਹੋਣ ਸਬੰਧੀ ਦਿੱਤੇ ਸੁਝਾਅ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਪਾਰਕਾਂ ਨੂੰ ਵਿਕਸਤ ਕਰਨ ਲਈ ਲੈਂਡ ਪੂਲਿੰਗ ਨੀਤੀ ਸਫ਼ਲ ਰਹੀ ਹੈ ਅਤੇ ਸੁਨਾਮ ਵਿਖੇ ਪ੍ਰਸਤਾਵਿਤ ਇੰਡਸਟਰੀਅਲ ਅਸਟੇਟ ਵੀ ਇਸ ਨੀਤੀ ਤਹਿਤ ਵਿਕਸਤ ਕੀਤੀ ਜਾ ਸਕਦੀ ਹੈ।
                   ਅਮਨ ਅਰੋੜਾ ਨੇ ਉਨ੍ਹਾਂ ਨੂੰ ਸਰਕਾਰ ਪੱਧਰ `ਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ ਕਾਰੋਬਾਰ ਪੱਖੀ ਮਾਹੌਲ ਸਿਰਜਣ ਅਤੇ ਉਦਯੋਗਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਸਥਿਤ ਵਪਾਰਕ ਅਤੇ ਉਦਯੋਗਿਕ ਸਥਾਨਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ, ਜੋ ਸੂਬੇ ਦੀ ਆਰਥਿਕਤਾ ਨੂੰ ਹੋਰ ਹੁਲਾਰਾ ਦੇਣ ਵਿੱਚ ਮਦਦਗਾਰ ਹੋਵੇਗਾ।
                  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਇੰਡਸਟਰੀ ਨੂੰ ਪ੍ਰਫੱਲਿਤ ਕਰਨ ਲਈ ਵਪਾਰ ਲਈ ਸਾਜ਼ਗਾਰ ਮਾਹੌਲ ਯਕੀਨੀ ਬਣਾਉਣ ਪੂਰੀ ਤਰ੍ਹਾਂ ਵਚਨਬੱਧ ਹੈ।
                  ਇਸ ਮੌਕੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਜੋਏ ਕੁਮਾਰ ਸਿਨਹਾ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਜੁਆਇੰਟ ਡਾਇਰੈਕਟਰ ਉਦਯੋਗ ਵਿਸ਼ਵ ਬੰਧੂ, ਚੀਫ਼ ਟਾਊਨ ਪਲਾਨਰ ਪੰਕਜ ਬਾਵਾ, ਜੀ.ਐਮ ਡੀ.ਆਈ.ਸੀ ਸੁਬੋਧ ਜਿੰਦਲ ਅਤੇ ਵੱਡੀ ਗਿਣਤੀ ਵਿੱਚ ਉਦਯੋਗਪਤੀ ਅਤੇ ਵਪਾਰੀ ਵੀ ਹਾਜ਼ਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …