ਧੂਰੀ ਵਿਧਾਨ ਸਭਾ ਹਲਕੇ ਲਈ ਕਈ ਅਹਿਮ ਪ੍ਰਾਜੈਕਟਾਂ ਦਾ ਕੀਤਾ ਐਲਾਨ
ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ) – ਕਾਂਗਰਸੀਆਂ ਤੇ ਅਕਾਲੀਆਂ ਦੇ ਲੋਕ ਵਿਰੋਧੀ ਸਟੈਂਡ ਲੈਣ ਦੀ ਨੁਕਤਾਚੀਨੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਆਗੂ ‘ਸੁਪਨਿਆਂ ਦੀ ਦੁਨੀਆਂ’ ਵਿੱਚ ਜੀਅ ਰਹੇ ਹਨ ਅਤੇ ਸਮਝ ਰਹੇ ਹਨ ਕਿ ਉਹ ਹਾਲੇ ਵੀ ਸੱਤਾ ਵਿੱਚ ਹਨ।
ਧੂਰੀ ਵਿਖੇ 72ਵੇਂ ਸੂਬਾ ਪੱਧਰੀ ਵਣ ਮਹਾਉਤਸਵ ਮੌਕੇ ਕਰਵਾਏ ਸੂਬਾ ਪੱਧਰੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਵਿਧਾਨ ਸਭਾ ਚੋਣਾਂ ਦੌਰਾਨ ਝੰਬ ਸੁੱਟਣ ਵਾਲੀ ਹਾਰ ਦੇ ਸਦਮੇ ਵਿੱਚੋਂ ਹਾਲੇ ਤੱਕ ਬਾਹਰ ਨਹੀਂ ਆਏ ਹਨ।ਭਗਵੰਤ ਮਾਨ ਨੇ ਕਿਹਾ ਕਿ ਸੱਤਾ ਦੇ ਭੁੱਖੇ ਸਿਆਸਤਦਾਨ ਇਹ ਗੱਲ ਭੁੱਲ ਗਏ ਹਨ ਕਿ ਪੰਜਾਬ ਦੇ ਸਿਆਣੇ ਤੇ ਬਹਾਦਰ ਲੋਕਾਂ ਨੇ ਉਹ ਸਰਕਾਰ ਚੁਣੀ ਹੈ, ਜਿਹੜੀ ਉਤਸ਼ਾਹ ਨਾਲ ਉਨ੍ਹਾਂ ਦੀ ਸੇਵਾ ਕਰੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਰੜੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਆਗੂ ਪੰਜਾਬ ਵਿੱਚ 25 ਸਾਲ ਰਾਜ ਕਰਨ ਦੀਆਂ ਸ਼ੇਖ਼ੀਆਂ ਮਾਰਦੇ ਸਨ, ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।ਇਹ ਆਗੂ ਨਾ ਤਾਂ ਆਪਣੀ ਸੀਟ ਜਿੱਤਿਆ ਅਤੇ ਨਾ ਹੀ ਹੁਣ ਉਸ ਨੂੰ ਆਪਣੀ ਪਾਰਟੀ ਵਲੋਂ ਚੋਣ ਲੜਨ ਲਈ ਕੋਈ ਉਮੀਦਵਾਰ ਮਿਲ ਰਿਹਾ ਹੈ।ਉਨ੍ਹਾਂ ਕਿਹਾ ਕਿ ਸੱਤਾ ਵਿੱਚ ਹੁੰਦਿਆਂ ਇਨ੍ਹਾਂ ਆਗੂਆਂ ਨੂੰ ਇਹ ਗੱਲ ਭੁੱਲ ਗਈ ਸੀ ਕਿ ਜਮਹੂਰੀ ਢਾਂਚੇ ਵਿੱਚ ਲੋਕ ਸਭ ਤੋਂ ਉੱਪਰ ਹੁੰਦੇ ਹਨ ਅਤੇ ਜੇ ਇਕ ਦਫ਼ਾ ਤੁਸੀਂ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰੋਗੇ ਤਾਂ ਉਹ ਤੁਹਾਨੂੰ ਦੂਜਾ ਮੌਕਾ ਨਹੀਂ ਦੇਣਗੇ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀ ਸਿਆਸੀ ਪਿੜ ਵਿਚੋਂ ਗੈਰਹਾਜ਼ਰੀ ਉਤੇ ਉਂਗਲ ਉਠਾਈ।ਉਨ੍ਹਾਂ ਕਿਹਾ ਕਿ ਖ਼ੁਦ ਨੂੰ ਹਰੇਕ ਕੰਮ ਕਰਨ ਦੇ ਸਮਰੱਥ ਦੱਸਣ ਵਾਲਾ ਇਹ ਕਾਂਗਰਸੀ ਆਗੂ ਚੋਣਾਂ ਵਿੱਚ ਆਪਣੀ ਪਾਰਟੀ ਦੀ ਹਾਰ ਮਗਰੋਂ ਕਿਤੇ ਨਜ਼ਰ ਨਹੀਂ ਆ ਰਿਹਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੇਂ ਦਾ ਸੱਚ ਹੈ ਕਿ ਕਾਂਗਰਸ ਤੇ ਅਕਾਲੀ ਦਲ ਦੋਵਾਂ ਦੀ ਪੰਜਾਬ ਦੀ ਸਿਆਸਤ ਵਿੱਚ ਹੁਣ ਕੋਈ ਸਾਰਥਿਕਤਾ ਨਹੀਂ ਰਹੀ।ਲੋਕਾਂ ਨੇ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ।ਇਹ ਪਾਰਟੀਆਂ ਹੁਣ ਮੀਡੀਆ ਸਾਹਮਣੇ ਆਪਣੀ ਭੱਲ ਬਣਾਉਣ ਲਈ ਹੋਛੇ ਹਥਕੰਡਿਆਂ ਉਤੇ ਉਤਰੀਆਂ ਹੋਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਹੁਣ ਪ੍ਰਸ਼ਾਸਨਿਕ ਕੰਮਾਂ ਲਈ ਚੰਡੀਗੜ੍ਹ ਅਤੇ ਜ਼ਿਲ੍ਹਾ ਹੈਡ ਕੁਆਟਰਾਂ ਉਤੇ ਸਰਕਾਰੀ ਦਫ਼ਤਰਾਂ ਵਿੱਚ ਧੱਕੇ ਨਹੀਂ ਖਾਣੇ ਪੈਣਗੇ, ਕਿਉਂਕਿ ਸੂਬਾ ਸਰਕਾਰ ਸਾਰੀਆਂ ਸਹੂਲਤਾਂ ਲੋਕਾਂ ਦੇ ਘਰਾਂ ਵਿੱਚ ਪੁੱਜਦੀਆਂ ਕਰਨੀਆਂ ਯਕੀਨੀ ਬਣਾਏਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਇਮਾਨਦਾਰ ਆਗੂਆਂ ਦੀ ਟੀਮ ਲੋਕਾਂ ਦੀ ਸੇਵਾ ਵਿੱਚ ਜੁਟੀ ਹੋਈ ਹੈ।ਉਨ੍ਹਾਂ ਕਿਹਾ ਕਿ ਆਗਾਮੀ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ, ਜਿਥੇ ਲੋਕਾਂ ਨੂੰ ਮੁਫ਼ਤ ‘ਚ ਮਿਆਰੀ ਸਿਹਤ ਤੇ ਇਲਾਜ਼ ਸੇਵਾਵਾਂ ਮਿਲਣਗੀਆਂ।ਅਗਲੇ ਪੰਜ ਸਾਲਾਂ ਵਿੱਚ ਸੂਬੇ ‘ਚ 16 ਮੈਡੀਕਲ ਕਾਲਜ ਉਸਾਰੇ ਜਾਣਗੇ, ਜਿਸ ਨਾਲ ਮੈਡੀਕਲ ਕਾਲਜਾਂ ਦੀ ਗਿਣਤੀ ਵਧ ਕੇ 25 ਹੋ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਮੈਡੀਕਲ ਸਿੱਖਿਆ ਲੈਣ ਦੇ ਇੱਛੁਕ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਮੁਲਕਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਸੂਬੇ ਦੇ ਮੈਡੀਕਲ ਕਾਲਜਾਂ ਵਿੱਚ ਮਿਆਰੀ ਸਿੱਖਿਆ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਮਿਸਾਲੀ ਪਹਿਲਕਦਮੀ ਤਹਿਤ ਸਮਾਜ ਦੇ ਹਰੇਕ ਵਰਗ ਨੂੰ ਪ੍ਰਤੀ ਬਿਲਿੰਗ ਸਾਇਕਲ 600 ਯੂਨਿਟ ਬਿਜਲੀ ਮੁਫ਼ਤ ਦੇਵੇਗੀ।ਜਿਸ ਨਾਲ ਸੂਬੇ ਦੇ ਕੁੱਲ 74 ਲੱਖ ਘਰਾਂ ਵਿੱਚੋਂ 51 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਬਿੱਲ ਸਿਫ਼ਰ ਆਵੇਗਾ।ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਜਨਵਰੀ ਮਹੀਨੇ ਵਿੱਚ 68 ਲੱਖ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ।ਇਸ ਦੌਰਾਨ ਮੁੱਖ ਮੰਤਰੀ ਨੇ ਸਿੰਗਲ ਯੂਜ਼ ਪਲਾਸਟਿਕ ਤੋਂ ਛੁਟਕਾਰਾ ਪਾਉਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਅਤੇ ਆਉਣ ਵਾਲੀਆਂ ਨਸਲਾਂ ਲਈ ਵਾਤਾਵਰਨ ਬਚਾਉਣ ਵਾਸਤੇ ਵੱਧ ਤੋਂ ਵੱਧ ਪੌਦੇ ਲਾਉਣ ਲਈ ਪ੍ਰੇਰਿਆ।