ਅੰਮ੍ਰਿਤਸਰ, 12 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਦੇਖ-ਰੇਖ ਹੇਠ ਚਲ ਰਹੇ ਵਿੱਦਿਅਕ ਅਦਾਰੇ ਖਾਲਸਾ ਕਾਲਜ ਗਰਲਜ਼
ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਗਰਲਜ਼ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਪਿ੍ਰੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਲਗਾਏ ਗਏ ਤੀਜ਼ ਮੇਲੇ ’ਚ ਵੱਖ-ਵੱਖ ਕਲਾਸਾਂ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਵਿਖਾਉਂਦੇ ਹੋਏ ਅਲੱਗ- ਅਲੱਗ ਪੇਸ਼ਕਾਰੀਆਂ ਜਿਸ ’ਚ ਗਿੱਧਾ, ਭੰਗੜਾ, ਲੋਕ ਗੀਤ ਅਤੇ ਝੂੰਮਰ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।
ਪ੍ਰਿੰ: ਸ੍ਰੀਮਤੀ ਨਾਗਪਾਲ ਨੇ ਵਿਦਿਆਰਥੀਆਂ ਦੀ ਕਾਬਲੀਅਤ ਦੀ ਪ੍ਰਸੰਸ਼ਾ ਕਰਦਿਆਂ ਉਕਤ ਪੇਸ਼ਕਾਰੀਆਂ ਨੂੰ ਤਿਆਰ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਪੰਜਾਬੀ ਵਿਰਸੇ ਨਾਲ ਜੁੜਨ ਅਤੇ ਇਸ ਨੂੰ ਸੰਭਾਲ ਕੇ ਰੱਖਣ ਦਾ ਸੰਦੇਸ਼ ਦਿੱਤਾ।ਉਨ੍ਹਾਂ ਨੇ ਤੀਆਂ ਦੇ ਤਿਉਹਾਰ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਆਪਸੀ ਮੇਲ ਮਿਲਾਪ ਦਾ ਪ੍ਰਤੀਕ ਹੈ ਜਿਸ ’ਚ ਨਵ-ਵਿਆਹੀਆਂ ਅਤੇ ਕੁਆਰੀਆਂ ਕੁੜੀਆਂ ਤ੍ਰਿੰਝਣ ’ਚ ਇਕ ਰੁੱਖ ਦੇ ਹੇਠਾਂ ਬੈਠ ਕੇ ਆਪਸੀ ਖੁਸ਼ੀ ਦਾ ਪ੍ਰਗਟਾਅ ਅਤੇ ਦੁੱਖ ਸੁੱਖ ਸਾਂਝੇ ਕਰਦੀਆਂ ਹਨ।
ਇਸੇ ਤਰ੍ਹਾਂ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰ: ਸ੍ਰੀਮਤੀ ਗਿੱਲ ਨੇ ਅਧਿਆਪਕਾਂ, ਵਿਦਿਆਰਥਣਾਂ ਦੇ ਨਾਲ ਰਲ-ਮਿਲ ਕੇ ਖ਼ੁਸ਼ੀਆਂ-ਖੇੜਿਆਂ ਨਾਲ ਤਿਉਹਾਰ ਮਨਾਇਆ।ਵਿਦਿਆਰਥਣਾਂ ਦੁਆਰਾ ਲੋਕ ਨਾਚ ਲੁੱਡੀ, ਲੋਕ-ਗੀਤ ‘ਬਾਵਾ’, ਗਿੱਧਾ ਪੇਸ਼ ਕਰਕੇ ਮਾਹੌਲ ਨੂੰ ਰੰਗੀਨ ਬਣਾਇਆ। ਇਸ ਮੌਕੇ ਮਹਿੰਦੀ ਲਗਾਉਣ ਦੇ ਸਟਾਲ ਵੀ ਲਗਾਏ ਗਏ।
ਪ੍ਰਿੰ: ਗਿੱਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਮੀਰ ਪੰਜਾਬੀ ਸੱਭਿਆਚਾਰ ’ਤੇ ਪਏ ਪੱਛਮੀ ਸੱਭਿਆਚਾਰ ਦੇ ਪ੍ਰਭਾਵ ਸਦਕਾ ਸਾਡੀ ਨੌਜਵਾਨ ਪੀੜ੍ਹੀ ਆਪਣੇ ਅਮੀਰ ਵਿਰਸੇ ਨੂੰ ਭੁੱਲਦੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬੀ ਵਿਰਸੇ ਨੂੰ ਜਿਉਂਦੇ ਰੱਖਣ ਲਈ ਸਾਡੀ ਸੰਸਥਾ ਸ਼ੁਰੂ ਤੋਂ ਹੀ ਯਤਨਸ਼ੀਲ ਰਹੀ ਹੈ, ਇਸੇ ਲਈ ਇੱਥੇ ਹਰੇਕ ਤਿਉਹਾਰ ਨੂੰ ਧੂਮਧਾਮ ਨਾਲ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਤਿਉਹਾਰ ਮਨਾਉਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੀ ਪੀੜ੍ਹੀ ਆਪਣੇ ਸੱਭਿਆਚਾਰ ਦੀ ਸੰਭਾਲ ਕਰ ਸਕੇ ਅਤੇ ਇਸ ’ਚ ਨਵਾਂਪਨ ਲਿਆ ਸਕੇ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥਣਾਂ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media