Saturday, December 21, 2024

1947 ਦੀ ਵੰਡ ਸਮੇਂ ਮਾਰੇ ਗਏ ਲੱਖਾਂ ਪੰਜਾਬੀਆਂ ਦੀ ਯਾਦ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ

ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਦੇਸ਼ ਵੰਡ ’ਚ ਮਾਰੇ ਲੋਕਾਂ ਪ੍ਰਤੀ ਪਾਰਲੀਮੈਂਟ ’ਚ ਸ਼ੋਕ ਮਤੇ ਪਾਸ ਕਰਨ -ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ ਬਿਊਰੋ) – ਸੰਨ 1947 ’ਚ ਭਾਰਤ-ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਯਾਦ ਕੀਤਾ ਗਿਆ।ਇਸ ਸਬੰਧੀ ਵਿਸ਼ੇਸ਼ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਹੋਇਆ, ਜਿਸ ਵਿਚ ਦੇਸ਼ ਵੰਡ ਦੌਰਾਨ ਮਾਰੇ ਗਏ ਲੱਖਾਂ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
              ਅਰਦਾਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਅਤੇ ਉਜਾੜੇ ਦਾ ਦਰਦ ਹੰਢਾਉਣ ਵਾਲੇ ਲੱਖਾਂ ਲੋਕਾਂ ਪ੍ਰਤੀ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਸੰਸਦ ਵਿਚ ਸ਼ੋਕ ਮਤੇ ਪਾਸ ਕਰਨ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ 75ਵੀਂ ਵਰ੍ਹੇਗੰਢ ਮਨਾਉਂਦਿਆਂ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਉਜਾੜੇ ਦਾ ਸਿਤਮ ਹੰਢਾਉਣ ਵਾਲੇ ਲੋਕਾਂ ਨੂੰ ਪਾਰਲੀਮੈਂਟ ਅੰਦਰ ਯਾਦ ਕਰਦੀਆਂ ਅਤੇ ਆਪਣੇ ਆਪ ਸ਼ੋਕ ਮਤੇ ਲਿਆਉਂਦੀਆਂ, ਪਰ ਸਰਕਾਰਾਂ ਨੇ ਇਹ ਜ਼ਰੂਰੀ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸ਼ੋਕ ਮਤੇ ਜ਼ਰੂਰ ਪਾਸ ਕਰਨੇ ਚਾਹੀਦੇ ਹਨ ਅਤੇ ਇਸ ਦੇ ਨਾਲ ਹੀ 1947 ਤੋਂ ਪਹਿਲਾਂ ਜਨਮ ਲੈਣ ਵਾਲੇ ਲੋਕਾਂ ਨੂੰ ਆਪਣੀ ਜਨਮ ਭੂਮੀ ਅਤੇ ਧਾਰਮਿਕ ਅਸਥਾਨਾਂ ’ਤੇ ਜਾਣ ਲਈ ਖੁੱਲ੍ਹਦਿਲੀ ਨਾਲ ਵੀਜਿਆਂ ਦਾ ਵੀ ਪ੍ਰਬੰਧ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ 1947 ਦੀ ਦੇਸ਼ ਵੰਡ ਮੌਕੇ ਸਭ ਤੋਂ ਵੱਧ ਨੁਕਸਾਨ ਪੰਜਾਬੀਆਂ ਨੂੰ ਸਹਿਣਾ ਪਿਆ ਅਤੇ ਇਸ ਤੋਂ ਇਲਾਵਾ ਬੰਗਾਲੀਆਂ ਨੂੰ ਵੀ ਵੱਡੀ ਮਾਰ ਝੱਲਣੀ ਪਈ।ਅੰਗਰੇਜ਼ਾਂ ਖਿਲਾਫ ਪੰਜਾਬ ਤੇ ਬੰਗਾਲ ਦੇ ਲੋਕਾਂ ਨੇ ਸਭ ਤੋਂ ਵੱਧ ਜਦੋਜਹਿਦ ਕੀਤੀ, ਆਪਣੀਆਂ ਜਾਇਦਾਦਾਂ ਕੁਰਕ ਕਰਵਾਈਆਂ ਅਤੇ ਕੁਰਬਾਨੀਆਂ ਦਿੱਤੀਆਂ। ਪਰੰਤੂ ਆਜ਼ਾਦੀ ਸਮੇਂ ਇਨ੍ਹਾਂ ਦੋਹਾਂ ਸੂਬਿਆਂ ਨੂੰ ਹੀ ਤੋੜ ਦਿੱਤਾ ਗਿਆ।
                 ਉਨ੍ਹਾਂ ਕਿਹਾ ਕਿ ਪੰਜਾਬ ਦੀ ਗੱਲ ਕਰੀਏ ਤਾਂ ਜਿਥੇ ਪੰਜਾਬੀਆਂ ਨੂੰ ਵੱਡੀ ਗਿਣਤੀ ਵਿਚ ਜਾਨਾਂ ਗਵਾਉਣੀਆਂ ਪਈਆਂ, ਉਥੇ ਆਪਣੀਆਂ ਜ਼ਮੀਨਾਂ, ਜਾਇਦਾਦਾਂ, ਘਰਾਂ ਅਤੇ ਪਾਵਨ ਗੁਰਧਾਮਾਂ ਨੂੰ ਵੀ ਛੱਡਣਾ ਪਿਆ।ਉਨ੍ਹਾਂ ਕਿਹਾ ਕਿ ਪੰਜਾਬੀਆਂ ਅੰਦਰ ਇਹ ਦਰਦ ਅੱਜ ਵੀ ਜਿੰਦਾ ਹੈ ਅਤੇ ਉਹ ਜਿਥੇ ਆਪਣੀ ਜਨਮ ਭੂਮੀ ਵੇਖਣਾ ਚਾਹੁੰਦੇ ਹਨ, ਉਥੇ ਹੀ ਪਾਵਨ ਗੁਰਧਾਮਾਂ ਦੇ ਦਰਸ਼ਨ ਕਰਨ ਨੂੰ ਵੀ ਤਰਸਦੇ ਹਨ।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਜਿਸ ਤਰ੍ਹਾਂ ਮੁਸਲਮਾਨਾਂ ਨੂੰ ਹੱਜ ਕਰਨ ਤੋਂ ਰੋਕਣਾ ਵੱਡਾ ਗੁਨਾਹ ਹੈ, ਇਸੇ ਤਰ੍ਹਾਂ ਸਿੱਖਾਂ ਨੂੰ ਸ੍ਰੀ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਵਿਚ ਰਹਿ ਗਏ ਹੋਰ ਗੁਰਧਾਮਾਂ ਦੇ ਦਰਸ਼ਨਾਂ ਤੋਂ ਰੋਕਣਾ ਵੀ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਲਈ ਸੰਜੀਦਗੀ ਨਾਲ ਵਿਚਾਰਨ ਦਾ ਮਸਲਾ ਹੈ ਅਤੇ ਸਰਕਾਰਾਂ ਨੂੰ ਹਰ ਧਰਮ ਦੇ ਲੋਕਾਂ ਲਈ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਵੀਜੇ ਦੇਣ ਦੀ ਖੁੱਲ੍ਹਦਿਲੀ ਵਿਖਾਉਣੀ ਚਾਹੀਦੀ ਹੈ।
                 ਇਸੇ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੀ ਵਰਤਮਾਨ ਸਥਿਤੀ ’ਤੇ ਵੀ ਚਿੰਤਾ ਪ੍ਰਗਟ ਕੀਤੀ।ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦਾ ਮਾਹੌਲ ਬੇਹੱਦ ਚਿੰਤਾਜਨਕ ਹੈ।ਨਸ਼ਿਆਂ ਦਾ ਬੋਲਬਾਲਾ ਅਤੇ ਕੁਦਰਤ ਨਾਲ ਖਿਲਵਾੜ ਜਿਹੇ ਅਣਮਨੁੱਖੀ ਵਰਤਾਰੇ ਪੰਜਾਬ ਨੂੰ ਤਬਾਹੀ ਕੰਡੇ ਲੈ ਜਾ ਰਿਹੇ ਹਨ।ਉਨ੍ਹਾਂ ਕਿਹਾ ਕਿ ਆਪਣੀਆਂ ਆਉਣ ਵਾਲੀਆਂ ਨਸਲਾਂ ਪ੍ਰਤੀ ਜ਼ੁੰਮੇਵਾਰੀ ਸਭ ਦਾ ਫ਼ਰਜ਼ ਹੈ ਅਤੇ ਧਰਮ ਤੇ ਸਮਾਜ ਵਿਰੋਧੀ ਵਰਤਾਰੇ ਠੀਕ ਨਹੀਂ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਆਸ਼ੇ ਅਨੁਸਾਰ ਜੀਵਨ ਜਾਚ ਨਿਰਧਾਰਤ ਕਰਨ, ਤਾਂ ਜੋ ਇਸ ਖਿੱਤੇ ਦੀ ਖੁਸ਼ਹਾਲੀ ਕਾਇਮ ਰਹੇ।
                ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਬੰਡਾਲਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਬੀਬੀ ਕਿਰਨਜੋਤ ਕੌਰ, ਫੈਡਰੇਸ਼ਨ ਆਗੂ ਕਰਨੈਲ ਸਿੰਘ ਪੀਰ ਮੁਹੰਮਦ, ਭਾਈ ਸੁਖਵਿੰਦਰ ਸਿੰਘ ਅਗਵਾਨ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਬਿਜੈ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਮਲੇਰਕੋਟਲਾ ਤੋਂ ਜਥੇ ਸਮੇਤ ਪੁੱਜੇ ਮੁਸਲਿਮ ਆਗੂ ਡਾ. ਨਸੀਰ, ਭਾਈ ਹਰਦੀਪ ਸਿੰਘ, ਪਰਮਪਾਲ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ, ਸਮੇਤ ਵੱਖ-ਵੱਖ ਸਿੱਖ ਸੰਗਠਨਾਂ ਦੇ ਨੁਮਾਇੰਦੇ ਹਾਜ਼ਰ ਸਨ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …