Saturday, December 21, 2024

ਸ਼ਹੀਦ ਮਦਨ ਲਾਲ ਢੀਂਗਰਾ ਦੀ ਕੁਰਬਾਨੀ ਨੇ ਭਾਰਤੀਆਂ ‘ਚ ਅਜ਼ਾਦੀ ਦੀ ਚਿਣਗ ਬਾਲੀ – ਪ੍ਰੋ. ਬੇਦੀ

ਆਜ਼ਾਦੀ ਘੁਲਾਟੀਏ ਤੇ ਉਨਾਂ ਦੇ ਪਰਿਵਾਰ ਦੇਸ਼ ਦਾ ਅਣਮੁੱਲਾ ਸਰਮਾਇਆ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਮੌਕੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਪਦਮਸ਼੍ਰੀ ਹਰਮੋਹਿੰਦਰ ਸਿੰਘ ਬੇਦੀ ਚਾਂਸਲਰ ਕੇਂਦਰੀ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ ਨੇ ਦੱਸਿਆ ਕਿ ਲੰਦਨ ਵਿਚ ਭਾਰਤੀ ਵਿਦਿਆਰਥੀਆਂ ਵਿਰੋਧੀ ਕਾਰਵਾਈ ਕਾਰਨ ਜਦੋਂ ਢੀਂਗਰਾ ਵੱਲੋਂ ਸਰ ਕਰਜ਼ਨ ਵਾਇਲੀ ਨੂੰ ਗੋਲੀ ਮਾਰ ਕੇ ਮਾਰਿਆ ਗਿਆ ਤਾਂ ਇਸ ਘਟਨਾ ਨੂੰ ਉਸ ਵੇਲੇ ਦੇ ਮੀਡੀਏ ਨੇ ਵਿਸ਼ਵ ਭਰ ਵਿਚ ਛਾਪਿਆ, ਜਿਸ ਸਦਕਾ ਅੰਗਰੇਜ਼ਾਂ ਵਿਰੁੱਧ ਅਮਰੀਕਾ, ਕੈਨੇਡਾ ਤੇ ਭਾਰਤ ਵਿਚ ਚੱਲ ਰਹੀ ਲਹਿਰ ਨੂੰ ਹੋਰ ਬਲ ਮਿਲਿਆ ਤੇ ਦੇਸ਼ ਭਗਤਾਂ ਨੇ ਬੜੇ ਉਤਸ਼ਾਹ ਨਾਲ ਲਹਿਰ ਨੂੰ ਹੋਰ ਪ੍ਰਚੰਡ ਕੀਤਾ।ਉਨਾਂ ਕਿਹਾ ਕਿ ਸ਼ਹੀਦ ਕੌਮਾਂ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦ ਦਾ ਜੀਵਨ ਸਦਾ ਹੀ ਕੌਮਾਂ ਲਈ ਪ੍ਰੇਰਨਾ ਸਰੋਤ ਬਣਿਆ ਰਹਿੰਦਾ ਹੈ।ਉਨਾਂ ਕਿਹਾ ਕਿ ਅੱਜ ਅਸੀਂ ਇੰਨਾਂ ਸ਼ਹੀਦਾਂ ਦੀ ਬਦੌਲਤ ਹੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਸ਼ਹੀਦਾਂ ਦੁਆਰਾ ਦਰਸਾਏ ਗਏ ਰਸਤੇ ਉਤੇ ਚੱਲੀਏ।ਪ੍ਰੋ. ਬੇਦੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਅੰਮ੍ਰਿਤਸਰ ਵਾਸੀਆਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ।ਉਨ੍ਹਾਂ ਕਿਹਾ ਕਿ ਜਲਿਆਂਵਾਲਾ ਬਾਗ ਵਿਖੇ ਸ਼ਹੀਦ ਹੋਣ ਵਾਲੇ ਸੂਰਬੀਰਾਂ ਤੋਂ ਇਲਾਵਾ ਵੀ ਜਿੰਨੀ ਲਹਿਰਾਂ ਚੱਲੀਆਂ, ਉਸ ਵਿੱਚ ਅੰਮ੍ਰਿਤਸਰ ਜਿਲ੍ਹੇ ਨਾਲ ਸਬੰਧਤ ਦੇਸ਼ ਭਗਤ ਸ਼ਾਮਿਲ ਰਹੇ।
              ਸ਼ਹੀਦ ਨੂੰ ਸ਼ਰਧਾ ਭੇਟ ਕਰਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦ ਅਤੇ ਉਨਾਂ ਦੇ ਪਰਿਵਾਰ ਦੇਸ਼ ਦਾ ਅਨਮੋਲ ਸਰਮਾਇਆ ਹਨ।ਸ਼ਹੀਦ ਮਦਨ ਲਾਲ ਢੀਂਗਰਾ ਦੀ ਤਸਵੀਰ ‘ਤੇ ਫੁੱਲ ਭੇਟ ਕਰਕੇ ਮੁੱਖ ਮਹਿਮਾਨ ਤੇ ਸਾਰੀਆਂ ਸਖਸ਼ੀਅਤਾਂ ਨੇ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
                  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਐਸ.ਡੀ.ਐਮ ਮਨਕੰਵਲ ਸਿੰਘ ਚਾਹਲ, ਸਹਾਇਕ ਕਮਿਸ਼ਨਰ ਸਚਿਨ ਪਾਠਕ, ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …