Sunday, August 23, 2026

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਰਕਾਰਾਂ ਦੇ ਪੱਖਪਾਤੀ ਰਵੱਈਏ ਦੀ ਸ਼਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਰੜੀ ਆਲੋਚਨਾ

ਜੇਕਰ ਬਲਾਤਕਾਰੀਆਂ ਨੂੰ ਛੱਡਿਆ ਜਾ ਸਕਦਾ, ਤਾਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ- ਐਡਵੋਕੇਟ ਧਾਮੀ

ਅੰਮ੍ਰਿਤਸਰ, 21 ਅਗਸਤ (ਜਗਦੀਪ ਸਿੰਘ ਸੱਗੂ) – ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਰਕਾਰਾਂ ਨੂੰ ਤਿੱਖਾ ਸਵਾਲ ਕਰਦਿਆਂ ਕਿਹਾ ਹੈ ਕਿ ਜੇਕਰ ਗੁਜਰਾਤ ਅਤਿਆਚਾਰ ਸਮੇਂ ਬਿਲਕਿਸ ਬਾਨੋ ਬਲਾਤਕਾਰ ਕੇਸ ਵਿੱਚ ਸਜ਼ਾ ਭੁਗਤ ਰਹੇ ਦੋਸ਼ੀਆਂ ਨੂੰ ਛੱਡਣ ਦਾ ਫੈਸਲਾ ਕੀਤਾ ਜਾ ਸਕਦਾ ਹੈ, ਤਾਂ ਫਿਰ ਉਮਰ ਕੈਦ ਤੋਂ ਦੁੱਗਣੀਆਂ ਸਜ਼ਾਵਾਂ ਭੁਗਤਣ ਵਾਲੇ ਸਿੱਖਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਸਕਦਾ।
ਕਮੇਟੀ ਪ੍ਰਧਾਨ ਨੇ ਆਖਿਆ ਕਿ ਸਰਕਾਰਾਂ ਪੱਖਪਾਤ ਵਾਲੀ ਨੀਤੀ ਅਪਣਾ ਰਹੀਆਂ ਹਨ।ਇਕ ਪਾਸੇ ਬਲਾਤਕਾਰ ਵਰਗੇ ਸੰਗੀਨ ਤੇ ਸਮਾਜ ਦੇ ਨਾਂ `ਤੇ ਧੱਬਾ ਕਹੇ ਜਾਂਦੇ ਅਪਰਾਧ ਬਲਾਤਕਾਰ ਦੇ ਦੋਸ਼ੀ ਸਰਕਾਰਾਂ ਵਲੋਂ ਹਮਦਰਦੀ ਭਰੀ ਭਾਵਨਾ ਨਾਲ ਛੱਡ ਦਿੱਤੇ ਜਾਂਦੇ ਹਨ, ਜਦਕਿ ਦੂਜੇ ਪਾਸੇ ਸਿੱਖ ਬੰਦੀਆਂ ਨੂੰ ਤਿੰਨ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਦੀਆਂ ਕਾਲ ਕੋਠੜੀਆਂ ਵਿੱਚ ਬੰਦ ਰੱਖਿਆ ਹੋਇਆ ਹੈ।ਕੀ ਇਸ ਤਰ੍ਹਾਂ ਕਰ ਕੇ ਸਾਡੇ ਦੇਸ਼ ਦੀਆਂ ਸਰਕਾਰਾਂ ਘੱਟਗਿਣਤੀਆਂ ਨੂੰ ਜਾਣਬੁੱਝ ਕੇ ਦਬਾ ਨਹੀਂ ਰਹੀਆਂ?
                  ਐਡਵੋਕੇਟ ਧਾਮੀ ਨੇ ਇਸ ਪੱਖਪਾਤ ਨੂੰ ਭਾਰਤੀ ਸੰਵਿਧਾਨ ਦੇ ਉਲੰਘਣ ਦੇ ਨਾਲ ਨਾਲ ਮਨੁੱਖੀ ਅਧਿਕਾਰਾਂ ਦੀ ਵੀ ਹੱਤਿਆ ਕਰਾਰ ਦਿੱਤਾ।ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਸਭ ਲਈ ਇਕੋ ਜਿਹੀ ਨੀਤੀ ਅਪਣਾਉਣ ਲਈ ਨੇਕਦਿਲੀ ਧਾਰਨ ਕਰਨ ਦੀ ਸਲਾਹ ਦਿੱਤੀ ਅਤੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਲਈ ਆਖਿਆ।
                  ਧਾਮੀ ਨੇ ਬੁੜੈਲ ਜੇਲ੍ਹ ਵਿੱਚ ਬੰਦ ਭਾਈ ਲਖਵਿੰਦਰ ਸਿੰਘ ਨੂੰ ਆਪਣੀ ਭੁੱਖ ਹੜਤਾਲ ਖਤਮ ਕਰਨ ਦੀ ਵੀ ਅਪੀਲ ਕੀਤੀ।ਉਨ੍ਹਾਂ ਆਖਿਆ ਕਿ ਸਿੱਖ ਧਰਮ ‘ਚ ਭੁੱਖ ਹੜਤਾਲ ਲਈ ਕੋਈ ਥਾਂ ਨਹੀਂ ਹੈ, ਇਸ ਲਈ ਉਹ ਆਪਣੀ ਜ਼ਿੱਦ ਛੱਡ ਦੇਣ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼਼੍ਰੋਮਣੀ ਕਮੇਟੀ ਬੰਦੀ ਸਿੰਘਾਂ ਨੂੰ ਇਨਸਾਫ ਦਿਵਾਉਣ ਲਈ ਯਤਨਸ਼ੀਲ ਹੈ ਤੇ ਰਹੇਗੀ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …