ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਅੱਜ ਦੇਸ਼ ਵਿਦੇਸ਼ ਵਿੱਚ ਸ਼ਰਧਾ ਭਾਵਨਾ ਅਤੇ ਉੁਤਸ਼ਾਹ
ਨਾਲ ਮਨਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ।ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਖਿੱਚ ਦਾ ਕੇਂਦਰ ਰਹੀ।ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਬੀਤੇ ਕਈ ਦਿਨਾਂ ਤੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸਵੇਰ ਸ਼ਾਮ ਕਥਾ ਕੀਰਤਨ ਦਾ ਪ੍ਰਵਾਹ ਜਾਰੀ ਰਿਹਾ ਅਤੇ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਗੁਰਮਤਿ ਸਮਾਗਮ ਕੀਤੇ ਗਏ।ਅੱਜ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ ’ਚ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੰਦਿਆਂ ਗੁਰਮਤਿ ਰਹਿਣੀ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ।
Punjab Post Daily Online Newspaper & Print Media