ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਸਬੰਧੀ ਵੱਲੋਂ ਅਗਲੇ ਪ੍ਰੋਗਰਾਮ ਲਈ ਵਿਚਾਰ-ਵਟਾਂਦਰਾ ਕਰਨ ਵਾਸਤੇ ਸ਼੍ਰੋਮਣੀ ਕਮੇਟੀ ਸਮੂਹ ਮੈਂਬਰਾਂ ਦੀ ਇਕੱਤਰਤਾ 2 ਸਤੰਬਰ ਨੂੰ ਸੱਦੀ ਗਈ ਹੈ।ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਜੇਲ੍ਹ ਦੀਆਂ ਕਾਲ ਕੋਠੜੀਆਂ ਵਿਚ ਬੰਦ ਸਿੱਖਾਂ ਨਾਲ ਸਰਕਾਰਾਂ ਵੱਲੋਂ ਧੱਕਾ ਕੀਤਾ ਜਾ ਰਿਹਾ ਹੈ ਅਤੇ ਮੌਜੂਦਾ ਸਮੇਂ ਇਨ੍ਹਾਂ ਬੰਦੀ ਸਿੱਖਾਂ ਦੀ ਰਿਹਾਈ ਅਹਿਮ ਮਸਲਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਬੰਦੀਆਂ ਦੀ ਰਿਹਾਈ ਨੂੰ ਲੈ ਕੇ ਨਿਰੰਤਰ ਕਾਰਜਸ਼ੀਲ ਰਹੀ ਹੈ, ਪਰ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਸਿੱਖਾਂ ਨੂੰ ਨਿਆਂ ਨਹੀਂ ਦੇ ਰਹੀਆਂ।ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਭਵਿੱਖੀ ਰੂਪ ਰੇਖਾ ਉਲੀਕਣ ਲਈ 2 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦਾ ਇਕੱਠ ਸੱਦਿਆ ਗਿਆ ਹੈ, ਜਿਸ ਵਿਚ ਬਣਨ ਵਾਲੀ ਸਾਂਝੀ ਰਾਇ ਨਾਲ ਅੱਗੇ ਵਧਿਆ ਜਾਵੇਗਾ।
ਇਸੇ ਦੌਰਾਨ ਐਡਵੋਕੇਟ ਧਾਮੀ ਨੇ ਇਸਾਈ ਧਰਮ ਦੇ ਨਾਂ ਹੇਠ ਕੰਮ ਕਰਨ ਵਾਲੇ ਕੁਝ ਲੋਕਾਂ ਵੱਲੋਂ ਪੰਜਾਬ ਅੰਦਰ ਧਰਮ ਪਰਵਰਤਨ ਲਈ ਕੀਤੇ ਜਾ ਰਹੇ ਕੋਝੇ ਯਤਨਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਵਰਤਾਰੇ ਨੂੰ ਫਿਰਕਿਆਂ ਵਿਚ ਵੰਡੀਆਂ ਵਾਲਾ ਪਾਉਣ ਵਾਲਾ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਮਹਿਤਾ ਰੋਡ ’ਤੇ ਸਥਿਤ ਡੱਡੂਆਣਾ ਵਿਖੇ ਧਰਮ ਪਰਵਰਤਨ ਲਈ ਯਤਨ ਕਰਨ ਵਾਲੇ ਕੁਝ ਇਸਾਈ ਲੋਕਾਂ ਨੂੰ ਇਕ ਨਿਹੰਗ ਸਿੰਘ ਵੱਲੋਂ ਵਰਜਣ ’ਤੇ ਹੋਏ ਤਕਰਾਰ ਮਗਰੋਂ ਨਿਹੰਗ ਸਿੰਘ ’ਤੇ ਪਰਚਾ ਦਰਜ਼ ਕਰਨਾ ਬੇਹੱਦ ਮੰਦਭਾਗਾ ਹੈ, ਜਿਸ ਤੋਂ ਸਰਕਾਰ ਦੀ ਕਾਰਜਸ਼ੈਲੀ ’ਤੇ ਵੀ ਸਵਾਲ ਪੈਦਾ ਹੁੰਦਾ ਹੈ।ਉਨ੍ਹਾਂ ਆਖਿਆ ਕਿ ਪੰਜਾਬ ਦੀ ਧਰਤੀ ਗੁਰੂਆਂ ਦੀ ਧਰਤੀ ਹੈ ਅਤੇ ਇਥੇ ਧਾਰਮਿਕ ਅਜ਼ਾਦੀ ਦਾ ਵਿਚਾਰ ਪ੍ਰਫੁੱਲਤ ਹੋਇਆ ਸੀ।ਪਰੰਤੂ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਜਾਣਬੁੱਝ ਕੇ ਪੰਜਾਬ ਦੇ ਮਾਹੌਲ ਨੂੰ ਫਿਰਕੂ ਰੰਗਤ ਦੇ ਕੇ ਖਰਾਬ ਕਰ ਰਹੇ ਹਨ, ਜਿਸ ਤੋਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਕਸਬਾ ਡੱਡੂਆਣਾ ਵਿਖੇ ਧਰਮ ਪਰਵਰਤਨ ਰੋਕਣ ਲਈ ਅਵਾਜ਼ ਉਠਾਉਣ ਵਾਲੇ ਨਿਹੰਗ ਸਿੰਘ ’ਤੇ ਕੀਤਾ ਗਿਆ ਪਰਚਾ ਪੰਜਾਬ ਸਰਕਾਰ ਤੁਰੰਤ ਰੱਦ ਕਰੇ ਅਤੇ ਜਬਰੀ ਤੇ ਲਾਲਚ ਨਾਲ ਧਰਮ ਬਦਲਾਉਣ ਲਈ ਕੰਮ ਕਰਨ ਵਾਲੇ ਲੋਕਾਂ ’ਤੇ ਸਖ਼ਤ ਕਾਰਵਾਈ ਕਰੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …