Friday, September 20, 2024

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਪ੍ਰਧਾਨ ਮੰਤਰੀ ਪਾਸੋਂ ਮੰਗਿਆ ਸਮਾਂ

ਪੰਜ ਮੈਂਬਰੀ ਵਫ਼ਦ ਪੀ.ਐਮ ਨਰਿੰਦਰ ਮੋਦੀ ਨਾਲ ਕਰੇਗਾ ਮੁਲਾਕਾਤ- ਐਡਵੋਕੇਟ ਧਾਮੀ

ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਹੈ।ਉਨ੍ਹਾਂ ਪੱਤਰ ‘ਚ ਲਿਖਿਆ ਕਿ ਉਮਰ ਕੈਦ ਤੋਂ ਵੱਧ ਸਜ਼ਾਵਾਂ ਭੁਗਤਣ ਦੇ ਬਾਵਜ਼ੂਦ ਵੀ ਕਈ ਸਿੱਖ ਕੈਦੀ ਅਜੇ ਤੀਕ ਦੇਸ਼ ਦੀਆਂ ਜੇਲ੍ਹਾਂ ਅੰਦਰ ਬੰਦ ਹਨ ਅਤੇ ਸਿੱਖ ਭਾਵਨਾਵਾਂ ਉਨ੍ਹਾਂ ਦੀ ਰਿਹਾਈ ਚਾਹੁੰਦੀਆਂ ਹਨ।ਇਸ ਲਈ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਮੁਲਾਕਾਤ ਦਾ ਸਮਾਂ ਦਿੱਤਾ ਜਾਵੇ।ਐਡਵੋਕੇਟ ਧਾਮੀ ਨੇ ਉਨ੍ਹਾਂ 9 ਸਿੱਖ ਕੈਦੀਆਂ ਦਾ ਜ਼ਿਕਰ ਵੀ ਕੀਤਾ ਗਿਆ ਹੈ, ਜੋ ਲੰਮੀਆਂ ਸਜ਼ਾਵਾਂ ਭੁਗਤਣ ਮਗਰੋਂ ਵੀ ਰਿਹਾਅ ਨਹੀਂ ਕੀਤੇ ਗਏ।ਇਨ੍ਹਾਂ ਵਿਚ ਭਾਈ ਗੁਰਦੀਪ ਸਿੰਘ ਖੈੜਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਜਗਤਾਰ ਸਿੰਘ ਤਾਰਾ ਦੇ ਨਾਂ ਸ਼ਾਮਲ ਹਨ।ਇਨ੍ਹਾਂ ਵਿੱਚੋਂ 8 ਸਿੱਖ ਬੰਦੀਆਂ ਦੀ ਕੈਦ 25 ਤੋਂ 32 ਸਾਲ ਦੇ ਦਰਮਿਆਨ ਹੈ, ਜਦਕਿ ਇੱਕ ਕੈਦੀ 17 ਸਾਲ ਤੋਂ ਜ਼ੇਲ੍ਹ ਅੰਦਰ ਨਜ਼ਰਬੰਦ ਹੈ।ਪੱਤਰ ‘ਚ ਕੈਦ ਦੇ ਸਮੇਂ ਦੇ ਨਾਲ-ਨਾਲ ਮਜ਼ੂਦਾ ਜੇਲ੍ਹ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਇਸੇ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਨਿਰੰਤਰ ਯਤਨ ਕਰ ਰਹੀ ਹੈ ਅਤੇ ਇਸੇ ਬਾਬਤ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਮਾਂ ਮਿਲਣ ’ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਲਈ ਉਨ੍ਹਾਂ ਦੀ ਅਗਵਾਈ ਵਿਚ 5 ਮੈਂਬਰੀ ਵਫ਼ਦ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵਲੋਂ ਭਲਕੇ 2 ਸਤੰਬਰ ਨੂੰ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ ਦੀ ਬੈਠਕ ਬੁਲਾਈ ਗਈ ਹੈ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …