Saturday, December 21, 2024

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਅੰਦਰ ਡੀ.ਸੀ ਦਫ਼ਤਰਾਂ ’ਚ ਰੋਸ ਧਰਨੇ

ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਮੈਂਬਰਾਂ ਨੇ ਕਾਲੇ ਚੋਲੇ ਤੇ ਜ਼ੰਜੀਰਾਂ ਪਾ ਕੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਅੱਜ ਪੰਜਾਬ ਅੰਦਰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਵਿਖੇ ਧਰਨੇ ਲਗਾ ਕੇ ਕੌਮੀ ਰੋਸ ਦਾ ਪ੍ਰਗਟਾਵਾ ਕੀਤਾ ਗਿਆ।ਜ਼ਿਲ੍ਹਾ ਹੈਡ ਕੁਆਰਟਰਾਂ ’ਤੇ ਲਗਾਏ ਇਨ੍ਹਾਂ ਰੋਸ ਧਰਨਿਆਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਮੁਲਾਜ਼ਮਾਂ ਨੇ ਕਾਲੇ ਚੋਲੇ ਅਤੇ ਜ਼ੰਜੀਰਾਂ ਪਾ ਕੇ ਸ਼ਮੂਲੀਅਤ ਕੀਤੀ।ਇਸ ਤੋਂ ਇਲਾਵਾ ਪੰਥਕ ਦਰਦੀ ਵੀ ਰਸੋ ਧਰਨਿਆਂ ਦਾ ਹਿੱਸਾ ਬਣੇ।ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ’ਚ ਲਗਾਏ ਗਏ ਧਰਨੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਮੁਲਾਜ਼ਮਾਂ ਸਮੇਤ ਪੰਥ ਦਰਦੀ ਸ਼ਾਮਲ ਹੋਏ।ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਇਕੱਠ ਹੋਇਆ, ਜਿਥੋਂ ਜੈਕਾਰਿਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਅਰਿਆਂ ਦੀ ਗੂੰਜ ’ਚ ਰੋਸ ਮਾਰਚ ਡੀ.ਸੀ ਦਫ਼ਤਰ ਪਹੁੰਚਿਆ।ਮਾਰਚ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਖੁੱਲ੍ਹੀ ਗੱਡੀ ਵਿਚ ਸਵਾਰ ਸਨ ਅਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਦੋ ਪਹੀਆ ਵਾਹਨਾਂ ’ਤੇ ਚੱਲ ਰਹੇ ਸਨ।
  ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਰੋਸ ਧਰਨੇ ਵਿਚ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਅਪਣਾਈ ਜਾ ਰਹੀ ਪੱਖਪਾਤ ਵਾਲੀ ਨੀਤੀ ਦੀ ਕਰੜੀ ਆਲੋਚਨਾ ਕੀਤੀ ਅਤੇ ਪੰਥਕ ਅਵਾਜ਼ ਨਾ ਸੁਣਨ ’ਤੇ ਕਰੜਾ ਸੰਘਰਸ਼ ਆਰੰਭਣ ਦਾ ਸੁਨੇਹਾ ਦਿੱਤਾ।ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਦੇਸ਼ ਦਾ ਕਾਨੂੰਨ ਸਭ ਲਈ ਇਕਸਾਰ ਹੈ ਅਤੇ ਸੰਵਿਧਾਨ ਅੰਦਰ ਵੀ ਹਰਇੱਕ ਨੂੰ ਬਰਾਬਰ ਹੱਕ ਹਕੂਕ ਪ੍ਰਾਪਤ ਹਨ, ਪਰ ਦੁੱਖ ਦੀ ਗੱਲ ਹੈ ਕਿ ਬੰਦੀ ਸਿੰਘਾਂ ਦੇ ਮਾਮਲੇ ਵਿਚ ਸਰਕਾਰਾਂ ਨਿਆਂ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਕਿਸੇ ਵੀ ਜ਼ੁਲਮ ਦੀ ਨਿਰਧਾਰਤ ਸਜ਼ਾ ਹੁੰਦੀ ਹੈ, ਜੋ ਬੰਦੀ ਸਿੰਘ ਪੂਰੀ ਕਰ ਚੁੱਕੇ ਹਨ। ਪਰੰਤੂ ਸਰਕਾਰਾਂ ਸਮੇਂ ਦੇ ਹਾਲਾਤਾਂ ਦੀ ਭੇਟ ਚੜ੍ਹੇ ਸਿੱਖ ਬੰਦੀਆਂ ਨੂੰ ਜਾਣਬੁਝ ਕੇ ਉਨ੍ਹਾਂ ਦੇ ਹੱਕਾਂ ਤੋਂ ਵਾਂਝਿਆਂ ਰੱਖ ਰਹੀਆਂ ਹਨ।ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਿੱਖ ਪੰਥ ਦਾ ਅਹਿਮ ਮੁੱਦਾ ਹੈ ਅਤੇ ਇਸ ਹੱਕੀ ਮੰਗ ਲਈ ਹਰ ਪੱਧਰ ’ਤੇ ਸੰਘਰਸ਼ ਲੜਿਆ ਜਾਵੇਗਾ।ਇਸ ਲਈ ਕੁਰਬਾਨੀ ਦੀ ਲੋੜ ਪਈ ਤਾਂ ਵੀ ਪਿੱਛੇ ਨਹੀਂ ਹਟਾਂਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਬੰਡਾਲਾ, ਜੋਧ ਸਿੰਘ ਸਮਰਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਬਾਵਾ ਸਿੰਘ ਗੁਮਾਨਪੁਰਾ, ਬਲਜੀਤ ਸਿੰਘ ਜਲਾਲਉਸਮਾਂ, ਗੁਰਿੰਦਰਪਾਲ ਸਿੰਘ ਰਣੀਕੇ, ਬਿਕਰਮਜੀਤ ਸਿੰਘ ਕੋਟਲਾ, ਅਮਰਜੀਤ ਸਿੰਘ ਭਲਾਈਪੁਰ, ਕੁਲਦੀਪ ਸਿੰਘ ਤੇੜਾ, ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਸੁਖਦੇਵ ਸਿੰਘ, ਸਿੱਖ ਆਗੂ ਜਸਬੀਰ ਸਿੰਘ ਘੁੰਮਣ, ਵਧੀਕ ਸਕੱਤਰ ਪ੍ਰਤਾਪ ਸਿੰਘ, ਬਿਜੈ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਹਰਜੀਤ ਸਿੰਘ ਲਾਲੂਘੁੰਮਣ, ਗੁਰਮੀਤ ਸਿੰਘ ਬੁੱਟਰ, ਹਰਜਿੰਦਰ ਸਿੰਘ ਕੈਰੋਂਵਾਲ, ਗੁਰਿੰਦਰ ਸਿੰਘ, ਤੇਜਿੰਦਰ ਸਿੰਘ, ਨਿਰਵੈਲ ਸਿੰਘ, ਗੁਰਚਰਨ ਸਿੰਘ ਕੁਹਾਲਾ, ਕੁਲਦੀਪ ਸਿੰਘ ਰੋਡੇ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ, ਬਲਵਿੰਦਰ ਸਿੰਘ ਜੌੜਾਸਿੰਘਾ, ਕੁਲਵੰਤ ਸਿੰਘ ਰੰਧਾਵਾ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।

Check Also

“On The Spot painting Competition” of school students held at KT :Kalã Museum

Amritsar, December 20 (Punjab Post Bureau) – An “On The Spot painting Competition” of the …