Saturday, July 27, 2024

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜ਼ੂਦ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਦਿਹਾੜੇ ਮੌਕੇ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭੱਟ ਸਾਹਿਬਾਨ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਹੋਣ ਕਰਕੇ ਸੰਗਤਾਂ ਉਨ੍ਹਾਂ ਦਾ ਬੇਹੱਦ ਸਤਿਕਾਰ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਦਰਜ਼ ਭੱਟ ਸਾਹਿਬਾਨ ਦੀ ਬਾਣੀ ਮਨੁੱਖ ਨੂੰ ਆਪਣੇ ਗੁਰੂ ਪ੍ਰਤੀ ਪ੍ਰੇਮ ਅਤੇ ਸਮਰਪਣ ਭਾਵ ਦ੍ਰਿੜ੍ਹ ਕਰਵਾਉਂਦੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭੱਟ ਸਾਹਿਬਾਨ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਨਮੁੱਖ ਹਾਜ਼ਰ ਹੋ ਕੇ ਗੁਰੂ ਘਰ ਦੀਆਂ ਬਖ਼ਸ਼ਿਸਾਂ ਹਾਸਲ ਕੀਤੀਆਂ।ਭੱਟ ਸਾਹਿਬਾਨ ਵੱਲੋਂ ਉਚਾਰੀ ਗਈ ਪਾਵਨ ਬਾਣੀ ਨੂੰ ਪੰਜਵੇਂ ਪਾਤਸ਼ਾਹ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ਼ ਕਰਕੇ ਉਨ੍ਹਾਂ ਨੂੰ ਵੱਡਾ ਮਾਣ ਦਿੱਤਾ ਹੈ।ਐਡਵੋਕੇਟ ਧਾਮੀ ਨੇ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕਰਦਿਆਂ ਬੱਚਿਆਂ ਨੂੰ ਗੁਰਸਿੱਖੀ ਜੀਵਨ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।
ਸਮਾਗਮ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਹਰਜੀਤ ਸਿੰਘ ਲਾਲੂਘੁੰਮਣ, ਨਿਰਵੈਲ ਸਿੰਘ, ਸਤਨਾਮ ਸਿੰਘ ਮਾਂਗਾਸਰਾਏ, ਪਰਮਜੀਤ ਸਿੰਘ ਦੁਨੀਆਮਾਜਰਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …