Monday, September 16, 2024

ਵਿੱਤ ਮੰਤਰੀ ਨਾਲ ਹੋਈ ਮੀਟਿੰਗ ‘ਚ ਨਹੀਂ ਹੋ ਸਕਿਆ ਕੋਈ ਐਲਾਨ, ਪਰ 6 ਫੀਸਦ ਮਹਿੰਗਾਈ ਭੱਤੇ ਦੀ ਬੱਝੀ ਆਸ – ਕਨਵੀਨਰ

ਸਮਰਾਲਾ, 22 ਸਤੰਬਰ (ਇੰਦਰਜੀਤ ਸਿੰਘ ਕੰਗ) – ਯੂ.ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ।ਫਰੰਟ ਦੇ ਕਨਵੀਨਰ ਪ੍ਰੇਮ ਸਾਗਰ ਸਮਰਾਲਾ ਨੇ ਦੱਸਿਆ ਕਿ ਮਿਲਣੀ ਮੌਕੇ ਵਫਦ ਵਿੱਚ ਸਾਂਝੇ ਫਰੰਟ ਦੇ ਕਨਵੀਨਰ ਜਰਮਨਜੀਤ ਸਿੰਘ, ਸਤੀਸ਼ ਰਾਣਾ, ਠਾਕੁਰ ਸਿੰਘ, ਕਰਮ ਸਿੰਘ ਧਨੋਆ, ਬਾਜ਼ ਸਿੰਘ ਖਹਿਰਾ, ਪ੍ਰੇਮ ਸਾਗਰ ਸ਼ਰਮਾ, ਕੁਲਦੀਪ ਖੰਨਾ, ਸੁਖਦੇਵ ਸਿੰਘ ਸੈਣੀ, ਸੁਖਜੀਤ ਸਿੰਘ, ਜਸਵੀਰ ਸਿੰਘ ਤਲਵਾੜਾ, ਧਨਵੰਤ ਸਿੰਘ ਭੱਠਲ, ਪ੍ਰੇਮ ਚਾਵਲਾ, ਕੁਲਵਰਨ ਸਿੰਘ, ਐਨ.ਡੀ ਤਿਵਾੜੀ, ਕਰਮਜੀਤ ਸਿੰਘ ਮਾਨ ਸ਼ਾਮਲ ਸਨ।
ਮੀਟਿੰਗ ‘ਚ ਵਿੱਤ ਮੰਤਰੀ ਵਲੋਂ ਪੈਨਸ਼ਨਰਜ਼ ਦੀ ਪੈਨਸ਼ਨ ਦੁਹਰਾਈ ਲਈ 2.59 ਗੁਣਾਂਕ ਲਾਗੂ ਕਰਨ ‘ਤੇ ਵਿਚਾਰ ਕਰਨ ਲਈ ਸਬੰਧਿਤ ਵਿਭਾਗ ਨੂੰ ਪੰਜ ਦਿਨਾਂ ਦੇ ਅੰਦਰ ਅੰਦਰ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ ਗਏ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ, ਜਦਕਿ ਆਉਟ ਸੋਰਸ ਮੁਲਾਜਮਾਂ ਬਾਰੇ ਵਿੱਤ ਮੰਤਰੀ ਚੁੱਪ ਰਹੇ।ਮਾਣ ਭੱਤਾ/ਇਨਸੈਨਟਿਵ ਵਰਕਰਾਂ ਵਿਸ਼ੇਸ਼ ਤੌਰ ਤੇ ਮਿਡ ਡੇ ਮੀਲ ਵਰਕਰਾਂ, ਆਸ਼ਾ ਵਰਕਰਾਂ, ਫੈਸੀਲੀਟੇਟਰਾਂ ਅਤੇ ਆਂਗਨਵਾੜੀ ਵਰਕਰਾਂ ਪ੍ਰਤੀ ਸਾਂਝੇ ਫਰੰਟ ਵਲੋਂ ਵਿੱਤ ਮੰਤਰੀ ਨੂੰ ਭੱਤੇ ਦੁੱਗਣੇ ਕਰਨ ਦਾ ਵਾਅਦਾ ਯਾਦ ਕਰਵਾਇਆ, ਜਿਸ ‘ਤੇ ਹਾਂ ਪੱਖੀ ਹੁੰਗਾਰਾ ਭਰਿਆ ਗਿਆ। ਮੁਲਾਜ਼ਮਾਂ ਦੀਆਂ ਤਨਖਾਹ ਤਰੁੱਟੀਆਂ ਦੂਰ ਕਰਨ ਤੇ ਹੋਰ ਮੰਗਾਂ ਬਾਰੇ ਮੰਤਰੀ ਅਤੇ ਅਧਿਕਾਰੀ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕੇ। ਤਨਖਾਹ ਕਮਿਸ਼ਨ ਦੀ ਰਹਿੰਦੀ ਰਿਪੋਰਟ ਜਾਰੀ ਕਰਕੇ ਏ.ਸੀ.ਪੀ ਸਕੀਮ ਲਾਗੂ ਕਰਨ ਸਬੰਧੀ ਉਹਨਾਂ ਨੇ ਰਿਪੋਰਟ ਜਾਰੀ ਕਰਨ ਦੇ ਨਿਰਦੇਸ਼ ਦਿੱਤੇ, ਤਨਖਾਹ ਕਮਿਸ਼ਨ ਦੇ ਬਕਾਇਆ ਅਤੇ ਦੁਹਰਾਈ ਦੇ ਨਾਮ ‘ਤੇ ਬੰਦ ਕੀਤੇ ਭੱਤਿਆਂ ਬਾਰੇ ਸਿਰਫ ਉਹਨਾਂ ਦੀ ਹਮਦਰਦੀ ਹੀ ਪੱਲੇ ਪਈ।
ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਉਨ੍ਹਾਂ ਨੇ ਇਸ ਸਬੰਧੀ ਮੁੱਖ ਮੰਤਰੀ ਦੇ ਟਵੀਟ ਦਾ ਜਿਕਰ ਜਰੂਰ ਕੀਤਾ, ਪ੍ਰੰਤੂ ਲਾਗੂ ਕਦੋਂ ਹੋਵੇਗੀ, ਇਸ ਪ੍ਰਤੀ ਉਹ ਚੁੱਪ ਰਹੇ।ਅਦਾਲਤੀ ਫੈਸਲੇ ਜਨਰਲਾਈਜ਼ ਕਰਨ ‘ਤੇ ਉਹਨਾਂ ਸਹਿਮਤੀ ਦਿੱਤੀ ਅਤੇ ਸੰਘਰਸ਼ਾਂ ਦੌਰਾਨ ਦਰਜ਼ਜ ਪੁਲਿਸ ਕੇਸ ਸਬੰਧੀ ਉਨਾਂ ਆਖਿਆ ਕਿ ਇਸ ਸਬੰਧੀ ਪਹਿਲਾਂ ਲਿਖ ਦਿੱਤਾ ਗਿਆ ਹੈ, ਪ੍ਰੰਤੂ ਸਾਂਝਾ ਫਰੰਟ ਵਲੋਂ ਕੋਈ ਕਾਰਵਾਈ ਨਾ ਹੋਣ ‘ਤੇ ਉਹਨਾਂ ਫਾਇਲ ਮੁੱਖ ਮੰਤਰੀ ਨੂੰ ਭੇਜ ਕੇ ਰੱਦ ਕਰਨ ਦਾ ਭਰੋਸਾ ਦਿੱਤਾ।
ਅੰਤ ਵਿੱਚ ਵਿੱਤ ਮੰਤਰੀ ਨੇ ਮੰਨਿਆ ਕਿ ਅੱਜ ਦੀ ਮੀਟਿੰਗ ਲਈ ਅਧਿਕਾਰੀਆਂ ਦੀ ਤਿਆਰੀ ਨਹੀਂ ਸੀ, ਇਸ ਲਈ ਸਾਂਝਾ ਫਰੰਟ ਨਾਲ 15 ਦਿਨ ਬਾਅਦ ਮੁੜ ਮੀਟਿੰਗ ਕੀਤੀ ਜਾਵੇਗੀ।ਪ੍ਰੇਮ ਸਾਗਰ ਸ਼ਰਮਾ ਨੇ ਕਿਹਾ ਕਿ ਸਾਂਝਾ ਫਰੰਟ ਵਲੋਂ ਜਲਦੀ ਮੀਟਿੰਗ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।

Check Also

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …