ਜਨਮ ਦਿਹਾੜੇ ਨੂੰ ਸਮਰਪਿਤ ਵਿਦਿਆਰਥੀਆਂ ਦੇ ਹੋਏ ਪੋਸਟਰ ਮੇਕਿੰਗ ਮੁਕਾਬਲੇ
ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਸਮਾਰੋਹ ਆਯੋਜਿਤ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਲੋਕ ਨਿਰਮਾਣ ਅਤੇ ਊਰਜਾ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
ਕੈਬਨਿਟ ਮੰਤਰੀ ਈ.ਟੀ.ਓ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਜੋ ਵਿਚਾਰਧਾਰਾ ਸਾਨੂੰ ਦਿੱਤੀ ਸੀ, ਪੂਰੀ ਤਰ੍ਹਾਂ ਸਾਕਾਰ ਨਹੀਂ ਹੋ ਸਕੀ।ਉਨਾਂ ਦਾ ਸੁਪਨਾ ਸੀ ਕਿ ਲੋਕਰਾਜੀ, ਗੁਲਾਮ ਰਹਿਤ ਸਮਾਜ ਦੀ ਸਿਰਜਣਾ ਹੋਵੇ।ਉਨਾਂ ਕਿਹਾ ਕਿ ਆਪ ਸਰਕਾਰ ਦਾ ਮੁੱਖ ਉਦੇਸ਼ ਸਮਾਜਿਕ ਵਿਵਸਥਾ ਵਿੱਚ ਬਦਲਾਅ ਲਿਆਉਣਾ ਹੈ ਜਿਸ ਵਿਚ ਕਿਸੇ ਦਾ ਸ਼ੋਸ਼ਣ ਨਾ ਹੋਵੇ, ਇਲਾਜ ਤੋਂ ਕੋਈ ਵਾਂਝਾ ਨਾ ਰਹੇ, ਬੇਰੋਜ਼ਗਾਰ ਨਾ ਰਹੇ ਅਤੇ ਭ੍ਰਿਸ਼ਟਾਚਾਰ ਰਹਿਤ ਵਿਵਸਥਾ ਕਾਇਮ ਕਾਇਮ ਰਹੇ।ਈ.ਟੀ.ਓ ਨੇ ਕਿਹਾ ਕਿ ਸਾਡੀ ਸਰਕਾਰ ਨੇ ਫੈਸਲਾ ਕੀਤਾ ਸੀ ਕਿ ਸ: ਭਗਤ ਸਿੰਘ ਦੇ ਵਿਚਾਰਾਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਜਾਵੇ।ਇਸ ਲਈ ਅੱਜ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਈ.ਟੀ.ਓ ਹਰਭਜਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਪੰਜਾਬ ਵਿਚੋਂ ਜੋ ‘ਬ੍ਰੇਨ ਡ੍ਰੇਨ’ ਹੋ ਰਿਹਾ ਹੈ, ਉਸ ਨੂੰ ਰੋਕਿਆ ਜਾਵੇ।ਇਸ ਲਈ ਪੰਜਾਬ ਸਰਕਾਰ ਨੇ ਲਗਾਤਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਸਾਰੇ ਵਿਭਾਗਾਂ ਵਿੱਚ ਭਰਤੀ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਛੇ ਮਹੀਨਿਆਂ ਦੌਰਾਨ 20 ਹਜ਼ਾਰ ਨੌਕਰੀਆਂ ਨੌਜਵਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਪੋਸਟਰ ਮੇਕਿੰਗ ਮੁਕਾਬਲੇ ਵਿੱਚ ਜੇਤੂ ਵਿਦਿਆਰਥਣਾਂ ਨੂੰ ਇਸ ਸਮੇਂ ਮੈਡਲ ਵੀ ਦਿੱਤੇ ਗਏ।
ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਵਿਦਿਆਰਥਣਾਂ ਵਲੋਂ ਪੋਸਟਰ ਬਣਾਏ ਗਏ ਅਤੇ ਨਾਲ ਹੀ ਸ਼ਹੀਦ ਭਗਤ ਸਿੰਘ ਅਤੇ ਲਤਾ ਮੰਗੇਸ਼ਕਰ ਨੂੰ ਸਮਰਪਿਤ ਗੀਤ ਗਾਏ ਗਏ।ਸਮਾਰੋਹ ਵਿੱਚ ਕਈ ਸਕੂਲਾਂ ਦੇ ਪ੍ਰਿੰਸੀਪਲਾਂ ਨੇ ਵੀ ਸ਼ਮੂਲੀਅਤ ਕੀਤੀ।ਪ੍ਰੋਗਰਾਮ ਦੀ ਸ਼ੁਰੂਆਤ ਸ਼ਮਾ ਰੌਸ਼ਨ ਕਰਕੇ ਹੋਈ ਅਤੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਨੂੰ ਫੁੱਲ ਅਰਪਿਤ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਵੀ ਹਾਜਰ ਰਹੇ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਮਹਿਮਾਨਾਂ ਨੂੰ ‘ਜੀ ਆਇਆਂ’ ਕਿਹਾ।ਉਨਾਂ ਨੇ ਵਿਦਿਆਰਥਣਾਂ ਵਲੋਂ ਬੇਹਤਰੀਨ ਪੇਸ਼ਕਾਰੀ ਅਤੇ ਸਮਾਗਮ ਦੇ ਸੱਮੁਚੇ ਸੰਚਾਲਨ ਲਈ ਸ੍ਰੀਮਤੀ ਕੁਲਬੀਰ ਕੌਰ, ਰਾਜ ਕੁਮਾਰ, ਸ੍ਰੀਮਤੀ ਸੁਮਨ ਅਤੇ ਸ੍ਰੀਮਤੀ ਅਮਰਜੀਤ ਕੌਰ ਦੀ ਪੁਰਜ਼ੋਰ ਸ਼ਲਾਘਾ ਕੀਤੀ।ਇਸ ਸਮਾਰੋਹ ਦੇ ਆਯੋਜਨ ‘ਚ ਸ੍ਰੀਮਤੀ ਮਨਦੀਪ ਕੌਰ ਬੱਲ, ਪਰਮ ਆਫਤਾਬ ਸਿੰਘ, ਸ੍ਰੀਮਤੀ ਬਿੰਦੂ, ਸ੍ਰੀਮਤੀ ਪਲਵਿੰਦਰ ਕੌਰ, ਸ੍ਰੀਮਤੀ ਭੁਪਿੰਦਰ ਕੌਰ, ਸ੍ਰੀਮਤੀ ਹਿਨਾ, ਸ੍ਰੀਮਤੀ ਗੁਰਪ੍ਰੀਤ ਕੌਰ ਨੇ ਵਿਸ਼ੇਸ਼ ਭੂਮਿਕਾ ਨਿਭਾਈ।