Wednesday, January 15, 2025

ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਨ ਦੀ ਲੋੜ – ਈ.ਟੀ.ਓ

ਪੁਲਿਸ ਦੀ ਟੁਕੜੀ ਨੇ ਸ਼ਹੀਦ ਨੂੰ ਦਿੱਤੀ ਸਲਾਮੀ, ਸਾਈਕਲ ਰੈਲੀ ਝੰਡੀ ਦੇ ਕੇ ਕੀਤੀ ਰਵਾਨਾ

ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਸ਼ਹੀਦ-ਏ-ਆਜਮ ਸ੍ਰ. ਭਗਤ ਸਿੰਘ ਦੀ 115ਵੇਂ ਜਨਮ ਵਰ੍ਹੇ ਗੰਢ ਮੌਕੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਦੇ ਪੁਲਿਸ ਦੇ ਜਵਾਨਾਂ ਵਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਗਈ।ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਵਿਸ਼ੇਸ਼ ਤੌਰ ‘ਤੇ ਪੁੱਜੇ ਅਤੇ ਸ਼ਹੀਦ ਨੂੰ ਸਲਾਮੀ ਦੇ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸ੍ਰਦਨ, ਪੁਲਿਸ ਕਮਿਸ਼ਨਰ ਅਰੁਨਪਾਲ ਸਿੰਘ, ਆਪ ਆਗੂ ਸਤਪਾਲ ਸਿੰਘ ਸੋਖੀ ਸਮੇਤ ਵੱਡੀ ਗਿਣਤੀ ‘ਚ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਈ.ਟੀ.ਓ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਸ਼ਹੀਦ-ਏ-ਆਜਮ ਸ੍ਰ. ਭਗਤ ਸਿੰਘ ਦੇ ਪੂਰਨਿਆਂ ‘ਤੇ ਚੱਲਦੇ ਹੋਏ ਉਨ੍ਹਾਂ ਦੇ ਸੁਪਨਿਆਂ ਦਾ ਭਾਰਤ ਸਿਰਜੀਏ।ਜਿਸ ਵਿੱਚ ਸਮਾਨਤਾ ਵਾਲਾ ਸਮਾਜ, ਭ੍ਰਿਸ਼ਟਾਚਾਰ ਰਹਿਤ ਪ੍ਰਸਾਸ਼ਨ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਲਾਗੂ ਕਰੀਏ ਤਾਂ ਹੀ ਇਕ ਤੁੰਦਰੁਸਤ ਭਾਰਤ ਦੀ ਸਥਾਪਨਾ ਹੋ ਸਕਦੀ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸੇ ਮੰਤਵ ਲਈ ਸਰਕਾਰੀ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ।
ਹਰਭਜਨ ਸਿੰਘ ਨੇ ਕਿਹਾ ਕਿ ਸ਼ਹੀਦ-ਏ-ਆਜਮ ਭਗਤ ਸਿੰਘ ਦਾ ਜੀਵਨ ਰਹਿੰਦੀ ਦੁਨੀਆਂ ਤੱਕ ਦੇਸ਼ ਵਾਸੀਆਂ ਖਾਸਕਰ ਨੌਜਵਾਨਾਂ ਲਈ ਚਾਨਣ ਮੁਨਾਰੇ ਦਾ ਕੰਮ ਕਰੇਗਾ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਵਸ ‘ਤੇ ਨੌਜਵਾਨ ਵਰਗ ਨੂੰ ਜਾਗਰੂਕ ਕਰਨ ਲਈ ਕਰਵਾਈਆਂ ਜਾ ਰਹੀਆਂ ਕਈ ਗਤੀਵਿਧੀਆਂ ਤਹਿਤ ਕੰਪਨੀ ਬਾਗ ਤੋਂ ਕਿਲਾ ਗੋਬਿੰਦਗੜ੍ਹ ਤੱਕ ਸਾਈਕਲ ਰੈਲੀ ਕੱਢੀ ਗਈ।ਜਿਸ ਨੂੰ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਅਤੇ ਐਸ.ਡੀ.ਐਮ ਮਨਕੰਵਲ ਸਿੰਘ ਚਾਹਲ ਨੇ ਝੰਡੀ ਦੇ ਰਵਾਨਾ ਕੀਤਾ।ਰੈਲੀ ਵਿੱਚ 150 ਦੇ ਕਰੀਬ ਸਕੂਲੀ ਵਿਦਿਆਰਥੀ ਅਤੇ ਐਨ.ਸੀ.ਸੀ ਦੇ ਕੈਡਿਟਾਂ ਨੇ ਭਾਗ ਲਿਆ। ਉਨਾਂ ਨੇ ਪੂਰੇ ਜੋਸ਼ੋ ਖਰੋਸ਼ ਨਾਲ ਇਨਕਲਾਬ ਜਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਸਾਈਕਲ ਰੈਲੀ ਦਾ ਆਗਾਜ਼ ਕੀਤਾ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਮੁੱਢਲਾ ਫ਼ਰਜ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਆਜਾਦ ਕਰਵਾਉਣ ਲਈ ਛੋਟੀ ਉਮਰ ਵਿੱਚ ਹੀ ਫਾਂਸੀ ਦੇ ਰੱਸੇ ਨੂੰ ਚੁੰਮਿਆ ਅਤੇ ਆਪਣਾ ਆਪਾ ਵਾਰ ਕੇ ਸਾਡੇ ਦੇ ਸਭ ਭਵਿੱਖ ਨੂੰ ਸੁਰੱਖਿਅਤ ਕੀਤਾ।
ਇਸ ਮੌਕੇ ਸੰਜੀਵ ਕੁਮਾਰ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਜਸਬੀਰ ਸਿੰਘ ਗਿੱਲ੍ਹ ਜਿਲ੍ਹਾ ਗਾਈਡੈਂਸ ਕੌਂਸਲਰ ਆਦਿ ਵੀ ਹਾਜ਼ਰ ਸਨ।

Check Also

ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …