ਅੰਮ੍ਰਿਤਸਰ, 29 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੁੱਝ ਸਿੱਖ ਆਗੂਆਂ ਅਤੇ
ਭਾਜਪਾ ਨਾਲ ਸਬੰਧਤ ਲੋਕਾਂ ਵੱਲੋਂ ਹਰਿਆਣਾ ਕਮੇਟੀ ਦੀ ਕੀਤੀ ਜਾ ਰਹੀ ਤਰਫਦਾਰੀ ਨੂੰ ਸਿੱਖ ਕੌਮ ਵਿਚ ਵੰਡੀਆਂ ਪਾਉਣ ਵਾਲੀ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਸੰਵਿਧਾਨਕ ਅਹੁਦੇ ’ਤੇ ਬੈਠੇ ਭਾਜਪਾ ਨਾਲ ਸਬੰਧਤ ਇਕ ਆਗੂ ਵੱਲੋਂ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਦੀ ਵਕਾਲਤ ਤਾਂ ਕੀਤੀ ਜਾ ਰਹੀ ਹੈ, ਜਦਕਿ ਦੂਸਰੇ ਪਾਸੇ ਹਰਿਆਣਾ ਕਮੇਟੀ ਦੀ ਸਥਾਪਨਾ ਕਰਕੇ ਸਿੱਖ ਗੁਰਦੁਆਰਾ ਐਕਟ 1925 ਵਿਚ ਸਿੱਧੇ ਦਖ਼ਲ ’ਤੇ ਇਕ ਵੀ ਸ਼ਬਦ ਨਹੀਂ ਬੋਲਿਆ ਜਾ ਰਿਹਾ।ਇਹ ਦੋਹਰੀ ਨੀਤੀ ਹੈ, ਜੋ ਸੰਗਤ ਅੰਦਰ ਸ਼ੰਕੇ ਪੈਦਾ ਕਰਨ ਲਈ ਜਾਣਬੁੱਝ ਕੇ ਅਪਣਾਈ ਜਾ ਰਹੀ ਹੈ।ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਆਗੂ ਦੱਸ ਸਕਦੇ ਹਨ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕੋਈ ਸੂਬਾ ਸਰਕਾਰ ਆਪਣੇ ਤੌਰ ’ਤੇ ਕੋਈ ਸੋਧ ਜਾਂ ਉਸ ਦੇ ਅਧਿਕਾਰ ਖੇਤਰ ਵਿਚ ਦਖ਼ਲ ਕਰ ਸਕਦੀ ਹੈ? ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੀ ਦੇਸ਼ ਦੇ ਸਾਰੇ ਗੁਰਦੁਆਰਿਆਂ ਬਾਰੇ ਇਕ ਐਕਟ ਦੀ ਹਮਾਇਤੀ ਹੈ, ਪਰੰਤੂ ਇਹ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਕਿ ਵੱਡੀਆਂ ਕੁਰਬਾਨੀਆਂ ਬਾਅਦ ਸਥਾਪਿਤ ਹੋਈ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਨੂੰ ਕੋਈ ਪ੍ਰਭਾਵਿਤ ਕਰੇ।
ਉਨ੍ਹਾਂ ਕਿਹਾ ਕਿ ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ ਸਥਾਪਤ ਕਰਨ ਲਈ ਕਾਰਜਸ਼ੀਲ ਇਕ ਸਿੱਖ ਆਗੂ ਵੱਲੋਂ ਪੰਜਾਬੀ ਦੇ ਇਕ ਰੋਜ਼ਾਨਾ ਅਖ਼ਬਾਰ ਵਿਚ ਦਿੱਤੇ ਇੰਟਰਵਿਊ ਦੌਰਾਨ ਇਹ ਕਹਿਣਾ ਕਿ ਪੰਜਾਬ ਪੁਨਰਗਠਨ ਐਕਟ 1966 ਵਿਚ ਵੱਖ-ਵੱਖ ਸੂਬਿਆਂ ਦੀਆਂ ਵੱਖਰੀਆਂ ਗੁਰਦੁਆਰਾ ਕਮੇਟੀਆਂ ਦੀ ਗੱਲ ਕੀਤੀ ਗਈ ਸੀ, ਬਿਲਕੁੱਲ ਨਿਰਮੂਲ ਹੈ।ਉਨ੍ਹਾਂ ਆਖਿਆ ਕਿ ਅਜਿਹੇ ਲੋਕ ਸ਼੍ਰੋਮਣੀ ਕਮੇਟੀ ਨੂੰ ਤੋੜਨ ਵਿਚ ਸਰਕਾਰਾਂ ਦਾ ਹੱਥਠੋਕਾ ਬਣ ਕੇ ਸਿੱਖ ਕੌਮ ਨਾਲ ਵੱਡਾ ਧੋਖਾ ਕਰ ਰਹੇ ਹਨ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਇਨ੍ਹਾਂ ਲੋਕਾਂ ਦੀਆਂ ਚਾਲਾਂ ਸਫ਼ਲ ਨਹੀਂ ਹੋਣ ਦਿੱਤੀਆਂ ਜਾਣਗੀਆਂ ਅਤੇ ਸ਼੍ਰੋਮਣੀ ਕਮੇਟੀ ਦੇ ਦਾਇਰੇ ਵਾਲੇ ਗੁਰੂ ਘਰਾਂ ਤੇ ਅਦਾਰਿਆਂ ਦਾ ਪ੍ਰਬੰਧ ਸਿੱਖ ਗੁਰਦੁਆਰਾ ਐਕਟ 1925 ਅਧੀਨ ਕਾਰਜਸ਼ੀਲ ਸੰਵਿਧਾਨਕ ਸੰਸਥਾ ਸ਼੍ਰੋਮਣੀ ਕਮੇਟੀ ਪਾਸ ਹੀ ਰਹੇਗਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media