Sunday, May 11, 2025
Breaking News

ਸ਼੍ਰੋਮਣੀ ਕਮੇਟੀ ਨੂੰ ਤੋੜਨ ਲਈ ਸਾਰੀਆਂ ਰਾਸ਼ਟਰੀ ਪਾਰਟੀਆਂ ਇਕਸੁਰ – ਸੁਖਬੀਰ ਬਾਦਲ

ਸ਼੍ਰੋਮਣੀ ਕਮੇਟੀ ਨੂੰ ਤੋੜਨ ਵਿਰੁੱਧ ਪੰਥਕ ਰੋਹ ਤਿੱਖਾ ਕਰਨ ਲਈ ਸ੍ਰੀ ਅੰਮ੍ਰਿਤਸਰ ਪੁੱਜੇ ਤਿੰਨ ਰੋਸ ਮਾਰਚ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿੱਖ ਕੌਮ ਵੱਲੋਂ ਇਕ ਸਦੀ ਪਹਿਲਾਂ ਬੇਅੰਤ ਕੁਰਬਾਨੀਆਂ ਨਾਲ ਹੋਂਦ ਵਿਚ ਲਿਆਂਦੇ ਗਏ ਸਿੱਖ ਗੁਰਦੁਆਰਾ ਐਕਟ 1925 ਦੀ ਭਾਵਨਾ ਦੇ ਉਲਟ ਜਾ ਕੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣ ਅਤੇ ਸਿੱਖਾਂ ਦੀ ਮਾਣਮੱਤੀ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ਾਂ ਵਿਰੁੱਧ ਪੰਥਕ ਸੰਘਰਸ਼ ਨੂੰ ਪ੍ਰਚੰਡ ਕਰਨ ਲਈ ਦਿੱਤੇ ਪ੍ਰੋਗਰਾਮ ਅਨੁਸਾਰ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ (ਹਰਿਆਣਾ) ਤੋਂ ਤਿੰਨ ਪੰਥਕ ਰੋਸ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਏ।ਸਮਾਪਤੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁ1ਖ ਪੰਥ ਦੀ ਸੰਸਥਾ ਸ਼੍ਰੋਮਣੀ ਕਮੇਟੀ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਅਰਦਾਸ ਕੀਤੀ ਗਈ।ਇਹ ਅਰਦਾਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਕੀਤੀ।
ਇਸ ਤੋਂ ਪਹਿਲਾਂ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਚੇਤਨਾ ਮਾਰਚ ਜਦੋਂ ਸਥਾਨਕ ਗੋਲਡਨ ਗੇਟ ਨਜ਼ਦੀਕ ਪੁੱਜੇ ਤਾਂ ਭਾਰੀ ਗਿਣਤੀ ਵਿਚ ਹਾਜ਼ਰ ਸੰਗਤਾਂ ਨੇ ਜੈਕਾਰੇ ਗਜਾ ਕੇ ਪੰਥਕ ਜੋਸ਼ ਦਾ ਪ੍ਰਗਟਾਵਾ ਕੀਤਾ।ਰੋਸ ਮਾਰਚਾਂ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਗੱਡੀਆਂ ਦਾ ਕਾਫ਼ਲਾ ਸ਼ਾਮਲ ਸੀ, ਜਿਸ ਅੰਦਰ ਹਜ਼ਾਰਾਂ ਸੰਗਤਾਂ ਮੌਜੂਦ ਸਨ।ਸ਼੍ਰੋਮਣੀ ਕਮੇਟੀ ਵੱਲੋਂ ਅਯੋਜਿਤ ਕੀਤੇ ਗਏ ਇਨ੍ਹਾਂ ਰੋਸ ਕਾਫਲਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਅਧਿਕਾਰੀਆਂ, ਕਰਮਚਾਰੀਆਂ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੇ ਉਚ ਅਹੁਦੇਦਾਰਾਂ ਸਮੇਤ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਘਰਸ਼ ਦੀ ਕਾਮਯਾਬੀ ਲਈ ਕੀਤੀ ਅਰਦਾਸ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੁੱਜੇ ਪੰਥਕ ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰ ਰਹੇ ਸਨ, ਜਦਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚੱਲੇ ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ।ਇਸ ਤੋਂ ਇਲਾਵਾ ਹਰਿਆਣਾ ਤੋਂ ਪੁੱਜੇ ਰੋਸ ਮਾਰਚ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੰਗਤਾਂ ਸ਼ਾਮਲ ਸਨ। ਰੋਸ ਮਾਰਚ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣ ’ਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਇਸ ਮਗਰੋਂ ਅਰਦਾਸ ਹੋਈ।
ਜਦੋਂ ਵੀ ਕਿਸੇ ਨੇ ਚੁਣੌਤੀ ਦਿੱਤੀ ਤਾਂ ਸਿੱਖ ਕੌਮ ਮੂੰਹ ਤੋੜ ਜਵਾਬ ਦਿੱਤਾ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਧਰਮ ਅੰਦਰ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਲਈ ਪੰਥ ਵਿਰੋਧੀ ਸ਼ਕਤੀਆਂ ਤੇ ਸਰਕਾਰਾਂ ਵਿਰੁੱਧ ਭਾਰੀ ਰੋਸ ਹੈ, ਜੋ ਅੱਜ ਰੋਸ ਮਾਰਚ ਦੌਰਾਨ ਨਜ਼ਰ ਆਇਆ ਹੈ।ਉਨ੍ਹਾਂ ਕਿਹਾ ਕਿ ਵੱਖ-ਵੱਖ ਥਾਵਾਂ ਤੋਂ ਚੱਲੇ ਇਹ ਰੋਸ ਮਾਰਚ ਪੜਾਅ ਦਰ ਪੜਾਅ ਹੋਰ ਵੱਡੇ ਹੁੰਦੇ ਗਏ ਅਤੇ ਹਰੇਕ ਹਲਕੇ ਵਿਚ ਭਰਵਾਂ ਸਵਾਗਤ ਹੋਇਆ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਇਹ ਸੰਘਰਸ਼ ਦੀ ਮੁੱਢਲੀ ਰੂਪ ਰੇਖਾ ਤਹਿਤ ਪੰਥਕ ਰੋਸ ਪ੍ਰਗਟ ਕੀਤਾ ਹੈ, ਜਦਕਿ ਭਵਿੱਖ ਵਿਚ ਇਸ ਰੋਸ ਤੇ ਰੋਹ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਤਾਂ ਜੋ ਸਰਕਾਰਾਂ ਦੇ ਕੰਨਾਂ ਤੱਕ ਪੰਥਕ ਅਵਾਜ਼ ਪਹੁੰਚਾਈ ਜਾ ਸਕੇ।ਐਡਵੋਕੇਟ ਧਾਮੀ ਨੇ ਆਖਿਆ ਕਿ ਜਾਣਬੁਝ ਕੇ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਪੰਥ ਵਿਰੋਧੀ ਤਾਕਤਾਂ ਵੱਲੋਂ ਨਿਸ਼ਾਨੇ ’ਤੇ ਲਿਆ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕਰਾਂਗੇ।ਉਨ੍ਹਾਂ ਕਿਹਾ ਕਿ ਸਿੱਖ ਪੰਥ ਦੇਸ਼ ਲਈ ਹਮੇਸ਼ਾ ਲੜਦਾ ਅਤੇ ਕੁਰਬਾਨੀਆਂ ਕਰਦਾ ਆਇਆ ਹੈ ਅਤੇ ਕੌਮ ਦਾ ਇਹ ਵੀ ਇਤਿਹਾਸ ਹੈ ਕਿ ਜਦੋਂ ਵੀ ਇਸ ਨੂੰ ਕਿਸੇ ਨੇ ਚੁਣੌਤੀ ਦਿੱਤੀ ਤਾਂ ਇਸ ਨੇ ਲਾਮਬੰਦ ਹੋ ਕੇ ਮੂੰਹ ਤੋੜ ਜਵਾਬ ਦਿੱਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਫ਼ ਲਫ਼ਜ਼ਾਂ ਵਿਚ ਆਖਿਆ ਕਿ ਸਰਕਾਰਾਂ ਸ਼੍ਰੋਮਣੀ ਕਮੇਟੀ ਨੂੰ ਤੋੜਨ ਵਿਚ ਸਿੱਧੇ ਤੌਰ ’ਤੇ ਦਖ਼ਲ ਦੇ ਰਹੀਆਂ ਹਨ, ਜਿਸ ਦੇ ਵਿਰੁੱਧ ਸਿੱਖ ਪੰਥ ਹਰ ਮੰਚ ’ਤੇ ਅਵਾਜ਼ ਬੁਲੰਦ ਕਰਦਾ ਰਹੇਗਾ।ਉਨ੍ਹਾਂ ਰੋਸ ਮਾਰਚ ਦੌਰਾਨ ਸਹਿਯੋਗ ਕਰਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪੰਥਕ ਸ਼ਖ਼ਸੀਅਤਾਂ, ਜਥੇਬੰਦੀਆਂ ਤੇ ਸੰਗਤਾਂ ਦਾ ਧੰਨਵਾਦ ਕੀਤਾ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਸਿੱਖ ਕੌਮ ਦੇ ਦੁਸ਼ਮਣਾਂ ਵਿਰੁੱਧ ਸੰਘਰਸ਼ ਲਈ ਤਾਕਤ ਪ੍ਰਾਪਤ ਕਰਨ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਹੋ ਕੇ ਅਰਦਾਸ ਕੀਤੀ ਗਈ ਹੈ ਅਤੇ ਗੁਰੂ ਸਾਹਿਬ ਜ਼ਰੂਰ ਕਾਮਯਾਬੀ ਬਖ਼ਸ਼ਣਗੇ।ਉਨ੍ਹਾਂ ਆਖਿਆ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਲਈ ਪੰਥ ਵਿਰੋਧੀ ਤਾਕਤਾਂ ਨੇ ਵੱਡਾ ਹਮਲਾ ਕੀਤਾ ਹੈ, ਇਸ ਲਈ ਖਾਲਸਾ ਪੰਥ ਇਸ ਦਾ ਇਕਜੁਟ ਹੋ ਕੇ ਵਿਰੋਧ ਕਰਦਾ ਰਹੇਗਾ।ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇਸ਼ ਦੀ ਅਜ਼ਾਦੀ ਤੋਂ ਪਹਿਲਾਂ ਸਥਾਪਤ ਹੋਈ ਉਹ ਸਿੱਖ ਸੰਸਥਾ ਹੈ, ਜਿਸ ਨੇ ਇਸ ਦੇਸ਼ ਨੂੰ ਅਜ਼ਾਦ ਕਰਵਾਉਣ ਵਿਚ ਸੰਘਰਸ਼ ਦੀ ਨੀਂਹ ਰੱਖੀ ਸੀ।ਪਰੰਤੂ ਅੱਜ ਦੇਸ਼ ਦੀਆਂ ਸਰਕਾਰਾਂ ਹੀ ਇਸ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਕੇਵਲ ਗੁਰਦੁਆਰਾ ਸਾਹਿਬਾਨ ਹੀ ਨਹੀਂ ਕਰਦੀ, ਸਗੋਂ ਦੇਸ਼ ਅੰਦਰ ਆਈ ਹਰ ਆਫ਼ਤ ਸਮੇਂ ਮਨੁੱਖਤਾ ਦੀ ਭਲਾਈ ਲਈ ਵੀ ਮੋਹਰੀ ਰਹਿੰਦੀ ਹੈ। ਉਨ੍ਹਾਂ ਆਖਿਆ ਇਸ ਪ੍ਰਤੀਨਿਧ ਸਿੱਖ ਸੰਸਥਾ ਦੇ ਕਾਰਜ ਅਤੇ ਪ੍ਰਾਪਤੀਆਂ ਪੰਥ ਵਿਰੋਧੀ ਸ਼ਕਤੀਆਂ ਅਤੇ ਸਰਕਾਰਾਂ ਨੂੰ ਹਜ਼ਮ ਨਹੀਂ ਹੋ ਰਹੀਆਂ, ਇਸ ਲਈ ਸਾਰੇ ਇਕੱਠੇ ਹੋ ਕੇ ਸਿੱਖ ਪੰਥ ਦੀ ਤਾਕਤ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਮਨਸੂਬੇ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਚਾਲ ਵਿਚ ਸਿੱਖਾਂ ਦੀ ਦੁਸ਼ਮਣ ਜਮਾਤ ਕਾਂਗਰਸ ਦੇ ਨਾਲ-ਨਾਲ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਵੀ ਸ਼ਾਮਲ ਹੈ।ਉਨ੍ਹਾਂ ਸਿੱਖ ਪੰਥ ਨੂੰ ਅਪੀਲ ਕੀਤੀ ਕਿ ਆਪਣੀਆਂ ਸੰਸਥਾਵਾਂ, ਰਵਾਇਤਾਂ, ਇਤਿਹਾਸ, ਪ੍ਰੰਪਰਾਵਾਂ ਤੇ ਸਿਧਾਂਤਾਂ ’ਤੇ ਸੱਟ ਮਾਰਨ ਵਾਲੀਆਂ ਤਾਕਤਾਂ ਵਿਰੁੱਧ ਲਾਮਬੰਦ ਹੋ ਕੇ ਇਕਸੁਰ ਅਵਾਜ਼ ਬੁਲੰਦ ਕੀਤੀ ਜਾਵੇ, ਤਾਂ ਜੋ ਇਨ੍ਹਾਂ ਨੂੰ ਸਿੱਖ ਮਸਲਿਆਂ ਵਿਚ ਦਖ਼ਲ ਦੇਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼੍ਰੋਮਣੀ ਕਮੇਟੀ ਦੇ ਸੰਘਰਸ਼ ਵਿਚ ਹਰ ਪੱਧਰ ’ਤੇ ਸਹਿਯੋਗ ਕਰੇਗਾ ਅਤੇ ਪਿੰਡ ਪੱਧਰ ’ਤੇ ਲੋਕਾਂ ਨੂੰ ਲਾਮਬੰਦ ਵੀ ਕਰੇਗਾ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਰਘੂਜੀਤ ਸਿੰਘ ਵਿਰਕ, ਅਲਵਿੰਦਰਪਾਲ ਸਿੰਘ ਪੱਖੋਕੇ, ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਵਿਰਸਾ ਸਿੰਘ ਵਲਟੋਹਾ, ਚਰਨਜੀਤ ਸਿੰਘ ਬਰਾੜ, ਹੀਰਾ ਸਿੰਘ ਗਾਬੜੀਆ, ਇਕਬਾਲ ਸਿੰਘ ਝੂੰਦਾ, ਗੁਰਬਚਨ ਸਿੰਘ ਬੱਬੇਹਾਲੀ, ਅਮਰਜੀਤ ਸਿੰਘ ਬੰਡਾਲਾ, ਜਰਨੈਲ ਸਿੰਘ ਡੋਗਰਾਂਵਾਲਾ, ਗੁਰਿੰਦਰਪਾਲ ਸਿੰਘ ਗੋਰਾ, ਜੋਧ ਸਿੰਘ ਸਮਰਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗੁਰਬਚਨ ਸਿੰਘ ਕਰਮੂੰਵਾਲਾ, ਗੁਰਨਾਮ ਸਿੰਘ ਜੱਸਲ, ਭਾਈ ਅਜਾਇਬ ਸਿੰਘ ਅਭਿਆਸੀ, ਬਲਵਿੰਦਰ ਸਿੰਘ ਵੇਈਂਪੂਈਂ, ਬੀਬੀ ਗੁਰਿੰਦਰ ਕੋਰ ਭੋਲੂਵਾਲ, ਬਲਜੀਤ ਸਿੰਘ ਜਲਾਲਉਸਮਾਂ, ਗੁਰਪ੍ਰਤਾਪ ਸਿੰਘ ਟਿੱਕਾ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਿਜੈ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸੁਲੱਖਣ ਸਿੰਘ ਭੰਗਾਲੀ ਆਦਿ ਮੌਜੂਦ ਸਨ।

Check Also

ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ

ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …