Monday, March 31, 2025
Breaking News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇੇ ਅਕਾਲ ਤਖ਼ਤ ਸਾਹਿਬ ਤੋਂ ਸਜ਼ਾਇਆ ਵਿਸ਼ਾਲ ਨਗਰ ਕੀਰਤਨ

ਪ੍ਰਕਾਸ਼ ਪੁਰਬ ਮੌਕੇ ਫੁੱਲਾਂ ਨਾਲ ਸਜਾਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ  

ਅੰਮ੍ਰਿਤਸਰ, 10 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਨਾਲ ਹੋਈ।ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿਉਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ, ਤਾਂ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜ਼ੂਦ ਸਨ।ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸਜ਼ਜਾਇਆ ਗਿਆ, ਜਿਥੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ।ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸ਼ਰਧਾ ਪ੍ਰਗਟਾਈ ਅਤੇ ਬੇਅੰਤ ਲੰਗਰਾਂ ਦਾ ਪ੍ਰਬੰਧ ਕੀਤਾ ਹੋਇਆ ਸੀ। ਸਾਰੇ ਰਸਤੇ ਨਗਰ ਕੀਰਤਨ ਨਾਲ ਚੱਲਦੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ।
ਨਗਰ ਕੀਰਤਨ ’ਚ ਸ਼ਾਮਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ।
ਨਗਰ ਕੀਰਤਨ ਦੌਰਾਨ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਤੇ ਸੰਗਤਾਂ ਤੋਂ ਇਲਾਵਾ ਸ੍ਰ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਬੰਡਾਲਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਮਰਜੀਤ ਸਿੰਘ ਚਾਵਲਾ, ਜਗਸੀਰ ਸਿੰਘ ਮਾਂਗੇਆਣਾ, ਗੁਰਮੀਤ ਸਿੰਘ ਬੂਹ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਬਾਵਾ ਸਿੰਘ ਗੁਮਾਨਪੁਰਾ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਵਾਲੇ, ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ, ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ, ਫੈਡਰੇਸ਼ਨ ਆਗੂ ਅਮਰਬੀਰ ਸਿੰਘ ਢੋਟ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਬਿਜੈ ਸਿੰਘ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਹਰਜਿੰਦਰ ਸਿੰਘ ਕੈਰੋਂਵਾਲ, ਗੁਰਿੰਦਰ ਸਿੰਘ ਮਥਰੇਵਾਲ, ਹਰਜੀਤ ਸਿੰਘ ਲਾਲੂਘੁੰਮਣ, ਗੁਰਮੀਤ ਸਿੰਘ ਬੁੱਟਰ, ਸਤਨਾਮ ਸਿੰਘ ਮਾਂਗਾਸਾਰਾਏ, ਨਿਰਵੈਲ ਸਿੰਘ, ਗੁਰਦਿਆਲ ਸਿੰਘ, ਗੁਰਚਰਨ ਸਿੰਘ ਕੋਹਾਲਾ, ਕੁਲਦੀਪ ਸਿੰਘ ਰੋਡੇ, ਪਰਮਜੀਤ ਸਿੰਘ ਹਰਿਆਣਾ, ਲਖਬੀਰ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਹਰਪ੍ਰੀਤ ਸਿੰਘ, ਸਤਨਾਮ ਸਿੰਘ, ਬਘੇਲ ਸਿੰਘ, ਜਗਤਾਰ ਸਿੰਘ, ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ, ਜਗਪਾਲ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਦੇਸ਼ ਵਿਦੇਸ਼ ਤੋਂ ਲਿਆਂਦੇ ਫੁੱਲਾਂ ਨਾਲ ਸਜਾਇਆ ਗਿਆ ਹੈ।ਦੇਸ਼ ਵਿਦੇਸ਼ ਤੋਂ ਮੰਗਵਾਏ ਗਏ ਵੱਖ-ਵੱਖ ਕਿਸਮਾਂ ਦੇ ਵੱਡੀ ਮਾਤਰਾ ਵਿਚ ਫੁੱਲ ਸ੍ਰੀ ਦਰਬਾਰ ਸਾਹਿਬ ਦੇ ਵੱਖ-ਵੱਖ ਹਿੱਸਿਆਂ ਵਿਚ ਸੰਗਤ ਲਈ ਖਿੱਚ ਦਾ ਕੇਂਦਰ ਬਣੇ ਹਨ।ਫੁੱਲਾਂ ਦੀ ਸਜਾਵਟ ਮੁੰਬਈ ਦੀਆਂ ਸੰਗਤਾਂ ਨੇ ਕੀਤੀ ਹੈ ਅਤੇ ਕਰੀਬ 30 ਟਨ ਫੁੱਲਾਂ ਦੀ ਵਰਤੋਂ ਹੋਈ ਹੈ।ਇਸ ਕਾਰਜ਼ ਲਈ ਕਲਕੱਤਾ ਅਤੇ ਦਿੱਲੀ ਤੋਂ 100 ਦੇ ਕਰੀਬ ਕਾਰੀਗਰ ਲਗਾਏ ਗਏ ਸਨ।

Check Also

ਮੁੱਖ ਮੰਤਰੀ ਮਾਨ ਨੇ ਬਜ਼ਟ ਵਿੱਚ ਐਸ.ਸੀ ਭਾਈਚਾਰੇ ਨੂੰ ਦਿੱਤੀਆਂ ਵਿਸ਼ੇਸ਼ ਰਿਆਇਤਾਂ-ਵਿਧਾਇਕ ਟੌਂਗ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਭਗਵੰਤ ਸਿੰਘ ਮਾਨ ਦੀ ਸਰਕਾਰ ਦੌਰਾਨ ਚੌਥੀ ਵਾਰ ਹਰਪਾਲ …