Friday, July 4, 2025
Breaking News

ਸ਼੍ਰੋਮਣੀ ਕਮੇਟੀ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਗਠਨ ਕਰੇਗੀ- ਅੰਤ੍ਰਿੰਗ ਕਮੇਟੀ

ਵੱਖ-ਵੱਖ ਦੇਸ਼ਾਂ ਤੇ ਦਿੱਲੀ ਵਿਚ ਖੋਲ੍ਹੇ ਜਾਣਗੇ ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ’ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਬੋਰਡ ਵੱਖ-ਵੱਖ ਦੇਸ਼ਾਂ ਦੇ ਸਿੱਖ ਨੁਮਾਇੰਦਿਆਂ ’ਤੇ ਅਧਾਰਿਤ ਹੋਵੇਗਾ, ਜੋ ਵਿਦੇਸ਼ਾਂ ’ਚ ਵੱਸਦੇ ਸਿੱਖਾਂ ਦੇ ਮਸਲਿਆਂ ਅਤੇ ਮੁਸ਼ਕਲਾਂ ਦੇ ਹੱਲ ਲਈ ਯਤਨ ਕਰੇਗਾ ਅਤੇ ਸਥਾਨਕ ਗੁਰਦੁਆਰਾ ਕਮੇਟੀਆਂ ਦਾ ਧਰਮ ਪ੍ਰਚਾਰ ਲਈ ਵੀ ਸਹਿਯੋਗ ਕਰੇਗਾ।ਇਹ ਫੈਸਲਾ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਹੈ।ਇਸ ਇਕੱਤਰਤਾ ਦੌਰਾਨ ਵੱਖ-ਵੱਖ ਦੇਸ਼ਾਂ ਅੰਦਰ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਖੋਲ੍ਹਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕੱਤਰਤਾ ਮਗਰੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖ ਪੂਰੀ ਦੁਨੀਆਂ ਵਿਚ ਵੱਸੇ ਹੋਏ ਹਨ ਅਤੇ ਇਹ ਰੁਝਾਨ ਹੋਰ ਤੇਜ਼ ਹੋ ਰਿਹਾ ਹੈ।ਇਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਿਸ਼ਵ ਵਿਆਪੀ ਸਿੱਖ ਮਸਲਿਆਂ ਦੀ ਬੇਹਤਰ ਪੈਰਵਾਈ ਲਈ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਸਥਾਪਤ ਕਰੇਗੀ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਦੇਸ਼ਾਂ ਅੰਦਰ ਸ਼੍ਰੋਮਣੀ ਕਮੇਟੀ ਆਪਣੇ ਦਫ਼ਤਰ ਵੀ ਬਣਾਏਗੀ, ਤਾਂ ਜੋ ਸਥਾਨਕ ਪੱਧਰ ’ਤੇ ਸਿੱਖ ਸੰਗਤਾਂ ਨਾਲ ਸਿੱਧੇ ਤੌਰ ’ਤੇ ਸੌਖਿਆਂ ਰਾਬਤਾ ਕਾਇਮ ਕੀਤਾ ਜਾ ਸਕੇ।ਉਨ੍ਹਾਂ ਆਖਿਆ ਕਿ ਵੱਖ-ਵੱਖ ਦੇਸ਼ਾਂ ਅੰਦਰ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬ ਸਥਾਪਤ ਕਰਕੇ ਉਨ੍ਹਾਂ ’ਚ ਉੱਪ ਦਫ਼ਤਰ ਬਣਾਏਗੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਬੀਤੇ ਸਮੇਂ ’ਚ ਯੂਬਾ ਸਿਟੀ ਅਮਰੀਕਾ ’ਚ ਪਹਿਲਾਂ ਹੀ ਕਾਰਵਾਈ ਆਰੰਭੀ ਹੋਈ ਹੈ, ਜਿਸ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਹੋਰਨਾਂ ਦੇਸ਼ਾਂ ’ਚ ਵੀ ਉੱਪ ਦਫ਼ਤਰ ਸਥਾਪਤ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਦੇਸ਼ ਦੀ ਰਾਜਧਾਨੀ ਦਿੱਲੀ ਅੰਦਰ ਵੀ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬ ਬਣਾ ਕੇ ਉਥੇ ਵੀ ਉੱਪ ਦਫ਼ਤਰ ਖੋਲ੍ਹੇਗੀ।ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਦਿੱਲੀ ‘ਚ ਇਕ ਗੁਰਦੁਆਰਾ ਸਾਹਿਬ ਬਣਾਇਆ ਜਾਵੇਗਾ, ਜਿਸ ਵਿਚ ਸਰਾਂਵਾਂ ਦਾ ਵੀ ਪ੍ਰਬੰਧ ਹੋਵੇਗਾ।ਉਨ੍ਹਾਂ ਕਿਹਾ ਕਿ ਦਿੱਲੀ ਅੰਦਰ ਸਿੱਖ ਮਸਲਿਆਂ ਨੂੰ ਕੇਂਦਰ ਸਰਕਾਰ ਤੱਕ ਪੁਖਤਗੀ ਨਾਲ ਪਹੁੰਚਾਉਣ ਲਈ ਸਥਾਨਕ ਪੱਧਰ ’ਤੇ ਬਣਾਇਆ ਜਾਣ ਵਾਲਾ ਦਫ਼ਤਰ ਸੇਵਾਵਾਂ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਵਿਖੇ ਸਿੱਖ ਮਿਸ਼ਨ ਕਾਰਜਸ਼ੀਲ ਹੈ, ਜੋ ਸਿੱਖੀ ਪ੍ਰਚਾਰ ਦੇ ਕਾਰਜ ਕਰ ਰਿਹਾ ਹੈ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …