ਕੈਬੀਨਟ ਮੰਤਰੀ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੇ ਜਾਇਜ਼ੇ ਲਈ ਮੰਡੀਆਂ ਦਾ ਦੌਰਾ
ਰਈਆ/ ਜੰਡਿਆਲਾ ਗੁਰੂ, 14 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖੱਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਬਾਰੇ ਗੱਲਬਾਤ ਕਰਦੇ ਦੱਸਿਆ ਕਿ ਇਸ ਵਾਰ ਝੋਨੇ ਦੀ ਅਦਾਇਗੀ ਦਿਨਾਂ ਵਿੱਚ ਨਹੀਂ ਕੇਵਲ ਘੰਟਿਆਂ ਵਿੱਚ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 1943 ਕਰੋੜ ਰੁਪਏ ਕਿਸਾਨਾਂ ਦੇ ਖਾਤੇ ਵਿੱਚ ਭੇਜੇ ਜਾ ਚੁੱਕੇ ਹਨ।ਝੋਨੇ ਦੀ ਫ਼ਸਲ ਦੀ ਸਰਕਾਰੀ ਖਰੀਦ ਲਈ ਅੰਮ੍ਰਿਤਸਰ ਜ਼ਿਲੇ ’ਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਰਈਆ ਅਤੇ ਜੰਡਿਆਲਾ ਗੁਰੂ ਦਾਣਾ ਮੰਡੀਆਂ ਦਾ ਦੌਰਾ ਕਰਨ ਮਗਰੋਂ ਖਰੀਦ ਪ੍ਰਬੰਧਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਕਟਾਰੂਚੱਕ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਹੁਣ ਤੱਕ 18.5 ਮੀਟਿਰਕ ਟਨ ਝੋਨਾ ਮੰਡੀਆਂ ਵਿੱਚ ਆਇਆ ਹੈ, ਜਿਸ ਵਿਚੋਂ 17.5 ਮੀਟਿਰਕ ਟਨ ਦੀ ਖਰੀਦ ਅਤੇ 7.5 ਮੀਟਿਰਕ ਟਨ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਵਜੋਂ 1943 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਜਾ ਚੁੱਕੇ ਹਨ, ਜੋ ਕਿ ਖਰੀਦ ਦੇ ਚੰਦ ਘੰਟਿਆਂ ਬਾਅਦ ਹੀ ਕੀਤੀ ਜਾ ਰਹੀ ਹੈ।
ਉਨਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਚੰਗੀ ਤਰਾਂ ਪੱਕੀ ਫ਼ਸਲ ਦੀ ਹੀ ਵਾਢੀ ਕੀਤੀ ਜਾਵੇ ਤਾਂ ਜੋ ਇਸ ’ਚ ਨਮੀਂ ਦੀ ਮਾਤਰਾ ਜ਼ਿਆਦਾ ਨਾ ਹੋਵੇ ਤੇ ਖਰੀਦ ਏਜੰਸੀਆਂ ਵਲੋਂ ਇਸ ਨੂੰ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਜਾ ਸਕੇ।
ਕੈਬਨਿਟ ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਖਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।ਅੰਮ੍ਰਿਤਸਰ 19ਵਾਂ ਜ਼ਿਲ੍ਹਾ ਹੈ ਜਿਥੇ ਉਨ੍ਹਾਂ ਵੱਲੋਂ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਅਤੇ ਕਿਸਾਨਾਂ ਤੇ ਆੜਤੀਆਂ ਆਦਿ ਨਾਲ ਖਰੀਦ ਪ੍ਰਬੰਧਾਂ ਦੀ ਜਾਣਕਾਰੀ ਲਈ ਗਈ ਹੈ।
ਰਈਆ ਦਾਣਾ ਮੰਡੀ ਵਿੱਚ ਖਰੀਦ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕਰਦੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਵਰਗ ਜਿਨਾਂ ’ਚ ਆੜਤੀ, ਮਜ਼ਦੂਰ, ਟਰਾਂਸਪੋਰਟਰ ਆਦਿ ਵੀ ਸ਼ਾਮਲ ਹਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।
ਡੀ.ਐਫ.ਸੀ ਸ੍ਰੀਮਤੀ ਸੰਜੋਗਤਾ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਜਿਲੇ ਅੰਦਰ ਝੋਨੇ ਦੀ ਖਰੀਦ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਕਿਸਾਨ ਸੇਵਾ ਕੇਦਰ, ਸਿਹਤ ਸੇਵਾ ਕੇਂਦਰ ਅਤੇ ਹੈਲਪਲਾਈਨ ਨੰਬਰ ਸਥਾਪਿਤ ਕੀਤੇ ਗਏ ਹਨ ਤਾਂ ਜੋ ਜਦੋਂ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਰਾਬਤਾ ਕਰ ਸਕਣ।
ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ, ਮੈਡਮ ਸੁਹਿਦਰ ਕੌਰ ਧਰਮ ਪਤਨੀ ਕੈਬਿਨਟ ਮੰਤਰੀ ਹਰਭਜਨ ਸਿੰਘ, ਐਸ.ਡੀ.ਐਮ ਸ੍ਰੀਮਤੀ ਅਲਕਾ ਕਾਲੀਆ, ਸਕੱਤਰ ਮਾਰਕਿਟ ਕਮੇਟੀ ਬਲਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ।