ਨਿਯਮਾਂ ਦਾ ਪਾਲਣ ਕਰਨਾ ਹਰੇਕ ਨਾਗਰਿਕ ਦਾ ਮੁੱਢਲਾ ਫਰਜ਼ -ਤੇਜਿੰਦਰ ਸਿੰਘ
ਸਮਰਾਲਾ, 15 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸੰਤ ਕ੍ਰਿਪਾਲ ਸਿੰਘ ਸੇਵਾ ਪੰਥੀ ਪਬਲਿਕ ਸਕੂਲ ਨੀਲੋਂ ’ਚ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸੈਮੀਨਾਰ ਕਰਵਾਇਆ ਗਿਆ।ਟ੍ਰੈਫ਼ਿਕ ਇੰਚਾਰਜ ਸਮਰਾਲਾ ਤੇਜਿੰਦਰ ਸਿੰਘ ਤੇ ਬਲਦੇਵ ਸਿੰਘ ਵਲੋਂ ਪ੍ਰਿੰਸੀਪਲ ਜਸਵੀਰ ਕੌਰ ਮਾਨ ਦੇ ਸਹਿਯੋਗ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਸੜਕਾਂ ’ਤੇ ਵਾਹਨਾਂ ਨੂੰ ਚਲਾਉਣ ਅਤੇ ਪੈਦਲ ਤੁਰਨ ਦੇ ਨਿਯਮਾਂ ਤੋਂ ਜਾਣੂ ਕਰਵਾਇਆ ਅਤੇ ਸਮੇਂ ਇਨ੍ਹਾਂ ਦੀ ਪਾਲਣਾ ਕਰਨ ਲਈ ਕਿਹਾ।ਉਨਾਂ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਜੁਰਮਾਨੇ ਬਾਰੇ ਵੀ ਜਾਣਕਾਰੀ ਦਿੱਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਪੰਜਾਬ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ ਲਈ ਪ੍ਰੇਰਿਤ ਕੀਤਾ।ਸਕੂਲ ਅਧਿਆਪਕਾ ਜਸਪ੍ਰੀਤ ਕੌਰ ਮਾਂਗਟ ਨੇ ਟ੍ਰੈਫ਼ਿਕ ਟੀਮ ਸਮਰਾਲਾ ਦਾ ਧੰਨਵਾਦ ਕੀਤਾ। ਟ੍ਰੈਫ਼ਿਕ ਇੰਚਾਰਜ ਸਮਰਾਲਾ ਤੇਜਿੰਦਰ ਸਿੰਘ ਅਤੇ ਬਲਦੇਵ ਸਿੰਘ ਵਲੋਂ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਕਿਤਾਬਾਂ ਵੀ ਵੰਡੀਆਂ ਗਈਆਂ।