ਜਿਲ੍ਹੇ ਦੇ ਹਰੇਕ ਪਿੰਡ ਵਿੱਚ ਸਥਿਤ ਮੰਦਿਰ ਤੇ ਗੁਰਦੁਆਰਿਆਂ ‘ਚ ਅਨਾਉਂਸਮੈਂਟ ਕਰਕੇ ਕੀਤਾ ਜਾਵੇਗਾ ਜਾਗਰੂਕ
ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਵਾਤਾਵਰਣ ਦੀ ਸੰਭਾਲ ਲਈ ਚਲਾਈ ਮੁਹਿੰਮ ਅਧੀਨ ਜਿਲ੍ਹੇ ਅੰਦਰ ਜਿਆਦਾ ਤੋਂ ਜਿਆਦਾ ਕਿਸਾਨਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ, ਅਤੇ ਕਿਸਾਨਾਂ ਨੂੰੰ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਵਾਤਾਵਰਣ ਦੀ ਸੰਭਾਲ ਕਰਦਿਆਂ ਖੇਤਾਂ ਅੰਦਰ ਪਰਾਲੀ ਜਾਂ ਹੋਰ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਨਾ ਲਗਾਈ ਜਾਵੇ।ਹੁਣ ਜਿਲ੍ਹਾ ਪਠਾਨਕੋਟ ਵਿੱਚ ਆਉਣ ਵਾਲੇ ਦਿਨ੍ਹਾਂ ਦੋਰਾਨ ਇਸ ਮੂਹਿੰਮ ਨੂੰ ਹੋਰ ਵੀ ਤੇਜ਼ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੇ ਇਹ ਪ੍ਰਗਟਾਵਾ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਲਾਕ ਵਿਕਾਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ।ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ, ਬਲਰਾਜ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਯੁਧਵੀਰ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਤੇ ਹੋਰ ਸਬੰਧਤ ਵਿਭਾਗਾਂ ਦੇ ਵੱਖ-ਵੱਖ ਜਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਨੂੰ ਪੂਰੀ ਤਰ੍ਹਾਂ ਨਾਲ ਪ੍ਰਦੂਸ਼ਣ ਮੁਕਤ ਬਣਾਉਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਖੇਤਾਂ ਅੰਦਰ ਪਰਾਲੀ ਨੂੰ ਅੱਗ ਲਗਾ ਕੇ ਕਿਸਾਨ ਅਪਣੇ ਥੋੜੇ ਜਿਹੇ ਲਾਭ ਲਈ ਬਹੁਤ ਵੱਡਾ ਨੁਕਸਾਨ ਕਰ ਜਾਂਦੇ ਹਨ, ਖੇਤਾਂ ਅੰਦਰ ਪਰਾਲੀ ਸਾੜਨ ਦੇ ਨਾਲ ਹੀ ਫਸਲਾਂ ਦੇ ਮਿੱਤਰ ਕੀੜੇ ਵੀ ਸੜ ਜਾਂਦੇ ਹਨ ਅਤੇ ਇਸ ਦੇ ਨਤੀਜੇ ਸਾਨੂੰ ਭਵਿੱਖ ‘ਚ ਭੋਗਣੇ ਪੈਂਦੇ ਹਨ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਖੇਤਾਂ ਅੰਦਰ ਨਾ ਸਾੜਨ ਲਈ ਜਾਗਰੂਕ ਕਰਨ ਲਈ ਚਲਾਈ ਮੁਹਿੰਮ ਅਧੀਨ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ ਦੀ ਨਿਗਰਾਨੀ ਵਿੱਚ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਦੀ ਸਹਾਇਤਾਂ ਨਾਲ ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸਥਿਤ ਗੁਰਦੁਆਰਿਆਂ ਅਤੇ ਮੰਦਿਰਾਂ ‘ਚ ਅਨਾਊਂਸਮੈਂਟ ਕਰਵਾਏ ਜਾਣਗੇ ਅਤੇ ਕਿਸਾਨਾਂ ਨੂੰ ਖੇਤਾਂ ਅੰਦਰ ਪਰਾਲੀ ਨਾ ਸਾੜਨ ਲਈ ਜਾਗਰੁਕ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪਰਾਲੀ ਨਾ ਸਾੜਨ ਲਈ ਜਿਲ੍ਹੇ ਅੰਦਰ ਕੰਮ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪਿੰਡਾਂ ‘ਚ ਕਿਸਾਨਾਂ ਦੀਆਂ ਮੀਟਿੰਗਾਂ ਕਰਕੇ ਪੰਚਾਇਤ ਵਲੋਂ ਮਤੇ ਪਾਏ ਜਾਣਗੇ ਅਤੇ ਪ੍ਰਣ ਲਿਆ ਜਾਵੇਗਾ ਕਿ ਕਿਸਾਨ ਆਪਣੇ ਖੇਤਾਂ ਅੰਦਰ ਪਰਾਲੀ ਅਤੇ ਹੋਰ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਨਹੀਂ ਲਗਾਉਣਗੇ।