Sunday, June 15, 2025
Breaking News

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰ ਅਹੁੱਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 9 ਨਵੰਬਰ ਨੂੰ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਕਮੇਟੀ ਦੇ ਮਾਮਲੇ ਬਾਰੇ ਸੁਪਰੀਮ ਕੋਰਟ ’ਚ ਪਾਈ ਨਜ਼ਰਸਾਨੀ ਪਟੀਸ਼ਨ – ਐਡਵੋਕੇਟ ਧਾਮੀ

ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁੱਦੇਦਾਰਾਂ ਅਤੇ ਕਾਰਜਕਾਰਨੀ ਕਮੇਟੀ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 9 ਨਵੰਬਰ ਨੂੰ ਹੋਵੇਗਾ।ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ।ਜਨਰਲ ਇਜਲਾਸ ਦੁਪਹਿਰ 1.00 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤਿ੍ਰੰਗ ਕਮੇਟੀ ਮੈਂਬਰ ਚੁਣੇ ਜਾਣਗੇ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸੱਦੀ ਪ੍ਰੈਸ ਕਾਨਫਰੰਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰ ਸਾਲ ਨਵੰਬਰ ਮਹੀਨੇ ਵਿਚ ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰ ਚੁਣੇ ਜਾਂਦੇ ਹਨ, ਜਿਸ ਤਹਿਤ ਇਸ ਵਾਰ ਇਜਲਾਸ 9 ਨਵੰਬਰ ਨੂੰ ਹੋਵੇਗਾ।
ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਹੁੰਦਿਆਂ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਪੰਥਕ ਮਰਯਾਦਾ ਅਨੁਸਾਰ ਕਰਨ ਦੇ ਨਾਲ-ਨਾਲ ਕੌਮੀ ਮਸਲਿਆਂ ਦੀ ਪੈਰਵਾਈ ਲਈ ਵੀ ਹਮੇਸ਼ਾਂ ਯਤਨਸ਼ੀਲ ਰਹਿੰਦੀ ਹੈ ਅਤੇ ਇਸ ਤਹਿਤ ਆਪਣੇ ਫ਼ਰਜ਼ ਬਾਖੂਬੀ ਨਿਭਾਅ ਰਹੀ ਹੈ।ਉਨ੍ਹਾਂ ਕਿਹਾ ਕਿ ਮੌਜ਼ੂਦਾ ਸਮੇਂ ਦਾ ਅਤਿ ਅਹਿਮ ਮਾਮਲਾ ਬੰਦੀ ਸਿੰਘਾਂ ਦੀ ਰਿਹਾਈ ਦਾ ਹੈ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਸੰਜ਼ੀਦਾ ਹੈ।ਇਸ ਸਬੰਧ ਵਿੱਚ ਸੀਨੀਅਰ ਵਕੀਲਾਂ ਦੀ ਇਕ ਪੰਜ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ, ਜੋ ਸਾਰੇ ਮਾਮਲੇ ਨੂੰ ਕਾਨੂੰਨੀ ਪੱਖ ਤੋਂ ਅੱਗੇ ਵਧਾਉਣ ਲਈ ਕਾਰਜ਼ ਕਰੇਗੀ।ਇਸ ਦੇ ਨਾਲ ਹੀ ਸਿੱਖ ਵਿਦਵਾਨਾਂ ਅਤੇ ਸੀਨੀਅਰ ਵਕੀਲਾਂ ਦੀ ਬੈਠਕ ਵੀ ਜਲਦ ਸੱਦੀ ਜਾਵੇਗੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਵਿਰੁੱਧ ਵੀ ਵਿਦਵਾਨਾਂ ਅਤੇ ਵਕੀਲਾਂ ਦੀ ਬੈਠਕ ਵਿਚ ਵਿਚਾਰ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ‘ਚ ਬੀਤੇ ਕੱਲ੍ਹ ਨਜ਼ਰਸਾਨੀ ਪਟੀਸ਼ਨ ਦਰਜ਼ ਕਰ ਦਿੱਤੀ ਗਈ ਹੈ ਅਤੇ ਹਰਿਆਣਾ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰ ਹਰਭਜਨ ਸਿੰਘ ਮਸਾਣਾਂ ਵੱਲੋਂ ਵੀ ਇਕ ਰੀਵਿਊ ਪਟੀਸ਼ਨ ਅੱਜ ਪਾਈ ਜਾਵੇਗੀ।ਉਨ੍ਹਾਂ ਕਿਹਾ ਕਿ 27 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਦੇ ਸਮਾਗਮ ਕੀਤੇ ਜਾ ਰਹੇ ਹਨ, ਜਿਸ ਵਿਚ ਪੰਥਕ ਇਕੱਠ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਅਤੇ ਹਰਿਆਣਾ ਕਮੇਟੀ ਦਾ ਮਾਮਲਾ ਵੀ ਵਿਚਾਰਿਆ ਜਾਵੇਗਾ।ਇਸ ਇਕੱਠ ਵਿਚ ਵੱਧ ਤੋਂ ਵੱਧ ਜਥੇਬੰਦੀਆਂ ਅਤੇ ਪੰਥ ਦਰਦੀ ਸ਼ਾਮਲ ਹੋਣ, ਤਾਂ ਜੋ ਅਗਲੇ ਪ੍ਰੋਗਰਾਮ ਐਲਾਨੇ ਜਾ ਸਕਣ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …